Your Advertisement
ਮੀਂਹ ਤੇ ਝੱਖੜ ਨਾਲ ਝੋਨੇ ਦਾ ਭਾਰੀ ਨੁਕਸਾਨ

ਮੋਗਾ - ਪੰਜਾਬ ਵਿੱਚ ਕੁੱਝ ਥਾਵਾਂ ਉੱਤੇ ਅੱਜ ਪਏ ਬੇਮੌਸਮੇ ਮੀਂਹ ਕਾਰਨ ਝੋਨੇ ਦੀ ਫਸਲ ਨੂੰ ਭਾਰੀ ਨੁਕਸਾਨ ਪੁੱਜਾ ਹੈ। ਪੰਜਾਬ ਦੇ ਮੋਗਾ, ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ, ਪਟਿਆਲਾ, ਰੂਪਨਗਰ, ਫਤਹਿਗੜ੍ਹ ਸਾਹਿਬ, ਮੁਹਾਲੀ, ਹੁਸ਼ਿਆਰਪੁਰ, ਕਪੂਰਥਲਾ ਅਤੇ ਕੁੱਝ ਹੋਰ ਇਲਾਕਿਆਂ ਵਿੱਚ ਮੀਂਹ ਤੇ ਝੱਖੜ ਕਾਰਨ ਝੋਨੇ ਦੀ ਪੱਕੀ ਖੜ੍ਹੀ ਫਸਲ ਨੂੰ ਭਾਰੀ ਨੁਕਸਾਨ ਪੁੱਜਾ ਹੈ। ਬਹੁਤੀਆਂ ਥਾਵਾਂ ਉੱਤੇ ਝੱਖੜ ਕਾਰਨ ਝੋਨੇ ਦੀ ਫਸਲ ਵਿਛ ਗਈ ਹੈ। ਮੀਂਹ ਪੈਣ ਕਾਰਨ ਝੋਨੇ ਦੀ ਫਸਲ ਵਿੱਚ ਨਮੀ ਦੀ ਮਾਤਰਾ ਵੱਧ ਗਈ ਹੈ ਤੇ ਇਸ ਦੇ ਕਾਰਨ ਆਉਣ ਵਾਲੇ ਦਿਨਾਂ ਵਿੱਚ ਝੋਨੇ ਦੀ ਖ਼ਰੀਦ ਵੀ ਪ੍ਰਭਾਵਿਤ ਹੋਵੇਗੀ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧ ਜਾਣਗੀਆਂ, ਕਿਉਂਕਿ ਝੋਨੇ ਦੀ ਖਰੀਦ ਲਈ ਨਿਰਧਾਰਤ ਮਿਆਂਰਾਂ ਦੇ ਅਨੁਸਾਰ ਨਮੀ 15 ਫੀਸਦੀ ਹੀ ਹੋਣੀ ਚਾਹੀਦੀ ਹੈ।
ਝੋਨੇ ਦੀ ਫਸਲ ਨੂੰ ਪੁੱਜੇ ਨੁਕਸਾਨ ਦੀ ਪੁਸ਼ਟੀ ਕਰਦਿਆਂ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜਸਬੀਰ ਸਿੰਘ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੇ ਆਨੰਦਪੁਰ ਸਾਹਿਬ ਬਲਾਕ ਦੇ ਵਿੱਚ 2500 ਏਕੜ, ਫਤਿਹਗੜ੍ਹ ਸਾਹਿਬ ਦੇ ਬਲਾਕ ਖੇੜਾ ਵਿੱਚ1500 ਏਕੜ ਅਤੇ ਬਲਾਕ ਖਮਾਣੋਂ ਵਿੱਚ 500 ਏਕੜ ਝੋਨੇ ਦੀ ਖੜ੍ਹੀ ਫਸਲ ਪ੍ਰਭਾਵਿਤ ਹੋਈ ਹੈ। ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਤੇ ਘਨੌਰ ਬਲਾਕਾਂ ਦੇ ਵਿੱਚ ਵੀ ਕਾਫੀ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਮੁਹਾਲੀ ਜ਼ਿਲ੍ਹੇ ਵਿੱਚ ਵੀ ਝੋਨੇ ਦੀ ਫਸਲ ਪ੍ਰਭਾਵਿਤ ਹੋਈ ਹੈ ਤੇ ਵਿਭਾਗ ਦੇ ਅਧਿਕਾਰੀਆਂ ਵੱਲੋਂ ਨੁਕਸਾਨ ਦਾ ਜਾਇਜ਼ਾ ਲਾਇਆ ਜਾਣਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਤੇ ਤਰਨ ਤਾਰਨ ਜ਼ਿਲ੍ਹਿਆਂ ਦੇ ਵਿੱਚ ਝੋਨੇ ਦੀ 15000 ਏਕੜ ਫਸਲ ਨੂੰ ਨੁਕਸਾਨ ਪੁੱਜਾ ਹੈ। ਸਰਕਾਰ ਅਜੇ ਨੁਕਸਾਨ ਦੇ ਅੰਕੜੇ ਇਕੱਠੇ ਕਰ ਰਹੀ ਹੈ ਤੇ ਇਸ ਤੋਂ ਬਾਅਦ ਹੀ ਨੁਕਸਾਨ ਦਾ ਜਾਇਜ਼ਾ ਲਾਇਆ ਜਾ ਸਕੇਗਾ।
ਮੋਗਾ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਧਿਕਾਰੀ ਡਾ. ਪਰਮਜੀਤ ਸਿੰਘ ਨੇ ਦੱਸਿਆ ਕਿ ਧਰਮਕੋਟ ਬਲਾਕ ਵਿੱਚ ਮੀਂਹ ਤੇ ਝੱਖੜ ਕਾਰਨ 400 ਏਕੜ ਦੇ ਕਰੀਬ ਝੋਨੇ ਦੀ ਖੜ੍ਹੀ ਫਸਲ ਵਿਛ ਗਈ ਹੈ। ਬੱਦੋਵਾਲ ਤੇ ਇਸ ਦੇ ਆਲੇ ਦੁਆਲੇ ਦੇ ਪਿੰਡਾਂ ਦੇ ਵਿੱਚ ਵਧੇਰੇ ਨੁਕਸਾਨ ਹੋਇਆ ਹੈ। ਮੁੱਖ ਮੰਤਰੀ ਦਫਤਰ ਦੇ ਸੂਤਰਾਂ ਅਨੁਸਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਮੀਂਹ ਤੇ ਝੱਖੜ ਕਾਰਨ ਹੋਏ ਝੋਨੇ ਦੀ ਫਸਲ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਧੀਕ ਮੁੱਖ ਸਕੱਤਰ ਵਿਸ਼ਵਾਜੀਤ ਖੰਨਾ ਦੇ ਨਾਲ ਮੀਟਿੰਗ ਕੀਤੀ ਅਤੇ ਗਿਰਦਾਵਰੀ ਦੇ ਹੁਕਮ ਦੇ ਦਿੱਤੇ ਹਨ ਤਾਂ ਜੋ ਕਿਸਾਨਾਂ ਨੂੰ ਢੱਕਵਾਂ ਮੁਆਵਜ਼ਾ ਦਿੱਤਾ ਜਾ ਸਕੇ।

No Comment posted
Name*
Email(Will not be published)*
Website