ਪਹਿਲੇ ਗੇੜ ਦੀਆਂ ਵੋਟਾਂ ਵਿੱਚ ‘ਇੰਡੀਆ’ ਗੱਠਜੋੜ ਅੱਗੇ: ਭਗਵੰਤ ਮਾਨ

ਪਹਿਲੇ ਗੇੜ ਦੀਆਂ ਵੋਟਾਂ ਵਿੱਚ ‘ਇੰਡੀਆ’ ਗੱਠਜੋੜ ਅੱਗੇ: ਭਗਵੰਤ ਮਾਨ

ਅੰਮ੍ਰਿਤਸਰ-ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਪਹਿਲੇ ਗੇੜ ਦੀਆਂ ਲੋਕ ਸਭਾ ਚੋਣਾਂ ਵਾਸਤੇ ਪਈਆਂ ਵੋਟਾਂ ਵਿੱਚ ਇੰਡੀਆ ਗਠਜੋੜ ਅੱਗੇ ਚੱਲ ਰਿਹਾ ਹੈ ਅਤੇ ਹਾਕਮ ਧਿਰ ਭਾਜਪਾ ਪਿੱਛੇ ਹੈ ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰ ਵਿੱਚ ਵੀ ਤਬਦੀਲੀ ਆ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚੋਣ ਪ੍ਰਚਾਰ ਵਿੱਚ ਸ਼ਾਮਲ ਹੋਣ ਤੋਂ ਰੋਕਣ ਲਈ ਗ੍ਰਿਫਤਾਰ ਕੀਤਾ ਗਿਆ। ਉਹ ਅੱਜ ਸ਼ਾਮ ਇੱਥੇ ‘ਆਪ’ ਦੇ ਲੋਕ ਸਭਾ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿੱਚ ਚੋਣ ਪ੍ਰਚਾਰ ਵਾਸਤੇ ਪੁੱਜੇ ਸਨ। ਮੁੱਖ ਮੰਤਰੀ ਦੀ ਅਗਵਾਈ ਹੇਠ ਸ਼ਹਿਰ ਦੇ ਅੰਦਰੂਨੀ ਹਿੱਸੇ ਹਾਲ ਬਾਜ਼ਾਰ ਵਿੱਚ ਰੋਡ ਸ਼ੋਅ ਕੀਤਾ ਗਿਆ। ਉਨ੍ਹਾਂ ਆਖਿਆ ਕਿ ਇੰਡੀਆ ਗਠਜੋੜ ਦੀ ਜਿੱਤ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਦੇ ਸੁਰ ਵਿੱਚ ਵੀ ਤਬਦੀਲੀ ਆਈ ਹੈ। ਉਹ ਹੁਣ 400 ਪਾਰ ਦੀ ਥਾਂ ਸਥਿਰ ਸਰਕਾਰ ਦਾ ਨਾਅਰਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੰਗਲ ਸੂਤਰ ਤੇ ਨਾਂ ਤੇ ਵੋਟਾਂ ਮੰਗਣਾ ਸ਼ਰਮਨਾਕ ਹੈ। ਉਹਨਾਂ ਆਖਿਆ ਕਿ ਪੰਜਾਬ ਦੇ ਲੋਕ ਨਫਰਤ ਦੀ ਰਾਜਨੀਤੀ ਨੂੰ ਜਿੱਤਣ ਨਹੀਂ ਦੇਣਗੇ ਤੇ ਇਸ ਦਾ ਠੋਕਵਾਂ ਜਵਾਬ ਦੇਣਗੇ। ਉਹਨਾਂ ਨੇ ਲੋਕਾਂ ਨੂੰ ਆਪ ਦੇ ਹੱਕ ਵਿੱਚ ਭੁਗਤਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਵਾਰ 13-0 ਨਾਲ ਜਿੱਤ ਦਾ ਜਵਾਬ ਦਿੱਤਾ ਜਾਵੇ। ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਕੀਤਾ ਰੋਡ ਸ਼ੋਅ ਦਾ ਬਾਈਕਾਟ ਰੋਡ ਸ਼ੋਅ ਵਿੱਚ ਸ਼ਹਿਰ ਦੇ ਪੰਜ ਵਿਧਾਨ ਸਭਾ ਹਲਕਿਆਂ ਵਿੱਚੋਂ ਚਾਰ ਵਿਧਾਇਕ ਸ਼ਾਮਿਲ ਸਨ। ਜਦੋਂ ਕਿ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਰੋਡ ਸ਼ੋਅ ਵਿੱਚ ਸ਼ਾਮਿਲ ਨਹੀਂ ਸਨ। ਇਸ ਮਾਮਲੇ ਵਿੱਚ ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਖਿਆ ਕਿ ਉਹਨਾਂ ਅੱਜ ਮੁੱਖ ਮੰਤਰੀ ਦੇ ਰੋਡ ਸ਼ੋਅ ਦਾ ਬਾਈਕਾਟ ਕੀਤਾ ਹੈ ਕਿਉਂਕਿ ਮੁੱਖ ਮੰਤਰੀ ਨੇ ਦੋ ਦਿਨ ਪਹਿਲਾਂ ਬਰਗਾੜੀ ਬੇਅਦਬੀ ਮਾਮਲੇ ਵਿੱਚ ਇੱਕ ਵਿਵਾਦਤ ਬਿਆਨ ਦਿੱਤਾ ਸੀ ਅਤੇ ਕਿਹਾ ਸੀ ਕਿ ਇਸ ਬਾਰੇ ਵਿਧਾਇਕ ਦੀ ਨਿੱਜੀ ਰਾਏ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਉਹ ਲੋਕ ਸਭਾ ਚੋਣ ਲੜ ਰਹੇ ਕੁਲਦੀਪ ਸਿੰਘ ਧਾਲੀਵਾਲ ਨੂੰ ਪੂਰਾ ਸਮਰਥਨ ਦੇਣਗੇ ਅਤੇ ਉਹ ਪਾਰਟੀ ਨੂੰ ਪੂਰੀ ਤਰ੍ਹਾਂ ਸਮਰਪਿਤ ਹਨ।