ਕੇਜਰੀਵਾਲ ਦੀ ਗ੍ਰਿਫ਼ਤਾਰੀ ਵਿਰੁੱਧ ਦੇਸ਼-ਵਿਦੇਸ਼ ’ਚ ਭੁੱਖ ਹੜਤਾਲ

ਕੇਜਰੀਵਾਲ ਦੀ ਗ੍ਰਿਫ਼ਤਾਰੀ ਵਿਰੁੱਧ ਦੇਸ਼-ਵਿਦੇਸ਼ ’ਚ ਭੁੱਖ ਹੜਤਾਲ

ਬੰਗਾ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਦੇਸ਼ ਦੀ ਆਜ਼ਾਦੀ ਅਤੇ ਸੰਵਿਧਾਨ ’ਤੇ ਕੀਤੇ ਜਾ ਰਹੇ ਹਮਲਿਆਂ ਦੀ ਨਿਖੇਧੀ ਕਰਦਿਆਂ ਇਸ ਨੂੰ ਲੋਕਤੰਤਰ ਲਈ ਸਭ ਤੋਂ ਵੱਡਾ ਖ਼ਤਰਾ ਕਰਾਰ ਦਿੱਤਾ ਹੈ। ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ’ਚ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ’ਚ ਸਮੂਹਿਕ ਵਰਤ ਰੱਖਿਆ ਗਿਆ। ਇਸ ਵਿੱਚ ਵਜ਼ੀਰ, ਵਿਧਾਇਕ, ਲੋਕ ਸਭਾ ਉਮੀਦਵਾਰ, ਹਲਕਾ ਇੰਚਾਰਜ ਅਤੇ ਹੋਰ ਆਗੂ ਵੱਡੀ ਗਿਣਤੀ ’ਚ ਸ਼ਾਮਲ ਹੋਏ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਸਰਕਾਰ ਦੀ ਸ਼ਹਿ ’ਤੇ ਅਰਵਿੰਦ ਕੇਜਰੀਵਾਲ ਨੂੰ ਸਿਆਸੀ ਬਦਲਾਖੋਰੀ ਦੀ ਆੜ ਹੇਠ ਗ੍ਰਿਫ਼ਤਾਰ ਕਰਨਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸਮੂਹਿਕ ਵਰਤ ਇਸ ਤਾਨਾਸ਼ਾਹੀ ਖ਼ਿਲਾਫ਼ ਆਵਾਜ਼ ਬੁਲੰਦ ਕਰਕੇ ਸ਼ਹੀਦਾਂ ਦੀ ਧਰਤੀ ਤੋਂ ਕੇਂਦਰ ਦੇ ਹਾਕਮਾਂ ਨੂੰ ਵੱਡੀ ਚਿਤਾਵਨੀ ਸਾਬਿਤ ਹੋਵੇਗਾ।