ਅਬੋਹਰ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ‘ਆਪ’ ’ਚ ਸ਼ਾਮਲ

ਅਬੋਹਰ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ‘ਆਪ’ ’ਚ ਸ਼ਾਮਲ

ਚੰਡੀਗੜ੍ਹ-ਵਿਧਾਨ ਸਭਾ ਹਲਕਾ ਅਬੋਹਰ ਤੋਂ ਭਾਜਪਾ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਅੱਜ ੲਿਥੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਸ੍ਰੀ ਨਾਰੰਗ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਰੋਪਾ ਭੇਟ ਕਰਦਿਆਂ ਪਾਰਟੀ ’ਚ ਸ਼ਾਮਲ ਕੀਤਾ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ‘ਐਕਸ’ ’ਤੇ ਸੁਨੇਹਾ ਦਿੱਤਾ ਕਿ ਪੰਜਾਬ ’ਚ ‘ਆਪ’ ਪਰਿਵਾਰ ਲਗਾਤਾਰ ਵਧ ਰਿਹਾ ਹੈ। ‘ਆਪ’ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਬੋਹਰ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਪਾਰਟੀ ’ਚ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਨਾਰੰਗ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ ਅਬੋਹਰ ਤੇ ਆਸ-ਪਾਸ ਦੇ ਇਲਾਕਿਆਂ ’ਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਅਰੁਣ ਨਾਰੰਗ ਨੇ ਕਿਹਾ ਕਿ ਭਾਜਪਾ ਪਹਿਲਾਂ ਵਰਗੀ ਪਾਰਟੀ ਨਹੀਂ ਰਹੀ ਹੈ। ਪਾਰਟੀ ਵਿੱਚ ਪੁਰਾਣੇ ਤੇ ਸੀਨੀਅਰ ਆਗੂਆਂ ਨੂੰ ਮਾਣ-ਸਨਮਾਨ ਦਿੱਤਾ ਜਾਂਦਾ ਸੀ ਪਰ ਹੁਣ ਭਾਜਪਾ ਨੇ ਪੰਜਾਬ ’ਚ ਟਕਸਾਲੀ ਵਰਕਰਾਂ ਨੂੰ ਨਜ਼ਰਅੰਦਾਜ਼ ਕਰਕੇ ਸਾਬਕਾ ਕਾਂਗਰਸੀਆਂ ਨੂੰ ਮੂਹਰੇ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਦੇ ਅਹੁਦੇ ਸਣੇ ਹੋਰਨਾਂ ਅਹਿਮ ਅਹੁਦਿਆਂ ’ਤੇ ਪਾਰਟੀ ’ਚ ਕੁਝ ਦਿਨ ਪਹਿਲਾਂ ਸ਼ਾਮਲ ਹੋਏ ਆਗੂਆਂ ਨੂੰ ਬਿਠਾਇਆ ਗਿਆ ਹੈ, ਜੋ ਕਿ ਪਾਰਟੀ ਦੀ ਵਿਰਚਾਰਧਾਰਾ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਪੁਰਾਣੇ ਆਗੂ ਇਸ ਨਵੀਂ ਲਿਡਰਸ਼ਿਪ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।
2017 ਦੀਆਂ ਚੋਣਾਂ ’ਚ ਨਾਰੰਗ ਨੇ ਸੁਨੀਲ ਜਾਖੜ ਨੂੰ ਦਿੱਤੀ ਸੀ ਮਾਤ

ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ’ਚ ਹਲਕਾ ਅਬੋਹਰ ਤੋਂ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਨੂੰ ਹਰਾਇਆ ਸੀ। ਹੁਣ ਭਾਜਪਾ ਨੇ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾ ਦਿੱਤਾ ਹੈ। ਇਸ ਤੋਂ ਇਲਾਵਾ ਸਾਬਕਾ ਵਿਧਾਇਕ ਅਰੁਣ ਨਾਰੰਗ ਨੂੰ ਕਿਸਾਨ ਅੰਦੋਲਨ ਦੌਰਾਨ ਵੀ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ ਸੀ। ਹਾਲਾਂਕਿ ਅਰੁਣ ਨਾਰੰਗ ਨੇ ਸੁਨੀਲ ਜਾਖੜ ਦੇ ਪੰਜਾਬ ਭਾਜਪਾ ਦਾ ਪ੍ਰਧਾਨ ਬਣਦਿਆਂ ਹੀ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਸੀ। ਜ਼ਿਕਰਯੋਗ ਹੈ ਕਿ ਪੰਜਾਬ ਭਾਜਪਾ ਦੇ ਨਵੇਂ ਅਹੁਦੇਦਾਰਾਂ ਦੇ ਐਲਾਨ ਤੋਂ ਬਾਅਦ ਹੀ ਭਾਜਪਾ ਦੇ ਕਈ ਪੁਰਾਣੇ ਆਗੂ ਨਾਖੁਸ਼ ਦਿਖਾਈ ਦੇ ਰਹੇ ਹਨ। ਇਨ੍ਹਾਂ ਆਗੂਆਂ ਵੱਲੋਂ 24 ਸਤੰਬਰ ਨੂੰ ਮੀਟਿੰਗ ਕਰਕੇ ਭਵਿੱਖ ਦੀ ਰਣਨੀਤੀ ਉਲੀਕੀ ਜਾਵੇਗੀ।