ਸ਼੍ਰੋਮਣੀ ਕਮੇਟੀ ਚੋਣਾਂ: ਵੋਟਾਂ ਬਣਾਉਣ ਦੀ ਪ੍ਰਕਿਰਿਆ 21 ਤੋਂ

ਸ਼੍ਰੋਮਣੀ ਕਮੇਟੀ ਚੋਣਾਂ: ਵੋਟਾਂ ਬਣਾਉਣ ਦੀ ਪ੍ਰਕਿਰਿਆ 21 ਤੋਂ

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਵੋਟਰ ਸੂਚੀਆਂ ਦੀ ਸੁਧਾਈ ਕਰਨ ਤੇ ਨਵੀਆਂ ਵੋਟਾਂ ਬਣਾਉਣ ਦੀ ਪ੍ਰਕਿਰਿਆ 21 ਅਕਤੂਬਰ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਚੋਣਾਂ ਕਰਵਾਉਣ ਲਈ ਰਾਹ ਪੱਧਰਾ ਹੋਵੇਗਾ, ਜਿਸ ਨਾਲ ਜਮਹੂਰੀ ਢੰਗ ਨਾਲ ਚੁਣੀ ਗਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੀ ਸਿੱਖਾਂ ਦੇ ਮਾਮਲਿਆਂ ਦੀ ਵਾਗਡੋਰ ਸੰਭਾਲ ਸਕੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਕੰਮਕਾਰ ਆਰਜ਼ੀ ਪ੍ਰਧਾਨ ਵਾਲੀ ਅੰਤਰਿਮ ਕਮੇਟੀ ਚਲਾ ਰਹੀ ਹੈ। ਸੂਬਾ ਸਰਕਾਰ ਪ੍ਰਮੁੱਖ ਸਿੱਖ ਸੰਸਥਾ ਦੀਆਂ ਚੋਣਾਂ ਜਲਦੀ ਕਰਵਾਉਣਾ ਯਕੀਨੀ ਬਣਾਏਗੀ। ਸ੍ਰੀ ਮਾਨ ਨੇ ਕਿਹਾ ਕਿ ਸਿੱਖਾਂ ਦੀ ਵੱਕਾਰੀ ਸੰਸਥਾ ਹੁਣ ਆਪਣੇ ਆਕਾਵਾਂ ਦੇ ਹੱਥਾਂ ਦੀ ਕਠਪੁਤਲੀ ਬਣ ਗਈ ਹੈ। ਇਸ ਸਰਵਉੱਚ ਸੰਸਥਾ ਦੇ ਫੈਸਲੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਪਹਿਲਾਂ ਹੀ ਲੈ ਲਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਲਈ ਆਜ਼ਾਦ ਤੇ ਨਿਰਪੱਖ ਚੋਣਾਂ ਕਰਵਾਉਣ ਦੀ ਲੋੜ ਹੈ। ਇਸ ਸੰਸਥਾ ਦੇ ਸਾਰੇ ਫੈਸਲੇ ਬਾਦਲ ਪਰਿਵਾਰ ਵੱਲੋਂ ਤੈਅ ਹੁੰਦੇ ਹਨ ਅਤੇ ਇਹ ਪਰਿਵਾਰ ਹੀ ਫੈਸਲੇ ਲਾਗੂ ਕਰਵਾਉਂਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ’ਚ ਨਿੱਜੀ ਦਖਲ ਦੇ ਕੇ ਸੰਗਤਾਂ ਦੇ ਹਿੱਤਾਂ ਨੂੰ ਢਾਹ ਲਾਈ ਜਾ ਰਹੀ ਹੈ, ਜਿਸ ਨੂੰ ਲੋਕ ਕਦੇ ਵੀ ਮੁਆਫ ਨਹੀਂ ਕਰਨਗੇ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਲੜਨ ਦੀ ਪੇਸ਼ਕਸ਼ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ‘ਐਕਸ’ ’ਤੇ ਕਿਹਾ ਕਿ ਜੇਕਰ ਸ੍ਰੀ ਮਾਨ ਚੋਣ ਲੜਨੀ ਚਾਹੁੰਦੇ ਹਨ ਤਾਂ ਉਨ੍ਹਾਂ ਦਾ ਸਵਾਗਤ ਹੈ। ਉਹ ਕੇਜਰੀਵਾਲ ਤੋਂ ਇਜਾਜ਼ਤ ਲੈ ਲੈਣ। ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਗੁਰਦੁਆਰਾ ਚੋਣ ਕਮਿਸ਼ਨ ਵੋਟਾਂ ਬਣਾਉਣ ਸਬੰਧੀ ਨਿਰਦੇਸ਼ 25 ਮਈ ਨੂੰ ਜਾਰੀ ਕਰ ਚੁੱਕਾ ਹੈ। ਇਸ ਤੋਂ ਬਾਅਦ ਭਗਵੰਤ ਮਾਨ ਦਾ ਵੱਖਰਾ ਐਲਾਨਨਾਮਾ ਚੋਣ ਪ੍ਰਕਿਰਿਆ ’ਚ ਦਖਲ ਅੰਦਾਜ਼ੀ ਹੈ।