ਮਲੂਕਾ ਦੀ ਨੂੰਹ ਅਤੇ ਪੁੱਤਰ ਭਾਜਪਾ ਵਿੱਚ ਸ਼ਾਮਲ ਹੋਏ

ਮਲੂਕਾ ਦੀ ਨੂੰਹ ਅਤੇ ਪੁੱਤਰ ਭਾਜਪਾ ਵਿੱਚ ਸ਼ਾਮਲ ਹੋਏ

ਨਵੀਂ ਦਿੱਲੀ -ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਤੇ ਸਾਬਕਾ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਸਿੱਧੂ ਤੇ ਉਨ੍ਹਾਂ ਦਾ ਪੁੱਤਰ ਗੁਰਪ੍ਰੀਤ ਸਿੰਘ ਵੀਰਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਮਲੂਕਾ ਲੋਕ ਸਭਾ ਚੋਣਾਂ ਲਈ ਬਣਾਈ ਗਈ ਅਕਾਲੀ ਦਲ ਦੀ ਮੈਨੀਫੈਸਟੋ ਕਮੇਟੀ ਦੇ ਮੈਂਬਰ ਹਨ। ਭਾਜਪਾ ਵੱਲੋਂ ਪਰਮਪਾਲ ਕੌਰ ਸਿੱਧੂ ਨੂੰ ਬਠਿੰਡਾ ਤੋਂ ਚੋਣ ਮੈਦਾਨ ਵਿੱਚ ਉਤਾਰੇ ਜਾਣ ਦੀ ਉਮੀਦ ਹੈ, ਜਿੱਥੇ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਚੌਥੀ ਵਾਰ ਮੈਦਾਨ ’ਚ ਹਨ। ਪਰਮਪਾਲ ਕੌਰ 2011 ਬੈਚ ਦੀ ਆਈਏਐੱਸ ਅਧਿਕਾਰੀ ਹਨ ਤੇ ਉਨ੍ਹਾਂ 31 ਅਕਤੂਬਰ ਨੂੰ ਸੇਵਾਮੁਕਤੀ ਤੋਂ ਪਹਿਲਾਂ ਅਸਤੀਫ਼ਾ ਦੇ ਦਿੱਤਾ ਹੈ। ਪਰਮਪਾਲ ਕੌਰ ਸਿੱਧੂ ਤੇ ਉਨ੍ਹਾਂ ਦੇ ਪਤੀ ਗੁਰਪ੍ਰੀਤ ਸਿੰਘ ਨੂੰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਵਿਜੈ ਰੂਪਾਣੀ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਕੀਤਾ ਗਿਆ। ਭਾਜਪਾ ਵਿੱਚ ਸ਼ਾਮਲ ਹੋਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਮਪਾਲ ਕੌਰ ਨੇ ਕਿਹਾ ਕਿ ਭਾਜਪਾ ਵਾਂਗ ਕਿਸੇ ਹੋਰ ਪਾਰਟੀ ਕੋਲ ਦੇਸ਼ ਲਈ ਵਿਜ਼ਨ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਦੀ ਤਾਕਤ ਨੂੰ ਹੁਣ ਪੂਰੀ ਦੁਨੀਆ ਪਛਾਣ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਵਿਕਾਸ ਮੁਖੀ ਨੀਤੀਆਂ ਤੋਂ ਪ੍ਰੇਰਿਤ ਹੋਏ ਹਨ। ਪਰਮਪਾਲ ਕੌਰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀਡੀਪੀਓ) ਵਜੋਂ ਸਰਕਾਰੀ ਨੌਕਰੀ ਵਿੱਚ ਸ਼ਾਮਲ ਹੋਈ ਸੀ। ਜਦੋਂ ਉਨ੍ਹਾਂ ਦੇ ਸਹੁਰੇ ਸਿਕੰਦਰ ਸਿੰਘ ਮਲੂਕਾ ਬਾਦਲ ਸਰਕਾਰ ਵਿੱਚ ਸਿੱਖਿਆ ਮੰਤਰੀ ਸਨ ਤਾਂ ਡਾਇਰੈਕਟਰ ਜਨਰਲ, ਸਕੂਲ ਸਿੱਖਿਆ ਦੇ ਦਫ਼ਤਰ ਨਾਲ ਜੁੜੇ ਇੱਕ ਵਾਧੂ ਪ੍ਰਾਜੈਕਟ ਡਾਇਰੈਕਟਰ ਵਜੋਂ ਉਹ ਉਥੇ ਤਾਇਨਾਤ ਰਹੇ ਸਨ। ਉਨ੍ਹਾਂ ਨੂੰ 2015 ਵਿੱਚ ਆਈਏਐੱਸ ਬਣਾਇਆ ਗਿਆ ਸੀ। ਪਰਮਪਾਲ ਕੌਰ ਸਿੱਧੂ ਵੱਲੋਂ ਅਸਤੀਫਾ ਦੇਣ ਤੋਂ ਬਾਅਦ ਮੁੱਖ ਸਕੱਤਰ ਵੱਲੋਂ ਉਨ੍ਹਾਂ ਦਾ ਅਸਤੀਫ਼ਾ ਮੁੱਖ ਮੰਤਰੀ ਨੂੰ ਮਨਜ਼ੂਰੀ ਲਈ ਭੇਜ ਦਿੱਤਾ ਗਿਆ ਸੀ। ਉਨ੍ਹਾਂ ਦੇ ਸਹੁਰੇ ਸਿਕੰਦਰ ਸਿੰਘ ਮਲੂਕਾ ਨੇ ਐਲਾਨ ਕੀਤਾ ਹੈ ਕਿ ਉਹ ਪਾਰਟੀ ਨਹੀਂ ਬਦਲਣਗੇ।