ਗਿਆਨੀ ਰਘਬੀਰ ਸਿੰਘ ਬਣੇ ਅਕਾਲ ਤਖ਼ਤ ਦੇ ਜਥੇਦਾਰ

ਗਿਆਨੀ ਰਘਬੀਰ ਸਿੰਘ ਬਣੇ ਅਕਾਲ ਤਖ਼ਤ ਦੇ ਜਥੇਦਾਰ

ਅੰਮ੍ਰਿਤਸਰ - ਸ਼੍ਰੋਮਣੀ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਕੋਲੋਂ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵਜੋਂ ਸੌਂਪੀਆਂ ਵਾਧੂ ਸੇਵਾਵਾਂ ਵਾਪਸ ਲੈਂਦਿਆਂ ਅੱਜ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਦਾ ਨਿਯਮਤ ਜਥੇਦਾਰ ਨਿਯੁਕਤ ਕਰ ਦਿੱਤਾ ਹੈ। ਗਿਆਨੀ ਰਘਬੀਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਮੁੱਖ ਗ੍ਰੰਥੀ ਵਜੋਂ ਵੀ ਸੇਵਾ ਨਿਭਾਉਣਗੇ। ਇਹ ਫ਼ੈਸਲਾ ਸ਼੍ਰੋਮਣੀ ਕਮੇਟੀ ਵਲੋਂ ਸੱਦੀ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਵਿਚ ਲਿਆ ਗਿਆ। ਅੰਤ੍ਰਿੰਗ ਕਮੇਟੀ ਨੇ ਗਿਆਨੀ ਸੁਲਤਾਨ ਸਿੰਘ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਜ਼ਿੰਮੇਵਾਰੀ ਸੌਂਪੀ ਹੈ। ਉਂਜ ਗਿਆਨੀ ਹਰਪ੍ਰੀਤ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਆਪਣੀਆ ਸੇਵਾਵਾਂ ਜਾਰੀ ਰਖਣਗੇ। ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਕਈ ਵੱਡੇ ਫ਼ੈਸਲੇ ਲਏ ਗਏ ਅਤੇ ਲਗਪਗ 30 ਮਿੰਟਾਂ ਤੋਂ ਵੀ ਘੱਟ ਸਮੇਂ ਵਿਚ ਇਹ ਮੀਟਿੰਗ ਖ਼ਤਮ ਹੋ ਗਈ। ਮੀਟਿੰਗ ਮਗਰੋਂ ਅੰਤ੍ਰਿੰਗ ਕਮੇਟੀ ਦੇ ਫ਼ੈਸਲਿਆਂ ਦੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਧਾਮੀ ਨੇ ਦੱਸਿਆ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਇੱਛਾ ਨਾਲ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਦੀਆਂ ਵਾਧੂ ਸੇਵਾਵਾਂ ਨਿਭਾਉਣ ’ਚ ਅਸਮਰੱਥਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਦੀ ਥਾਂ ਪੱਕੇ ਜਥੇਦਾਰ ਦੀ ਨਿਯੁਕਤੀ ਕਰਨ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ।
ਉਨ੍ਹਾਂ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਲਤਾਨ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੀ ਸੇਵਾ ਦੇ ਨਾਲ ਹੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਤੌਰ ਗ੍ਰੰਥੀ ਵਜੋਂ ਆਪਣੀ ਸੇਵਾ ਜਾਰੀ ਰਖਣਗੇ। ਇਸ ਮੌਕੇ ਅੰਤ੍ਰਿੰਗ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵਜੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਵੀ ਕੀਤੀ। ਪ੍ਰਧਾਨ ਨੇ ਸਪੱਸ਼ਟ ਕੀਤਾ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣਾ ਵਾਲੇ, ਜਿਨ੍ਹਾਂ ਨੂੰ ਕਾਰਜਕਾਰੀ ਹੈੱਡ ਗ੍ਰੰਥੀ ਦੀ ਸੇਵਾ ਸੌਂਪੀ ਸੀ, ਪਹਿਲਾਂ ਵਾਂਗ ਵਧੀਕ ਹੈੱਡ ਗ੍ਰੰਥੀ ਵਜੋਂ ਸੇਵਾ ਨਿਭਾਉਣਗੇ। ਜ਼ਿਕਰਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਪਿਛਲੇ ਕੁਝ ਸਮੇਂ ਤੋਂ ਵਿਵਾਦਾਂ ਦੇ ਘੇਰੇ ਵਿਚ ਸਨ। ਉਹ ‘ਆਪ’ ਦੇ ਸੰਸਦ ਮੈਂਬਰ ਰਾਘਵ ਚੱਢਾ ਦੇ ਮੰਗਣੀ ਸਮਾਗਮ ਵਿਚ ਸ਼ਿਰਕਤ ਕਰਨ ਗਏ ਸਨ ਅਤੇ ਉਸ ਤੋਂ ਬਾਅਦ ਹੀ ਸ਼੍ਰੋਮਣੀ ਅਕਾਲੀ ਦਲ ਵਲੋਂ ਇਤਰਾਜ਼ ਕੀਤਾ ਜਾ ਰਿਹਾ ਸੀ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਹੇਠਲੇ ਪੱਧਰ ’ਤੇ ਲੋਕਾਂ ਨਾਲ ਜੁੜਨ ਅਤੇ ਪਿੰਡਾਂ ਵੱਲ ਤੁਰਨ ਦੇ ਦਿੱਤੇ ਗਏ ਸੁਝਾਅ ਵੀ ਹਜ਼ਮ ਨਹੀਂ ਹੋਏ ਸਨ।
ਗਿਆਨੀ ਹਰਪ੍ਰੀਤ ਸਿੰਘ ਨੇ ਗੁਰੂਘਰ ਦਾ ਸ਼ੁਕਰਾਨਾ ਕੀਤਾ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ਖਾਤੇ ਵਿੱਚ ਆਪਣੀਆਂ ਭਾਵਨਾਵਾਂ ਦਰਜ ਕਰਦਿਆਂ ਗੁਰੂਘਰ ਦਾ ਸ਼ੁਕਰਾਨਾ ਕੀਤਾ ਹੈ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਹੈ ਕਿ ਗੁਰੂ ਮਿਹਰ ਭਰਿਆ ਹੱਥ ਬਣਾਈ ਰੱਖੇ ਅਤੇ ਪੱਤ ਬਖਸ਼ਣ। ਇਹ ਪੋਸਟ ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸੱਦੀ ਗਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਆਪਣੇ ਸੋਸ਼ਲ ਮੀਡੀਆ ਖਾਤੇ ਵਿਚ ਦਰਜ ਕੀਤੀ ਹੈ। ਦੱਸਣਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਇਨ੍ਹਾਂ ਦਿਨਾਂ ਦੌਰਾਨ ਵਿਦੇਸ਼ ਦੌਰੇ ’ਤੇ ਹਨ ਅਤੇ ਅੱਜ-ਕੱਲ ਵਿੱਚ ਹੀ ਦੇਸ਼ ਪਰਤਣ ਵਾਲੇ ਹਨ।
ਬੇਅਦਬੀ ਦੇ ਮਾਮਲੇ ਰੋਕਣ ਲਈ ਮੁਹਿੰਮ ਚਲਾਵਾਂਗੇ: ਜਥੇਦਾਰ
ਸ੍ਰੀ ਅਕਾਲ ਤਖ਼ਤ ਦੇ ਨਵੇਂ ਜਥੇਦਾਰ ਨਿਯੁਕਤ ਕੀਤੇ ਗਏ ਗਿਆਨੀ ਰਘਬੀਰ ਸਿੰਘ ਨੇ ਆਖਿਆ ਹੈ ਕਿ ਸਿੱਖ ਧਰਮ ਦੇ ਪ੍ਰਚਾਰ-ਪਸਾਰ ਨੂੰ ਵਧਾਉਣ ਅਤੇ ਬੇਅਦਬੀ ਮਾਮਲਿਆਂ ਨੂੰ ਰੋਕਣ ਲਈ ਉਹ ਜਾਗਰੂਕਤਾ ਮੁਹਿੰਮ ਚਲਾਉਣਗੇ। ਆਪਣੀ ਨਿਯੁਕਤੀ ਲਈ ਗੁਰੂਘਰ ਦਾ ਸ਼ੁਕਰਾਨਾ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਬੰਧਕਾਂ ਅਤੇ ਸੰਗਤ ਨੂੰ ਗੁਰੂਘਰ ਦੀ ਸੇਵਾ ਸੰਭਾਲ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸੇ ਤਰ੍ਹਾਂ ਨੌਜਵਾਨ ਪੀੜ੍ਹੀ ਨੂੰ ਪਤਿਤਪੁਣੇ ਤੋਂ ਰੋਕਣ ਅਤੇ ਸਿੱਖੀ ਨਾਲ ਜੋੜਨ ਲਈ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕੀਤਾ ਜਾਵੇਗਾ। ਗਿਆਨੀ ਰਘਬੀਰ ਸਿੰਘ ਅੰਮ੍ਰਿਤਸਰ ਦੇ ਪਿੰਡ ਸੁਲਤਾਨਵਿੰਡ ਦੇ ਰਹਿਣ ਵਾਲੇ ਹਨ। ਉਨ੍ਹਾਂ 1989 ’ਚ ਗ੍ਰੰਥੀ ਸਿੰਘ ਵਜੋਂ ਸੇਵਾਵਾਂ ਸ਼ੁਰੂ ਕੀਤੀਆਂ ਅਤੇ 1995 ਤੱਕ ਵੱਖ-ਵੱਖ ਅਸਥਾਨਾਂ ’ਤੇ ਸੇਵਾ ਨਿਭਾਈ। ਉਨ੍ਹਾਂ 1995 ਤੋਂ ਅਪਰੈਲ 2014 ਤੱਕ ਸ੍ਰੀ ਅਕਾਲ ਤਖ਼ਤ ਵਿਖੇ ਪੰਜ ਪਿਆਰਿਆਂ ’ਚ ਸਿੰਘ ਵਜੋਂ ਸੇਵਾ ਨਿਭਾਈ। ਉਨ੍ਹਾਂ ਨੂੰ 21 ਅਪਰੈਲ, 2014 ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਗ੍ਰੰਥੀ ਵਜੋਂ ਨਿਯੁਕਤ ਕੀਤਾ ਗਿਆ ਸੀ ਅਤੇ 24 ਅਗਸਤ, 2017 ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੀ ਸੇਵਾ ਸੌਂਪੀ ਗਈ ਸੀ। ਉਧਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਗਏ ਗਿਆਨੀ ਸੁਲਤਾਨ ਸਿੰਘ ਇਸ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਵੱਜੋਂ ਸੇਵਾ ਨਿਭਾਅ ਰਹੇ ਹਨ। ਉਨ੍ਹਾਂ 2008 ਵਿਚ ਬਤੌਰ ਗ੍ਰੰਥੀ ਸਿੰਘ ਸੇਵਾ ਸ਼ੁਰੂ ਕੀਤੀ ਸੀ ਅਤੇ 2015 ਵਿਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸੀਏ ਵਜੋਂ ਸੇਵਾ ਸੰਭਾਲੀ ਸੀ। ਸਾਲ 2021 ਵਿਚ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਗ੍ਰੰਥੀ ਨਿਯੁਕਤ ਕੀਤਾ ਗਿਆ ਸੀ।