Your Advertisement
ਮਾੜੀ ਕਾਰਗੁਜ਼ਾਰੀ: ਵਿਧਾਇਕਾਂ ਤੇ ਲਟਕੀ ਕਾਰਵਾਈ ਦੀ ਤਲਵਾਰ

ਚੰਡੀਗੜ੍ਹ-aਲੋਕ ਸਭਾ ਚੋਣਾਂ ਦੌਰਾਨ ਆਪੋ ਆਪਣੇ ਅਸੈਂਬਲੀ ਹਲਕਿਆਂ ’ਚ ਮਾੜੀ ਕਾਰਗੁਜ਼ਾਰੀ ਵਿਖਾਉਣ ਵਾਲੇ ਕਾਂਗਰਸੀ ਵਿਧਾਇਕਾਂ ਨੂੰ ਆਪਣੇ ਖਿਲਾਫ਼ ਕਾਰਵਾਈ ਦਾ ਡਰ ਸਤਾਉਣ ਲੱਗਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਮਹੀਨਾ ਪਹਿਲਾਂ ਕੀਤੇ ਹੁਕਮਾਂ ਵਿੱਚ ਮਾੜੀ ਕਾਰਗੁਜ਼ਾਰੀ ਵਾਲੇ ਵਿਧਾਇਕਾਂ ਨੂੰ ਕਾਰਵਾਈ ਲਈ ਤਿਆਰ ਰਹਿਣ ਵਾਸਤੇ ਕਿਹਾ ਸੀ। ਪੰਜਾਬ ਕਾਂਗਰਸ ਨੇ ਹਾਲਾਂਕਿ ਐਤਕੀਂ ਦੇਸ਼ ਵਿੱਚ ਮੋਦੀ ਲਹਿਰ ਦੇ ਉਲਟ 13 ਸੰਸਦੀ ਸੀਟਾਂ ’ਚੋਂ ਅੱਠ ’ਤੇ ਜਿੱਤ ਦਰਜ ਕਰਦਿਆਂ ਪੰਜ ਸਾਲ ਪਹਿਲਾਂ ਦੀ ਕਾਰਗੁਜ਼ਾਰੀ ’ਚ ਸੁਧਾਰ ਕੀਤਾ ਹੈ, ਪਰ ਇਸ ਸਫ਼ਲਤਾ ਦਾ ਸਿਹਰਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿਰ ਬੱਝ ਰਿਹਾ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਹਿੱਸਾ ਲੈਣ ਲਈ ਦਿੱਲੀ ਜਾ ਰਹੇ ਹਨ। ਉਹ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਸ਼ਹਿਰਾਂ ਦੇ ਵਿਕਾਸ ਕੰਮ ਠੀਕ ਢੰਗ ਨਾਲ ਨਾ ਹੋਣ ਸਬੰਧੀ ਰਿਪੋਰਟ ਆਪਣੇ ਨਾਲ ਲੈ ਕੇ ਜਾ ਰਹੇ ਹਨ। ਇਸ ਮਾਮਲੇ ਬਾਰੇ ਉਹ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਚਰਚਾ ਕਰਨਗੇ ਤੇ ਹਾਲ ਦੀ ਘੜੀ ਕੈਬਨਿਟ ਮੰਤਰੀ ਨਵਜੋਤ ਸਿੱਧੂ ਦਾ ਵਿਭਾਗ ਬਦਲਣ ’ਤੇ ਜ਼ੋਰ ਦੇਣਗੇ। ਉਧਰ ਜਾਣਕਾਰ ਹਲਕਿਆਂ ਦਾ ਕਹਿਣਾ ਹੈ ਕਿ ਨਵਜੋਤ ਸਿੱਧੂ ਦੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨਾਲ ਕਾਫੀ ਨੇੜਤਾ ਹੈ, ਲਿਹਾਜ਼ਾ ਇਸ ਮਾਮਲੇ ਵਿੱਚ ਬਹੁਤਾ ਕੁਝ ਨਾ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਜਿਹੜੇ ਮੰਤਰੀਆਂ ਦੇ ਅਸੈਂਬਲੀ ਹਲਕਿਆਂ ਵਿੱਚੋਂ ਕਾਂਗਰਸ ਨੂੰ ਹਾਰ ਹੋਈ ਹੈ, ਉਸ ਦਾ ਮਾਮਲਾ ਵੀ ਕਾਂਗਰਸ ਪ੍ਰਧਾਨ ਨਾਲ ਉਠਾਏ ਜਾਣ ਦੀ ਸੰਭਾਵਨਾ ਹੈ। ਲੋਕ ਸਭਾ ਚੋਣਾਂ ਵਿਚ ਮਿਲੀ ਲੱਕ ਤੋੜਵੀਂ ਹਾਰ ਮਗਰੋਂ ਕਾਂਗਰਸ ਦੀ ਇਸ ਪਲੇਠੀ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਹਾਰ ਦੇ ਕਾਰਨਾਂ ਬਾਰੇ ਮੰਥਨ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ ਦੇ ਮਾਮਲਿਆਂ ’ਤੇ ਬਹੁਤੀ ਚਰਚਾ ਹੋਣ ਦੇ ਆਸਾਰ ਮੱਧਮ ਹਨ।

ਬਠਿੰਡਾ ’ਚ ਹਾਰ ਦਾ ਠੀਕਰਾ ਸਿੱਧੂ ਸਿਰ ਭੰਨਣਾ ਗ਼ਲਤ: ਡਾ. ਸਿੱਧੂ
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਿਚਾਲੇ ਚਲ ਰਹੀ ਸ਼ਬਦੀ ਜੰਗ ਦਰਮਿਆਨ ਸਿੱਧੂ ਦੀ ਪਤਨੀ ਤੇ ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨੇ ਪੰਜਾਬ ਵਿੱਚ ਕੁਝ ਸੀਟਾਂ (ਖਾਸ ਕਰਕੇ ਬਠਿੰਡਾ) ਉੱਤੇ ਮਿਲੀ ਹਾਰ ਦਾ ਠੀਕਰਾ ਸਿੱਧੂ ਸਿਰ ਭੰਨ੍ਹੇ ਜਾਣ ਦੇ ਦੋਸ਼ਾਂ ਨੂੰ ਸਿਰੇ ਤੋਂ ਰੱਦ ਕੀਤਾ ਹੈ। ਸੋੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ਵਿੱਚ ਡਾ. ਨਵਜੋਤ ਕੌਰ ਸਿੱਧੂ ਆਪਣੇ ਪਤੀ ਨਵਜੋਤ ਸਿੰਘ ਸਿੱਧੂ ਦਾ ਸਮਰਥਨ ਕਰ ਰਹੀ ਹੈ। ਇਸ ਸਬੰਧੀ ਹਾਲਾਂਕਿ ਡਾ. ਸਿੱਧੂ ਨਾਲ ਕੋਈ ਸੰਪਰਕ ਨਹੀਂ ਹੋ ਸਕਿਆ। ਵਾਇਰਲ ਵੀਡੀਓ ਵਿੱਚ ਡਾ. ਸਿੱਧੂ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਨੂੰ ਪਤਾ ਸੀ ਕਿ ਸ੍ਰੀ ਸਿੱਧੂ ਦੇ ਚੋਣ ਪ੍ਰਚਾਰ ਲਈ ਜਾਣ ਤੋਂ ਪਹਿਲਾਂ ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਦੀ ਹਾਰ ਵੱਡੇ ਫਰਕ ਨਾਲ ਹੋ ਰਹੀ ਸੀ। ਪਰ ਸ੍ਰੀ ਸਿੱਧੂ ਦੇ ਜਾਣ ਨਾਲ ਕਾਂਗਰਸੀ ਉਮੀਦਵਾਰ ਦੀ ਸਥਿਤੀ ਬਿਹਤਰ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਸਾਰਾ ਕੁਝ ਰਿਕਾਰਡ ’ਤੇ ਹੈ, ਜਿਸ ਨੂੰ ਝੁਠਲਾਇਆ ਨਹੀਂ ਜਾ ਸਕਦਾ। ਪਾਰਟੀ ਵਲੋਂ ਕੌਮੀ ਪੱਧਰ ’ਤੇ ਕਰਵਾਏ ਗਏ ਸਰਵੇਖਣ ਵਿਚ ਸਪੱਸ਼ਟ ਸੀ ਕਿ ਬਠਿੰਡਾ ਲੋਕ ਸਭਾ ਹਲਕੇ ਦੀ ਸੀਟ ਤੋਂ ਕਾਂਗਰਸੀ ਉਮੀਦਵਾਰ ਦੀ ਸਥਿਤੀ ਕਮਜ਼ੋਰ ਹੈ ਅਤੇ ਉਥੋਂ ਦੋ ਲੱਖ ਤੋਂ ਵੱਧ ਫਰਕ ਨਾਲ ਹਾਰ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਸਿੱਧੂ ਨੇ ਕੁਲ ਹਿੰਦ ਕਾਂਗਰਸ ਕਮੇਟੀ ਵੱਲੋਂ ਦਿੱਤੇ ਆਦੇਸ਼ ਮੁਤਾਬਕ ਹੀ ਚੋਣ ਪ੍ਰਚਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵਲੋਂ ਸਿਰਫ ਇਸ ਲਈ ਸ੍ਰੀ ਸਿੱਧੂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਕਿਉਂਕਿ ਸ੍ਰੀ ਸਿੱਧੂ ਨੇ ਕਾਂਗਰਸ ਵਿੱਚ ਰਹਿ ਕੇ ਇਨ੍ਹਾਂ ਲੋਕਾਂ ਵਲੋਂ ਪਾਰਟੀ ਨਾਲ ਵਿਸ਼ਵਾਸਘਾਤ ਕਰਨ ਦਾ ਵਿਰੋਧ ਕੀਤਾ ਹੈ।

No Comment posted
Name*
Email(Will not be published)*
Website