Your Advertisement
ਰੰਧਾਵਾ ਤੇ ਚੰਨੀ ਨੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ
ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤਿੰਨ ਮੰਤਰੀਆਂ ਦੀ ਅਗਵਾਈ ਹੇਠ ਕਮੇਟੀ ਬਣਾਈ ਗਈ ਹੈ, ਜਿਸ ਵੱਲੋਂ ਪੰਜਾਬ ਭਵਨ ਵਿਖੇ ਉਚ ਪੱਧਰੀ ਮੀਟਿੰਗ ਕੀਤੀ ਗਈ। ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਸੱਭਿਆਚਾਰ ਤੇ ਸੈਰ ਸਪਾਟਾ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਾਰੇ ਕੰਮਾਂ ਦੀ ਪ੍ਰਗਤੀ ਰਿਪੋਰਟ ਦੇਖੀ ਗਈ।
ਮੀਟਿੰਗ ਉਪਰੰਤ ਪ੍ਰੈਸ ਨੂੰ ਵੇਰਵੇ ਦਿੰਦਿਆਂ ਦੋਵੇਂ ਕੈਬਨਿਟ ਮੰਤਰੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਲ ਸਟਾਈਲ ਕਬੱਡੀ ਦਾ ਕੌਮਾਂਤਰੀ ਤੇ ਰਾਜ ਪੱਧਰ ਕੱਪ ਕਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕੌਮਾਂਤਰੀ ਕਬੱਡੀ ਕੱਪ ਲਈ ਵੱਖ-ਵੱਖ ਮੁਲਕਾਂ ਦੀਆਂ ਟੀਮਾਂ ਨੂੰ ਹਿੱਸਾ ਲੈਣ ਲਈ ਸੱਦਾ ਦਿੱਤਾ ਜਾਵੇਗਾ, ਜਦੋਂ ਕਿ ਰਾਜ ਪੱਧਰੀ ਕੱਪ 'ਚ ਸਾਰੇ ਜ਼ਿਲ੍ਹਿਆਂ ਦੀਆਂ ਟੀਮਾਂ ਹਿੱਸਾ ਲੈਣਗੀਆਂ। ਉਨ੍ਹਾਂ ਅੱਗੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਨੈਸ਼ਨਲ ਇੰਸਟੀਚਿਊਟ ਆਫ ਇੰਟਰਫੇਥ ਸਟੱਡੀਜ਼ ਬਣਾਇਆ ਜਾਵੇਗਾ, ਜਿਸ ਦੀ ਲਾਗਤ 482 ਕਰੋੜ ਆਵੇਗੀ। ਵਿਸ਼ਵ ਪੱਧਰੀ ਮਿਆਰ ਦੇ ਬਣਨ ਵਾਲੇ ਇਸ ਇੰਸਟੀਚਿਊਟ ਨੂੰ ਸ਼ੁਰੂ ਕਰਨ ਦਾ ਕੰਮ ਅੰਤਿਮ ਪੜਾਅ 'ਤੇ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਨਵੇਂ ਬਣਾਏ ਬੇਬੇ ਨਾਨਕੀ ਗਰਲਜ਼ ਕਾਲਜ ਵਿਖੇ ਮੌਜੂਦਾ ਸੈਸ਼ਨ 2019-20 ਲਈ ਦਾਖਲੇ ਸ਼ੁਰੂ ਹੋ ਗਏ ਹਨ।
ਰੰਧਾਵਾ ਤੇ ਚੰਨੀ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਭਰ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ 70 ਪਿੰਡਾਂ ਦੀ ਨੁਹਾਰ ਬਦਲਣ ਲਈ 550ਵੇਂ ਗੁਰਪੁਰਬ ਮੌਕੇ ਹਰ ਪਿੰਡ ਨੂੰ ਇਕ ਕਰੋੜ ਰੁਪਏ ਦਿੱਤੇ ਜਾ ਰਹੇ ਹਨ। ਮੀਟਿੰਗ ਦੌਰਾਨ ਦੱਸਿਆ ਗਿਆ ਕਿ ਇਨ੍ਹਾਂ ਪਵਿੱਤਰ ਪਿੰਡਾਂ ਵਿੱਚ ਵਿਕਾਸ ਕਾਰਜ ਜ਼ੋਰਾਂ 'ਤੇ ਚੱਲ ਰਹੇ ਹਨ ਅਤੇ 30 ਸਤੰਬਰ ਤੱਕ ਇਹ ਕੰਮ ਹਰ ਹੀਲੇ ਮੁਕੰਮਲ ਕਰ ਲਏ ਜਾਣਗੇ। ਮੀਟਿੰਗ ਦੌਰਾਨ ਦੱਸਿਆ ਗਿਆ ਕਿ ਸੂਬੇ ਨੂੰ ਹਰਿਆ ਭਰਿਆ ਬਣਾਉਣ ਲਈ ਬੂਟੇ ਲਗਾਉਣ ਦੀ ਮੁਹਿੰਮ ਪੂਰੀ ਸਫਲਤਾ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ ਸੂਬੇ ਦੇ ਪਿੰਡਾਂ ਵਿੱਚ 31 ਲੱਖ ਬੂਟੇ ਲਗਾਏ ਜਾ ਚੁੱਕੇ ਹਨ।
No Comment posted
Name*
Email(Will not be published)*
Website