ਪੰਜਾਬ ਸਰਕਾਰ ਵੱਲੋਂ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਨੂੰ ‘ਕਾਰਨ ਦੱਸੋ ਨੋਟਿਸ’

ਪੰਜਾਬ ਸਰਕਾਰ ਵੱਲੋਂ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਨੂੰ ‘ਕਾਰਨ ਦੱਸੋ ਨੋਟਿਸ’

ਚੰਡੀਗੜ੍ਹ (ਟਨਸ): ਪੰਜਾਬ ਸਰਕਾਰ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਦੇ ਆਈਵੀਐੱਫ ਇਲਾਜ ਬਾਰੇ ਪੁੱਛ-ਪੜਤਾਲ ਕਰਨ ਦੇ ਮਾਮਲੇ ’ਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸ਼ਰਮਾ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰ ਕੇ ਦੋ ਹਫ਼ਤਿਆਂ ’ਚ ਜਵਾਬ ਮੰਗਿਆ ਹੈ। ਭਾਵੇਂ ਕੇਂਦਰੀ ਸਿਹਤ ਮੰਤਰਾਲੇ ਨੇ ਮੂਸੇਵਾਲਾ ਦੇ ਮਾਪਿਆਂ ਦੇ ਇਲਾਜ ਬਾਰੇ ਸੂਬਾ ਸਰਕਾਰ ਤੋਂ ਰਿਪੋਰਟ ਤਲਬ ਕੀਤੀ ਸੀ ਪਰ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਵੱਲੋਂ ਇਹ ਮਾਮਲਾ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦੇ ਧਿਆਨ ’ਚ ਲਿਆਂਦੇ ਬਿਨਾਂ ਮਾਮਲੇ ’ਚ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ। ਕੇਂਦਰੀ ਪੱਤਰ ਮਗਰੋਂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਿੱਧੇ ਤੌਰ ’ਤੇ ਪੰਜਾਬ ਸਰਕਾਰ ਨੂੰ ਕਟਹਿਰੇ ’ਚ ਖੜ੍ਹਾ ਕਰ ਦਿੱਤਾ ਅਤੇ ਉਸ ਮਗਰੋਂ ਇਹ ਗੱਲ ਸਪੱਸ਼ਟ ਹੋਈ ਕਿ ਕੇਂਦਰ ਸਰਕਾਰ ਨੇ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਕਾਰਵਾਈ ਵਿੱਢੀ ਹੈ। ਪੰਜਾਬ ਸਰਕਾਰ ਇਸ ਗੱਲੋਂ ਖ਼ਫ਼ਾ ਹੈ ਕਿ ਪ੍ਰਮੁੱਖ ਸਕੱਤਰ ਨੇ ਮਾਮਲਾ ਧਿਆਨ ’ਚ ਲਿਆਂਦੇ ਬਿਨਾਂ ਹੀ ਕੇਂਦਰੀ ਪੱਤਰ ਦੇ ਆਧਾਰ ’ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।ਸੂਬਾ ਸਰਕਾਰ ਨੇ ਅਜੋਏ ਸ਼ਰਮਾ ਨੂੰ ਦੋ ਹਫ਼ਤਿਆਂ ਵਿੱਚ ਪੱਤਰ ਦਾ ਜੁਆਬ ਦੇਣ ਲਈ ਆਖਦਿਆਂ ਕਿਹਾ ਹੈ ਕਿਉਂ ਨਾ ਉਨ੍ਹਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ। ਅਜੋਏ ਸ਼ਰਮਾ ਪਹਿਲਾਂ ਵੀ ‘ਆਪ’ ਸਰਕਾਰ ਦੇ ਨਿਸ਼ਾਨੇ ’ਤੇ ਆਏ ਸਨ ਜਦੋਂ ਉਨ੍ਹਾਂ ਨੇ ਸਿਹਤ ਵਿਭਾਗ ਦੇ ਬਜਟ ’ਚੋਂ ਇਸ਼ਤਿਹਾਰੀ ਬਜਟ ਨੂੰ ਪ੍ਰਵਾਨਗੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਤੇ ਕੁੱਝ ਮਹੀਨੇ ਉਨ੍ਹਾਂ ਦੀ ਪੋਸਟਿੰਗ ਹਵਾ ’ਚ ਹੀ ਲਟਕਦੀ ਰਹੀ ਹੈ।ਨੋਟਿਸ ਵਿੱਚ “ਰੂਲਜ਼ ਆਫ਼ ਬਿਜ਼ਨਸ, 1992 ਦੇ ਉਪਬੰਧਾਂ ਦਾ ਹਵਾਲਾ ਦਿੱਤਾ ਗਿਆ ਹੈ। ਇਨ੍ਹਾਂ ਉਪਬੰਧਾਂ ਤਹਿਤ ਉਕਤ ਮਾਮਲੇ ਨੂੰ ਮੁੱਖ ਮੰਤਰੀ ਜਾਂ ਸਬੰਧਤ ਮੰਤਰੀ ਦੇ ਧਿਆਨ ’ਚ ਲਿਆਉਣਾ ਬਣਦਾ ਸੀ ਤਾਂ ਜੋ ਅਗਲੇਰੇ ਆਦੇਸ਼ ਪ੍ਰਾਪਤ ਕੀਤੇ ਜਾ ਸਕਦੇ।