Your Advertisement
ਪੰਜਾਬ ਚ ਲੋਕ ਸਭਾ ਚੋਣਾਂ ਇਕੱਲੇ ਲੜਾਂਗੇ: ਕੇਜਰੀਵਾਲ

ਬਠਿੰਡਾ - ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇਥੇ ਆਖਿਆ ਕਿ ਪਾਰਟੀ ਆਉਂਦੀਆਂ ਲੋਕ ਸਭਾ ਚੋਣਾਂ ਪੰਜਾਬ ’ਚ ਆਪਣੇ ਦਮ ’ਤੇ ਇਕੱਲਿਆਂ ਲੜੇਗੀ। ਉਨ੍ਹਾਂ ਸਾਫ਼ ਕੀਤਾ ਕਿ ਲੋਕ ਸਭਾ ਚੋਣਾਂ ’ਚ ‘ਆਪ’ ਵੱਲੋਂ ਸੂਬੇ ਵਿੱਚ ਕਿਸੇ ਵੀ ਸਿਆਸੀ ਧਿਰ ਨਾਲ ਗੱਠਜੋੜ ਨਹੀਂ ਕੀਤਾ ਜਾਵੇਗਾ ਅਤੇ ਸਾਰੀਆਂ ਸੀਟਾਂ ’ਤੇ ਪਾਰਟੀ ਦੇ ਉਮੀਦਵਾਰ ਉਤਾਰੇ ਜਾਣਗੇ। ਉਨ੍ਹਾਂ ‘ਆਪ’ ਦੇ ਆਗਾਮੀ ਚੋਣਾਂ ’ਚ ਤੀਸਰੇ ਬਦਲ ਵਜੋਂ ਉਭਰਨ ਦੀ ਗੱਲ ਵੀ ਆਖੀ। ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਸਰਕਾਰ ਲੋਕਾਂ ਨਾਲ ਝੂਠ ਬੋਲ ਕੇ ਸੱਤਾ ਵਿੱਚ ਆਈ ਜਿਸ ਦੀ ਹੁਣ ਪੋਲ ਖੁੱਲ੍ਹ ਚੁੱਕੀ ਹੈ। ਸ੍ਰੀ ਕੇਜਰੀਵਾਲ ਅਤੇ ਦਿੱਲੀ ਦੇ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਬਠਿੰਡਾ ’ਚ ‘ਆਪ’ ਦੀ ਵਿਧਾਇਕ ਰੁਪਿੰਦਰ ਕੌਰ ਰੂਬੀ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਏ ਹੋਏ ਸਨ। ਗ਼ੈਰਰਸਮੀ ਗੱਲਬਾਤ ਦੌਰਾਨ ਉਨ੍ਹਾਂ ਆਖਿਆ,‘‘ਪੰਜਾਬ ਵਿੱਚ ਸੱਤਾ ਜ਼ਰੂਰ ਬਦਲੀ ਪ੍ਰੰਤੂ ਹੋਰ ਕੁੱਝ ਵੀ ਨਹੀਂ ਬਦਲਿਆ ਹੈ। ਨਸ਼ਿਆਂ ਦੀ ਵਿਕਰੀ ਉਵੇਂ ਹੀ ਜਾਰੀ ਹੈ। ਰੁਜ਼ਗਾਰ ਸਰਕਾਰ ਦੇ ਨਹੀਂ ਸਕੀ ਅਤੇ ਕਿਸਾਨਾਂ ਦਾ ਪੂਰਾ ਕਰਜ਼ਾ ਸਿਰ ’ਤੇ ਖੜ੍ਹਾ ਹੈ।’’ ਉਨ੍ਹਾਂ ਆਖਿਆ ਕਿ ਅਸਲ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਆਪਸ ਵਿੱਚ ਰਲੇ ਹੋਏ ਹਨ ਅਤੇ ਅਜਿਹੇ ਮਾਹੌਲ ਵਿੱਚ ‘ਆਪ’ ਤੀਸਰੇ ਬਦਲ ਵਜੋਂ ਉਭਰੇਗੀ। ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਦੀ ਮਕਬੂਲੀਅਤ ਪੰਜਾਬ ਵਿੱਚ ਘਟੀ ਨਹੀਂ ਹੈ। ਸ੍ਰੀ ਕੇਜਰੀਵਾਲ ਨੇ ਖਹਿਰਾ ਧੜੇ ਦੇ ਸੁਆਲ ’ਤੇ ਕੋਈ ਬਹੁਤਾ ਵਿਸਥਾਰ ’ਚ ਗੱਲ ਨਹੀਂ ਕੀਤੀ ਪ੍ਰੰਤੂ ਉਨ੍ਹਾਂ ਇਹ ਜ਼ਰੂਰ ਆਖਿਆ ਕਿ ਜਲਦੀ ਹੀ ਸਾਰੇ ਇਕੱਠੇ ਦਿਖਣਗੇ। ਉਨ੍ਹਾਂ ਆਖਿਆ ਕਿ ਕੈਪਟਨ ਸਰਕਾਰ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿੱਚ ਦੋਸ਼ੀ ਪਾਏ ਗਏ ਲੋਕਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਹੈ। ਇਸੇ ਤਰ੍ਹਾਂ ਸਰਕਾਰ ਨੇ ਨਵਾਂ ਰੁਜ਼ਗਾਰ ਤਾਂ ਕੀ ਪੈਦਾ ਕਰਨਾ ਸੀ ਬਲਕਿ ਅਧਿਆਪਕਾਂ ਨੂੰ ਪੂਰੀ ਤਨਖ਼ਾਹ ਦੇਣ ਤੋਂ ਵੀ ਉਹ ਭੱਜ ਗਈ ਹੈ। ਸ੍ਰੀ ਕੇਜਰੀਵਾਲ ਨੇ ‘ਆਪ’ ਵਿਧਾਇਕ ਨਰੇਸ਼ ਯਾਦਵ ਨੂੰ ਅੱਜ ਸੰਗਰੂਰ ਜ਼ਿਲ੍ਹੇ ਦੀ ਅਦਾਲਤ ’ਚੋਂ ਰਾਹਤ ਮਿਲਣ ’ਤੇ ਟਿੱਪਣੀ ਕਰਦਿਆਂ ਕਰਦਿਆਂ ਕਿਹਾ ਕਿ ਅਦਾਲਤ ਦੇ ਫ਼ੈਸਲੇ ਨੇ ਸੱਚ ’ਤੇ ਮੋਹਰ ਲਾਈ ਹੈ। ਪਰਾਲੀ ਦੇ ਮੁੱਦੇ ਬਾਰੇ ਦਿੱਲੀ ਦੇ ਮੁੱਖ ਮੰਤਰੀ ਨੇ ਆਖਿਆ ਕਿ ਉਹ ਕੇਂਦਰੀ ਮੰਤਰੀ ਹਰਸ਼ਵਰਧਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਮਿਲੇ ਸਨ ਜਿਨ੍ਹਾਂ ਨੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਗੱਲ ਆਖੀ ਸੀ ਪ੍ਰੰਤੂ ਹਾਲੇ ਤੱਕ ਹਕੀਕੀ ਰੂਪ ਵਿੱਚ ਕਿਸੇ ਨੇ ਕੁੱਝ ਨਹੀਂ ਕੀਤਾ ਹੈ। ਪਤਾ ਲੱਗਾ ਹੈ ਕਿ ਕੇਜਰੀਵਾਲ ਨੇ ਅੱਜ ਪਾਰਟੀ ਵਿਧਾਇਕਾਂ ਨਾਲ ਪੰਜਾਬ ਦੀ ਰਣਨੀਤੀ ਬਾਬਤ ਕੁੱਝ ਨੁਕਤੇ ਵੀ ਸਾਂਝੇ ਕੀਤੇ ਹਨ ਜਿਨ੍ਹਾਂ ’ਚੋਂ ਕੁੱਝ ਖਹਿਰਾ ਧੜੇ ਨਾਲ ਸਬੰਧਤ ਹਨ। ਸ੍ਰੀ ਕੇਜਰੀਵਾਲ ਨਾਲ ਸੰਸਦ ਮੈਂਬਰ ਭਗਵੰਤ ਮਾਨ ਵੀ ਹਾਜ਼ਰ ਸਨ।
ਫੂਲਕਾ ਵਿਧਾਨ ਸਭਾ ਤੋਂ ਅੱਜ ਅਸਤੀਫ਼ਾ ਦੇਣਗੇ
ਚੰਡੀਗੜ੍ਹ - ਪੰਜਾਬ ਦੇ ਦਾਖਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਐਚ ਐਸ ਫੂਲਕਾ ਨੇ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫ਼ਾ ਦੇਣ ਦੇ ਮਹੀਨਾ ਭਰ ਪਹਿਲਾਂ ਕੀਤੇ ਐਲਾਨ ਨੂੰ ਅਮਲੀ ਜਾਮਾ ਪਹਿਨਾਉਣ ਦਾ ਫ਼ੈਸਲਾ ਕਰ ਲਿਆ ਹੈ। ਨਵੀਂ ਦਿੱਲੀ ਤੋਂ ਪੰਜਾਬੀ ਟ੍ਰਿਬਿਊਨ ਨਾਲ ਗੱਲਬਾਤ ਦੌਰਾਨ ‘ਆਪ’ ਵਿਧਾਇਕ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਅਸਤੀਫ਼ਾ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਨੂੰ ਭੇਜ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸਤੀਫ਼ੇ ਦੀ ਇੱਕ ਕਾਪੀ ਚੋਣ ਕਮਿਸ਼ਨ ਨੂੰ ਵੀ ਭੇਜੀ ਜਾਵੇਗੀ। ਸ੍ਰੀ ਫੂਲਕਾ ਨੇ ਕਿਹਾ ਕਿ ਤਿੰਨ ਸਾਲ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਗੋਲੀ ਕਾਂਡ ਦੀ ਜਾਂਚ ਲਈ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ’ਤੇ ਆਧਾਰਿਤ ਕਮਿਸ਼ਨ ਦੀ ਰਿਪੋਰਟ ਉਪਰ ਕੋਈ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਉਨ੍ਹਾਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਸੀ ਅਤੇ ਉਹ ਆਪਣੇ ਫ਼ੈਸਲੇ ’ਤੇ ਕਾਇਮ ਹਨ। ‘ਆਪ’ ਵਿਧਾਇਕ ਨੇ ਕਿਹਾ ਕਿ ਬੇਸ਼ੱਕ ਇੱਕ ਮਹੀਨਾ ਪਹਿਲਾਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਸੀ ਪਰ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਮਾਮਲਾ ਚਲੇ ਜਾਣ ਕਾਰਨ ਉਨ੍ਹਾਂ ਅਸਤੀਫ਼ਾ ਦੇਣ ਦਾ ਮਾਮਲਾ ਟਾਲ ਦਿੱਤਾ ਸੀ। ਸ੍ਰੀ ਫੂਲਕਾ ਨੇ ਕਿਹਾ ਕਿ ਜਿਵੇਂ ਹੀ ਅੱਜ ਹਾਈ ਕੋਰਟ ਵੱਲੋਂ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਰਾਹਤ ਦਿੱਤੀ ਗਈ ਤਾਂ ਉਨ੍ਹਾਂ ਅਸਤੀਫ਼ਾ ਦੇਣ ਦਾ ਮਨ ਬਣਾ ਲਿਆ। ਉਨ੍ਹਾਂ ਮੁਤਾਬਕ ਪਹਿਲਾਂ ਸੈਣੀ ਨੂੰ ਅਦਾਲਤ ਵੱਲੋਂ ਕੋਈ ਰਾਹਤ ਨਹੀਂ ਮਿਲੀ ਹੋਈ ਸੀ ਪਰ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਉਸ ਖ਼ਿਲਾਫ਼ ਕੋਈ ਕਾਰਵਾਈ ਅਮਲ ’ਚ ਨਹੀਂ ਲਿਆਂਦੀ। ਉਨ੍ਹਾਂ ਕਿਹਾ ਕਿ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਦੀ ਰਿਪੋਰਟ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਕਟਹਿਰੇ ਵਿੱਚ ਖੜ੍ਹਾ ਕੀਤਾ ਗਿਆ ਹੈ ਪਰ ਸਰਕਾਰ ਨੇ ਉਨ੍ਹਾਂ ਖ਼ਿਲਾਫ਼ ਵੀ ਕੋਈ ਕਾਰਵਾਈ ਨਹੀਂ ਕੀਤੀ ਹੈ। ‘ਆਪ’ ਵਿਧਾਇਕ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਸਰਕਾਰ ਦੀ ਨੀਅਤ ਸ਼ੱਕੀ ਜਾਪਦੀ ਸੀ ਪਰ ਹੁਣ ਤਾਂ ਪਾਣੀ ਸਿਰ ਉਪਰੋਂ ਲੰਘ ਗਿਆ ਹੈ। ਸ੍ਰੀ ਫੂਲਕਾ ਦੇ ਅਸਤੀਫ਼ੇ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਸਰਕਾਰ ਦਾ ਸੰਕਟ ਵੱਧ ਸਕਦਾ ਹੈ। ਪਹਿਲਾਂ ਹੀ ਕਾਰਵਾਈ ਲਈ ਸਰਕਾਰ ’ਤੇ ਹਾਕਮ ਪਾਰਟੀ ਦੇ ਆਗੂਆਂ ਅਤੇ ਵਿਰੋਧੀ ਦਲਾਂ ਵੱਲੋਂ ਦਬਾਅ ਬਣਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਰਿਪੋਰਟ ਦੇ ਆਧਾਰ ’ਤੇ ਜਾਂਚ ਪੜਤਾਲ ਅੱਗੇ ਵਧਾਉਣ ਲਈ ਭਾਵੇਂ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਹੈ ਪਰ ਐਸਆਈਟੀ ਨੇ ਵੀ ਅਜੇ ਤੱਕ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਹੈ।

No Comment posted
Name*
Email(Will not be published)*
Website