ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਅੰਮ੍ਰਿਤਸਰ-ਸ਼੍ਰੋਮਣੀ ਕਮੇਟੀ ਨੇ ਸੰਗਤ ਦੇ ਸਹਿਯੋਗ ਨਾਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ। ਇਹ ਨਗਰ ਕੀਰਤਨ ਗੁਰਦੁਆਰਾ ਗੁਰੂ ਕੇ ਮਹਿਲ ਪੁੱਜ ਕੇ ਸੰਪੂਰਨ ਹੋਇਆ। ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਰਘਬੀਰ ਸਿੰਘ ਨੇ ਅਰਦਾਸ ਕਰ ਕੇ ਪਾਵਨ ਸਰੂਪ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਕੀਤਾ। ਨਗਰ ਕੀਰਤਨ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚੋਂ ਹੁੰਦਾ ਹੋਇਆ, ਗੁਰੂ ਰਾਮਦਾਸ ਨਿਵਾਸ, ਚੌਕ ਪਰਾਗਦਾਸ, ਚੌਕ ਮੰਨਾ ਸਿੰਘ, ਚੌਕ ਕਰੋੜੀ, ਚੌਕ ਬਾਬਾ ਸਾਹਿਬ, ਗੁਰਦੁਆਰਾ ਬਾਬਾ ਅਟੱਲ ਰਾਏ, ਗਲਿਆਰਾ, ਗੁਰਦੁਆਰਾ ਕੌਲਸਰ ਸਾਹਿਬ, ਆਟਾ ਮੰਡੀ, ਬਾਜ਼ਾਰ ਬਾਂਸਾਂ, ਬਾਜ਼ਾਰ ਪਾਪੜਾਂ, ਬਾਜ਼ਾਰ ਕਾਠੀਆਂ ਤੇ ਗੁਰੂ ਬਾਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਪਹੁੰਚ ਕੇ ਸੰਪੂਰਨ ਹੋਇਆ। ਇਸ ਦੌਰਾਨ ਸੰਗਤ ਨੇ ਵੱਖ-ਵੱਖ ਥਾਵਾਂ ’ਤੇ ਨਗਰ ਕੀਰਤਨ ਦਾ ਸਵਾਗਤ ਕਰ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਵਿੱਚ ਗਤਕਾ ਅਤੇ ਬੈਂਡ ਪਾਰਟੀਆਂ ਸਮੇਤ ਸੰਗਤ ਨੇ ਸ਼ਮੂਲੀਅਤ ਕੀਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਧਰਮ ਦੀ ਰੱਖਿਆ ਲਈ ਸ਼ਹਾਦਤ ਦੇ ਕੇ ਗੁਰੂ ਤੇਗ ਬਹਾਦਰ ਸਾਹਿਬ ਨੇ ਵਿਲੱਖਣ ਇਤਿਹਾਸ ਦੀ ਸਿਰਜਣਾ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਦੂਜਿਆਂ ਲਈ ਆਪਾ ਵਾਰਨ ਦੇ ਬਖ਼ਸ਼ਿਸ ਕੀਤੇ ਸਿਧਾਂਤ ਨੇ ਮਨੁੱਖਤਾ ਨੂੰ ਧਰਮ ਦੀ ਆਜ਼ਾਦੀ ਦਾ ਰਾਹ ਦਿਖਾਇਆ। ਉਨ੍ਹਾਂ ਗੁਰੂ ਸਾਹਿਬ ਦੇ ਨਾਲ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੀ ਸ਼ਹਾਦਤ ਨੂੰ ਵੀ ਯਾਦ ਕੀਤਾ।