Your Advertisement
ਮੋਦੀ 8 ਨੂੰ ਕਰਨਗੇ ਉਦਘਾਟਨ
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਦਾਅਵਾ ਕੀਤਾ ਕਿ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਅੱਠ ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਟੇਜ ’ਤੇ ਹੀ ਆਉਣਗੇ, ਨਾ ਕਿ ਕਿਸੇ ਹੋਰ ਸਟੇਜ ’ਤੇ। ਹਲਕਾ ਦਾਖਾ ਤੋਂ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਪੁੱਜੀ ਬੀਬੀ ਬਾਦਲ ਨੇ ਪਿੰਡ ਲਤਾਲਾ ਵਿਚ ਮੀਡੀਆ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਧਾਰਮਿਕ ਸਮਾਗਮਾਂ ਵਿਚ ਦਖ਼ਲਅੰਦਾਜ਼ੀ ਛੱਡ ਆਪਣੇ ਫ਼ਰਜ਼ ਪੂਰੇ ਕਰੇ ਤੇ ਡੇਰਾ ਬਾਬਾ ਨਾਨਕ ਅਤੇ ਸੁਲਤਾਨਪੁਰ ਲੋਧੀ ਵਿਚ ਸਿੱਖ ਸੰਗਤਾਂ ਅਤੇ ਹੋਰ ਸ਼ਰਧਾਲੂਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਧਿਆਨ ਦੇਵੇ। ਉਨ੍ਹਾਂ ਨਾਲ ਹੀ ਕਿਹਾ ਕਿ 11 ਨਵੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ 12 ਨਵੰਬਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੀ ਧਾਰਮਿਕ ਸਮਾਗਮ ’ਚ ਹਿੱਸਾ ਲੈਣ ਲਈ ਆਉਣਗੇ। ਉਹ ਵੀ ਕਮੇਟੀ ਦੀ ਸਟੇਜ ’ਤੇ ਹੀ ਜਾਣਗੇ ਨਾ ਕਿ ਕਿਸੇ ਹੋਰ ਪ੍ਰੋਗਰਾਮ ’ਚ। ਬੀਬੀ ਬਾਦਲ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਅੱਜ ਤੱਕ ਜਿੰਨੀਆਂ ਵੀ ਸ਼ਤਾਬਦੀਆਂ ਜਾਂ ਗੁਰਪੁਰਬ ਮਨਾਏ ਗਏ ਹਨ, ਉਨ੍ਹਾਂ ਦੇ ਪ੍ਰਬੰਧ ਹਮੇਸ਼ਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੀ ਕਰਦੀ ਰਹੀ ਹੈ ਅਤੇ ਇਸ ਵਾਰ ਤਾਂ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵੀ ਅਜਿਹਾ ਹੁਕਮ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਨ੍ਹਾਂ ਹੁਕਮਾਂ ਦੇ ਵਿਰੁੱਧ ਜਾ ਕੇ ਅਜਿਹਾ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਧਾਰਮਿਕ ਸਮਾਗਮਾਂ ਲਈ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੱਦਾ ਦਿੱਤਾ ਗਿਆ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਦ ਵੀ ਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਨੂੰ ਸੱਦਾ ਪੱਤਰ ਦਿੱਤਾ ਸੀ ਜੋ ਉਨ੍ਹਾਂ ਕਬੂਲ ਵੀ ਕੀਤਾ ਸੀ।
ਹਲਕਾ ਦਾਖਾ ’ਚ ਅਕਾਲੀ ਉਮੀਦਵਾਰ ਦੇ ਹੱਕ ’ਚ ਪ੍ਰਚਾਰ
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਹਲਕਾ ਦਾਖਾ ਦੇ ਕਈ ਪਿੰਡਾਂ ਵਿਚ ਚੋਣ ਜਲਸੇ ਕਰ ਕੇ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਮਨਪ੍ਰੀਤ ਇਆਲੀ ਦੇ ਹੱਕ ਵਿਚ ਪ੍ਰਚਾਰ ਕੀਤਾ। ਉਨ੍ਹਾਂ ਸੂਬੇ ਦੀ ਕਾਂਗਰਸ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦੇ ਦੋਸ਼ ਲਾਉਂਦਿਆਂ ਰਾਜ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ’ਤੇ ਵੀ ਤਿੱਖੇ ਹਮਲੇ ਕੀਤੇ।
ਕੈਪਟਨ ’ਤੇ ਧਾਰਮਿਕ ਸਮਾਗਮ ਨੂੰ ਰਾਜਸੀ ਰੰਗਤ ਦੇਣ ਦਾ ਇਲਜ਼ਾਮ
ਲੁਧਿਆਣਾ (ਗਗਨਦੀਪ ਅਰੋੜਾ): ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਾਂਗਰਸ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਵੱਖਰੀ ਸਟੇਜ ਲਾ ਕੇ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਾਂਝਾ ਸਮਾਗਮ ਕਰਵਾਉਣ ਸਬੰਧੀ ਦਿੱਤੇ ਮਸ਼ਵਰੇ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀਆਂ ਕੋਸ਼ਿਸਾਂ ਦੇ ਬਾਵਜੂਦ ਕਾਂਗਰਸ ਸਰਕਾਰ ਨੇ ਸਮਾਗਮ ਲਈ ਵੱਖਰੀ ਸਟੇਜ ਲਾਉਣ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮ ਨੂੰ ਪੰਜਾਬ ਸਰਕਾਰ ਰਾਜਸੀ ਰੰਗਤ ਦੇਣ ’ਤੇ ਲੱਗੀ ਹੋਈ ਹੈ। ਕੇਂਦਰੀ ਮੰਤਰੀ ਬਾਦਲ ਨੇ ਕਿਹਾ ਕਿ ਬਿਹਾਰ ’ਚ ਜਦ ਧਾਰਮਿਕ ਸਮਾਗਮ ਹੋਇਆ ਸੀ ਤਾਂ ਉਸ ਸਮੇਂ ਸਰਕਾਰ ਨੇ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਸਨ, ਪਰ ਮੁੱਖ ਧਾਰਮਿਕ ਸਮਾਗਮ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਨੇ ਕੀਤਾ ਸੀ। ਉਨ੍ਹਾਂ ਪੰਜਾਬ ਸਰਕਾਰ ਨੂੰ ਨਸ਼ਿਆਂ ਦੇ ਮਾਮਲੇ ’ਤੇ ਵੀ ਘੇਰਿਆ।
No Comment posted
Name*
Email(Will not be published)*
Website