ਪਾਣੀਆਂ ਦੀ ਵੰਡ ਦਾ ਮਸਲਾ ਸੰਵਾਦ ਜ਼ਰੀਏ ਹੱਲ ਹੋਵੇ: ਸ਼ਾਹ

ਪਾਣੀਆਂ ਦੀ ਵੰਡ ਦਾ ਮਸਲਾ ਸੰਵਾਦ ਜ਼ਰੀਏ ਹੱਲ ਹੋਵੇ: ਸ਼ਾਹ

ਅੰਮ੍ਰਿਤਸਰ-ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਰੇ ਮੈਂਬਰ ਰਾਜਾਂ ਨੂੰ ਪਾਣੀਆਂ ਦੀ ਵੰਡ ਸਬੰਧੀ ਆਪਸੀ ਵਿਵਾਦ ‘ਖੁੱਲ੍ਹੇ ਮਨ’ ਅਤੇ ਆਪਸੀ ਸੰਵਾਦ ਨਾਲ ਹੱਲ ਕਰਨ ਦਾ ਸੱਦਾ ਦਿੱਤਾ ਹੈ।

ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਗ੍ਰਹਿ ਮੰਤਰੀ ਨੇ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਸਰਹੱਦਾਂ ਦੀ ਸੁਰੱਖਿਆ ਅਤੇ ਚੌਕਸੀ ਲਈ ਵਚਨਬੱਧ ਹੈ ਅਤੇ ਜਲਦੀ ਹੀ ਸਰਹੱਦਾਂ ’ਤੇ ਐਂਟੀ-ਡਰੋਨ ਪ੍ਰਣਾਲੀ ਸਥਾਪਿਤ ਕੀਤੀ ਜਾਵੇਗੀ। ਉਨ੍ਹਾਂ ਕੌਂਸਲ ਮੈਂਬਰਾਂ ਨੂੰ ਆਪੋ-ਆਪਣੇ ਸੂਬਿਆਂ ਵਿੱਚ ਕੁਦਰਤੀ ਅਤੇ ਆਰਗੈਨਿਕ ਖੇਤੀ ਵਿਧੀ ਅਪਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਰਕਾਰ ਨੇ ਨਾਰਕੋਟਿਕਸ ਅਤੇ ਅਤਿਵਾਦ ਨੂੰ ਨਕੇਲ ਪਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ। ਸਕੂਲੀ ਬੱਚਿਆਂ ਦੇ ਪੜ੍ਹਾਈ ਵਿਚਾਲੇ ਛੱਡਣ ਤੇ ਕੁਪੋਸ਼ਣ ਜਿਹੇ ਮੁੱਦਿਆਂ ਨੂੰ ਉਨ੍ਹਾਂ ਤਰਜੀਹੀ ਮੁੱਦੇ ਦੱਸਦੇ ਹੋਏ ਸਾਰੇ ਸੂਬਿਆਂ ਦੇ ਪ੍ਰਤੀਨਿਧਾਂ ਨੂੰ ਇਨ੍ਹਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਕੀਤੀ। ਬੈਠਕ ਦੌਰਾਨ ਉਠਾਏ ਗਏ ਪਾਣੀਆਂ ਦੀ ਵੰਡ ਦੇ ਮਾਮਲੇ ਬਾਰੇ ਕੇਂਦਰੀ ਗ੍ਰਹਿ ਮੰਤਰੀ ਨੇ ਕੌਂਸਲ ਦੇ ਸਮੂਹ ਮੈਂਬਰਾਂ ਨੂੰ ਕਿਹਾ ਕਿ ਇਹ ਮਸਲਾ ਆਪਸੀ ਸੰਵਾਦ ਰਾਹੀ ਹੱਲ ਕੀਤਾ ਜਾਵੇ। ਇਸ ਮਾਮਲੇ ਨੂੰ ਹੱਲ ਕਰਨ ਲੱਗਿਆਂ ਖੁੱਲ੍ਹੇ ਮਨ ਨਾਲ ਵਿਚਾਰ ਚਰਚਾ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਵਾਸਤੇ ਕੇਂਦਰੀ ਹਥਿਆਰਬੰਦ ਪੁਲੀਸ ਬਲਾਂ ਤੇ ਫੌਜ ਵਿੱਚ ਵਧੇਰੇ ਭਰਤੀ ਉੱਤਰੀ ਖੇਤਰ ਦੇ ਸੂਬਿਆਂ ਵਿੱਚੋਂ ਹੀ ਹੁੰਦੀ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਕੇਂਦਰ ਸਰਕਾਰ ਵੱਲੋਂ ਜਲਦੀ ਹੀ ਸਰਹੱਦਾਂ ਦੀ ਰਾਖੀ ਲਈ ਐਂਟੀ-ਡਰੋਨ ਪ੍ਰਣਾਲੀ ਤਾਇਨਾਤ ਕੀਤੀ ਜਾਵੇਗੀ। ਹਿਮਾਚਲ ਪ੍ਰਦੇਸ਼ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਦਾ ਭਰੋਸਾ ਦਿੰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਸਾਰਾ ਦੇਸ਼ ਹਿਮਾਚਲ ਪ੍ਰਦੇਸ਼ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹਿਮਾਚਲ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ। ਇਸ ਦੌਰਾਨ ਬੁਲਾਰੇ ਮੁਤਾਬਕ ਅੱਜ ਕੌਂਸਲ ਦੀ ਬੈਠਕ ਵਿੱਚ ਲਗਪਗ 28 ਮੁੱਦਿਆਂ ’ਤੇ ਚਰਚਾ ਕੀਤੀ ਗਈ। ਇਨ੍ਹਾਂ ਵਿੱਚ ਅੰਤਰਰਾਜੀ ਦਰਿਆਈ ਪਾਣੀ ਦੀ ਵੰਡ ਨਾਲ ਸਬੰਧਤ ਮਾਮਲਾ, ਪਿੰਡਾਂ ਵਿੱਚ ਬੈਂਕ ਸ਼ਾਖਾਵਾਂ ਅਤੇ ਡਾਕ ਬੈਂਕਿੰਗ ਸਹੂਲਤ ਉਪਲੱਬਧ ਕਰਵਾਉਣਾ, ਪੰਜਾਬ ਯੂਨੀਵਰਸਿਟੀ ਨਾਲ ਸਬੰਧਤ ਮਾਮਲਾ, ਸਾਈਬਰ ਅਪਰਾਧ ਦੀ ਰੋਕਥਾਮ, ਜਲ ਜੀਵਨ ਮਿਸ਼ਨ ਅਤੇ ਉਡਾਨ ਯੋਜਨਾ ਤਹਿਤ ਮੁੜ ਤੋਂ ਹਵਾਈ ਸੇਵਾਵਾਂ ਸ਼ੁਰੂ ਕਰਨ ਬਾਰੇ ਚਰਚਾ ਕੀਤੀ ਗਈ ਹੈ। ਮੀਟਿੰਗ ਵਿੱਚ ਔਰਤਾਂ ਤੇ ਬੱਚਿਆਂ ਖਿਲਾਫ਼ ਬਲਾਤਕਾਰ ਤੇ ਜਿਨਸੀ ਸ਼ੋਸ਼ਣ ਦੇ ਹੋਰ ਮਾਮਲਿਆਂ ਨੂੰ ਤੁਰੰਤ ਹੱਲ ਕਰਨ, ਖੇਤੀਬਾੜੀ ਕਰਜ਼ਾ ਸੁਸਾਇਟੀਆਂ ਨੂੰ ਮਜ਼ਬੂਤ ਕਰਨ ਅਤੇ ਖੇਤੀ ਭੂਮੀ ਦੀ ਖਰੀਦ ਸਬੰਧੀ ਕਾਨੂੰਨ ਬਾਰੇ ਵਿਚਾਰ ਚਰਚਾ ਹੋਈ ਹੈ। ਕੇਂਦਰੀ ਗ੍ਰਹਿ ਮੰਤਰੀ ਨੇ ਦੱਸਿਆ ਕਿ ਪੰਜ ਖੇਤਰੀ ਕੌਂਸਲਾਂ ਦੀਆਂ ਮੀਟਿੰਗਾਂ ਨਿਯਮਤ ਰੂਪ ਵਿੱਚ ਸੱਦੀਆਂ ਜਾ ਰਹੀਆਂ ਹਨ, ਜਿਸ ਨਾਲ ਆਪਸੀ ਵਿਵਾਦ ਦੇ ਕਈ ਮਾਮਲੇ ਸੰਵਾਦ ਵਿਧੀ ਨਾਲ ਹੱਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕੌਂਸਲ ਦੀ ਮੀਟਿੰਗ ਆਪਸੀ ਵਿਚਾਰ ਚਰਚਾ ਵਾਸਤੇ ਵੀ ਇਕ ਯੋਗ ਮੰਚ ਹੈ। ਇਸ ਮੌਕੇ ਉੱਤਰੀ ਖੇਤਰੀ ਕੌਂਸਲ ਵੱਲੋਂ ਚੰਦਰਯਾਨ 3 ਮਿਸ਼ਨ ਤੇ ਜੀ-20 ਸੰਮੇਲਨ ਦੀ ਸਫਲਤਾ, ਵਿਸ਼ਵ ਕਲਿਆਣ ਲਈ ਭਾਰਤ ਦੀ ਅਗਵਾਈ ਦੀ ਦੁਨੀਆ ਭਰ ਵਿੱਚ ਪ੍ਰਸ਼ੰਸਾ ਅਤੇ ਸੰਸਦ ਵਿੱਚ ਮਹਿਲਾ ਰਾਖਵਾਂਕਰਨ ਬਿੱਲ ਪਾਸ ਕੀਤੇ ਜਾਣ ਦਾ ਸਵਾਗਤ ਕੀਤਾ ਗਿਆ। ਮੀਟਿੰਗ ਵਿੱਚ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ, ਦਿੱਲੀ, ਜੰਮੂ ਕਸ਼ਮੀਰ ਅਤੇ ਲੱਦਾਖ ਦੇ ਉਪ ਰਾਜਪਾਲ, ਚੰਡੀਗੜ੍ਹ ਦੇ ਪ੍ਰਸ਼ਾਸਕ, ਮੈਂਬਰ ਰਾਜਾਂ ਦੇ ਸੀਨੀਅਰ ਮੰਤਰੀ, ਕੇਂਦਰੀ ਗ੍ਰਹਿ ਸਕੱਤਰ ਅਤੇ ਹੋਰ ਸੂਬਿਆਂ ਦੇ ਅਧਿਕਾਰੀ ਸ਼ਾਮਲ ਹੋਏ।