Your Advertisement
ਕਰਤਾਰਪੁਰ: ਅਮਰੀਕੀ-ਸਿੱਖਾਂ ਵੱਲੋਂ ਭਾਰਤੀ ਰਾਜਦੂਤ ਨੂੰ ਯਾਦ-ਪੱਤਰ

ਵਾਸ਼ਿੰਗਟਨ-ਅਮਰੀਕਾ ਰਹਿੰਦੇ ਸਿੱਖਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਗੱਲ ਨੂੰ ਯਕੀਨੀ ਬਣਾਏ ਕਿ ਪੁਲਵਾਮਾ ਦਹਿਸ਼ਤੀ ਹਮਲੇ ਮਗਰੋਂ ਭਾਰਤ ਤੇ ਪਾਕਿਸਤਾਨ ਦੇ ਰਿਸ਼ਤਿਆਂ ਵਿਚ ਆਈ ਤਲਖੀ ਨਾਲ ਕਰਤਾਰਪੁਰ ਲਾਂਘੇ ਦਾ ਕੰਮ ਅਸਰਅੰਦਾਜ਼ ਨਾ ਹੋਵੇ। ਮੁਲਕ ਦੇ ਵੱਖ ਵੱਖ ਹਿੱਸਿਆਂ ਤੋਂ ਇਕੱਤਰ ਹੋਏ ਉੱਘੇ ਸਿੱਖ-ਅਮਰੀਕੀਆਂ ਦੇ ਇਕ ਵਫ਼ਦ ਨੇ ਅੱਜ ਵਾਸ਼ਿੰਗਟਨ ਡੀਸੀ ਵਿੱਚ ਭਾਰਤੀ ਅੰਬੈਸੀ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਯਾਦ-ਪੱਤਰ ਦਿੱਤਾ। ਕੈਲੀਫੋਰਨੀਆ ਆਧਾਰਿਤ ਯੂਨਾਈਟਿਡ ਸਿੱਖ ਮਿਸ਼ਨ ਦੇ ਬੈਨਰ ਹੇਠ ਇਕੱਤਰ ਸਿੱਖਾਂ ਦੇ ਇਸ ਵਫ਼ਦ ਨੇ ਦੋ ਸੈਨੇਟਰਾਂ ਤੇ ਕਾਂਗਰਸਮੈਨ ਗਰੈੱਗ ਪੈਂਸ(ਜੋ ਅਮਰੀਕਾ ਦੇ ਉਪ ਰਾਸ਼ਟਰਪਤੀ ਮਾਈਕ ਪੈਂਸ ਦੇ ਵੱਡੇ ਭਰਾ ਹਨ) ਸਮੇਤ ਦਰਜਨ ਦੇ ਕਰੀਬ ਕਾਨੂੰਨਘਾੜਿਆਂ ਨਾਲ ਵੀ ਮੁਲਾਕਾਤ ਕੀਤੀ। ਵਫ਼ਦ ਨੇ ਕਾਨੂੰਨਘਾੜਿਆਂ ਨੂੰ ਅਪੀਲ ਕੀਤੀ ਕਿ ਉਹ ਖਿੱਤੇ ਵਿੱਚ ਅਮਨ ਯਕੀਨੀ ਬਣਾਉਣ ਲਈ ਅਮਰੀਕਾ ਅਹਿਮ ਭੂਮਿਕਾ ਨਿਭਾਏ। ਭਾਰਤੀ ਅੰਬੈਸੀ ਨੂੰ ਯਾਦ-ਪੱਤਰ ਦੇਣ ਵਾਲੇ ਸਿੱਖ ਵਫ਼ਦ ਵਿੱਚ ਜਿਨ੍ਹਾਂ ਜਥੇਬੰਦੀਆਂ ਦੇ ਆਗੂ ਸ਼ਾਮਲ ਸਨ, ਉਨ੍ਹਾਂ ਵਿੱਚ ਇੰਡਿਆਨਾ ਤੋਂ ਸਿੱਖਜ਼ਪੀਏਸੀ, ਓਰੇਗਨ ਦੀ ਗਦਰ ਮੈਮੋਰੀਅਲ ਫਾਊਂਡੇਸ਼ਨ, ਵਰਜੀਨੀਆ ਦੀ ਸਿੱਖ ਸੇਵਾ, ਇਲੀਨੌਇਸ ਦੀ ਸਿੱਖ ਰਿਲੀਜੀਅਸ ਸੁਸਾਇਟੀ, ਨਿਊ ਜਰਸੀ ਦੀ ਲੈਟ’ਸ ਸ਼ੇਅਰ ਏ ਮੀਲ ਤੇ ਵੱਖ ਵੱਖ ਗੁਰਦੁਆਰਿਆਂ ਦੇ ਮੈਂਬਰ ਸ਼ਾਮਲ ਸਨ। ਯੂਨਾਈਟਿਡ ਸਿੱਖ ਮਿਸ਼ਨ ਦੇ ਬਾਨੀ ਰਸ਼ਪਾਲ ਸਿੰਘ ਢੀਂਡਸਾ ਨੇ ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਹਰਸ਼ ਵਰਧਨ ਸ਼੍ਰਿੰਗਲਾ ਨੂੰ ਯਾਦ-ਪੱਤਰ ਦਿੰਦਿਆਂ ਕਿਹਾ ਕਿ ਭਾਰਤ ਤੇ ਪਾਕਿਸਤਾਨ ਦਰਮਿਆਨ ਜਾਰੀ ਕਸ਼ੀਦਗੀ ਕਰਕੇ ਕਰਤਾਰਪੁਰ ਲਾਂਘੇ ਦੇ ਕੰਮ ਦੀ ਰਫ਼ਤਾਰ ਮੱਧਮ ਨਾ ਪਏ। ਯਾਦ-ਪੱਤਰ ਵਿੱਚ ਲਾਂਘਾ ਖੋਲ੍ਹਣ ਦੀ ਦਿੱਤੀ ਪ੍ਰਵਾਨਗੀ ਨੂੰ ਸਹੀ ਦਿਸ਼ਾ ਵਿੱਚ ਚੁੱਕਿਆ ਸਿਰੇ ਦਾ ਕਦਮ ਦਸਦਿਆਂ ਕਿਹਾ ਗਿਆ ਹੈ ਕਿ ਹੁਣ ਸਮਾਂ ਹੈ ਜਦੋਂ ਲਗਾਤਾਰ ਯਤਨ ਕਰਕੇ ਮੌਜੂਦਾ ਹਾਲਾਤ ਦਾ ਕੋਈ ਸ਼ਾਂਤੀਪੂਰਵਕ ਹੱਲ ਕੱਢਿਆ ਜਾਵੇ।
ਕਰਤਾਰਪੁਰ ਲਾਂਘੇ ਬਾਰੇ ਅਟਾਰੀ ’ਚ ਭਾਰਤ-ਪਾਕਿ ਮੀਟਿੰਗ ਅੱਜ
ਨਵੀਂ ਦਿੱਲੀ: ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ ਤੇ ਪਾਕਿਸਤਾਨ ਦੇ ਅਧਿਕਾਰੀ ਭਲਕੇ ਅਟਾਰੀ-ਵਾਹਗਾ ਸਰਹੱਦ ’ਤੇ ਭਾਰਤ ਵਾਲੇ ਪਾਸੇ ਮੀਟਿੰਗ ਕਰਨਗੇ। ਦੋਵਾਂ ਮੁਲਕਾਂ ਦੇ ਗ੍ਰਹਿ ਤੇ ਵਿਦੇਸ਼ ਮੰਤਰਾਲਿਆਂ ਦੇ ਅਧਿਕਾਰੀਆਂ ਦੀ ਸ਼ਮੂਲੀਅਤ ਵਾਲੀ ਇਸ ਮੀਟਿੰਗ ’ਚ ਕਰਤਾਰਪੁਰ ਲਾਂਘੇ ਦੀ ਕਾਰਜਵਿਧੀ ਨਾਲ ਸਬੰਧਤ ਖਰੜੇ ਨੂੰ ਅੰਤਿਮ ਛੋਹਾਂ ਦੇਣ ਲਈ ਵਿਚਾਰ ਚਰਚਾ ਕੀਤੀ ਜਾਵੇਗੀ। ਤਿੰਨ ਮਹੀਨੇ ਪਹਿਲਾਂ ਦੋਵਾਂ ਮੁਲਕਾਂ ਦੀਆਂ ਸਰਕਾਰਾਂ ਨੇ ਇਸ ਪ੍ਰਾਜੈਕਟ ਲਈ ਸਹਿਮਤੀ ਦਿੱਤੀ ਸੀ।
ਅਧਿਕਾਰਤ ਸੂਤਰਾਂ ਨੇ ਕਿਹਾ ਕਿ ਮੀਟਿੰਗ ਦੌਰਾਨ ਨਵੀਂ ਦਿੱਲੀ ਭਾਰਤੀ ਸ਼ਰਧਾਲੂਆਂ ਦੀ ਪਾਕਿਸਤਾਨ ਵਾਲੇ ਪਾਸੇ ਤਕ ਦੀ ਯਾਤਰਾ ਨੂੰ ਨਿਰਵਿਘਨ ਬਣਾਉਣ ਲਈ ਜ਼ੋਰ ਪਾਏਗਾ। ਇਹੀ ਨਹੀਂ ਭਾਰਤ, ਪਾਕਿਸਤਾਨ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਹੇਗਾ ਕਿ ਭਾਰਤੀ ਸ਼ਰਧਾਲੂਆਂ ਦੀ ਫੇਰੀ ਮੌਕੇ ਖਾਲਿਸਤਾਨੀ ਵੱਖਵਾਦੀਆਂ ਨੂੰ ਉਨ੍ਹਾਂ ਤੋਂ ਦੂਰ ਰੱਖਿਆ ਜਾਵੇ। ਪਿਛਲੇ ਸਾਲ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ ਭਾਰਤੀ ਸ਼ਰਧਾਲੂਆਂ ਨੂੰ ਖਾਲਿਸਤਾਨ-ਪੱਖੀ ਬੈਨਰ ਵਿਖਾਏ ਗਏ ਸਨ। ਸੂਤਰਾਂ ਨੇ ਕਿਹਾ ਕਿ ਭਲਕ ਦੀ ਮੀਟਿੰਗ ਵਿੱਚ ਭਾਰਤੀ ਵਫ਼ਦ ਵਿੱਚ ਕੇਂਦਰੀ ਗ੍ਰਹਿ ਮੰਤਰਾਲਾ, ਵਿਦੇਸ਼ ਮੰਤਰਾਲਾ, ਬੀਐਸਐਫ, ਭਾਰਤੀ ਕੌਮੀ ਹਾਈਵੇਅ ਅਥਾਰਿਟੀ ਤੇ ਪੰਜਾਬ ਸਰਕਾਰ ਦੇ ਨੁਮਾਇੰਦੇ ਸ਼ਾਮਲ ਹੋਣਗੇ। ਸੂਤਰਾਂ ਨੇ ਕਿਹਾ ਕਿ ਮੀਟਿੰਗ ਦੌਰਾਨ ਭਾਰਤ ਗੁਆਂਢੀ ਮੁਲਕ ਨੂੰ ਅਪੀਲ ਕਰੇਗਾ ਕਿ ਭਾਰਤੀ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਗੁਰਦੁਆਰੇ ਤਕ ਪਾਸਪੋਰਟ ਤੇ ਵੀਜ਼ਾ ਮੁਕਤ ਰਸਾਈ ਦਿੱਤੀ ਜਾਵੇ।
ਭਾਰਤ ਵੱਲੋਂ ਪੱਤਰਕਾਰਾਂ ਨੂੰ ਵੀਜ਼ੇ ਨਾ ਦੇਣਾ ਅਫ਼ਸੋਸਨਾਕ: ਪਾਕਿ
ਇਸਲਾਮਾਬਾਦ: ਪਾਕਿਸਤਾਨ ਨੇ ਭਾਰਤ ਸਰਕਾਰ ਵੱਲੋਂ ਪਾਕਿਸਤਾਨੀ ਪੱਤਰਕਾਰਾਂ ਨੂੰ ਵੀਜ਼ੇ ਨਾ ਦੇਣ ਦੇ ਫ਼ੈਸਲੇ ’ਤੇ ਨਾਰਾਜ਼ਗੀ ਜਤਾਈ ਹੈ। ਇਨ੍ਹਾਂ ਪੱਤਰਕਾਰਾਂ ਨੇ ਭਲਕੇ ਵੀਰਵਾਰ ਨੂੰ ਕਰਤਾਰਪੁਰ ਲਾਂਘੇ ਨੂੰ ਲੈ ਕੇ ਅਟਾਰੀ-ਵਾਹਗਾ ਸਰਹੱਦ ’ਤੇ ਭਾਰਤ ਵਾਲੇ ਪਾਸੇ ਦੋਵਾਂ ਮੁਲਕਾਂ ਦੇ ਅਧਿਕਾਰੀਆਂ ਵਿਚਾਲੇ ਹੋ ਰਹੀ ਮੀਟਿੰਗ ਦੀ ਕਵਰੇਜ ਲਈ ਭਾਰਤ ਜਾਣਾ ਸੀ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਡਾ. ਮੁਹੰਮਦ ਫੈਸਲ ਨੇ ਕਿਹਾ, ‘ਭਾਰਤ ਵੱਲੋਂ ਪਾਕਿਸਤਾਨੀ ਪੱਤਰਕਾਰਾਂ ਨੂੰ ਵੀਜ਼ੇ ਨਾ ਦੇਣਾ ਅਫਸੋਸਨਾਕ ਹੈ।’ ਉਂਜ ਅਜੇ ਤਕ ਇਹ ਸਪਸ਼ਟ ਨਹੀਂ ਹੈ ਕਿ ਕਿੰਨੇ ਪੱਤਰਕਾਰਾਂ ਨੇ ਵੀਜ਼ੇ ਲਈ ਅਪਲਾਈ ਕੀਤਾ ਸੀ। ਇਸ ਦੌਰਾਨ ਭਾਰਤ ਨੇ ਅੱਜ ਕਿਹਾ ਕਿ ਭਲਕੇ ਹੋਣ ਵਾਲੀ ਮੀਟਿੰਗ ਕੋਈ ਜਨਤਕ ਸਮਾਗਮ ਨਹੀਂ ਹੈ ਿਜਸ ਲਈ ਪਬਲੀਸਿਟੀ ਦੀ ਲੋੜ ਹੈ।

No Comment posted
Name*
Email(Will not be published)*
Website