ਕਾਂਗਰਸ ਪਾਰਟੀ ਵੱਲੋਂ ਚੋਣ ਮੈਨੀਫੈਸਟੋ ਜਾਰੀ

ਕਾਂਗਰਸ ਪਾਰਟੀ ਵੱਲੋਂ ਚੋਣ ਮੈਨੀਫੈਸਟੋ ਜਾਰੀ

ਨਵੀਂ ਦਿੱਲੀ- ਕਾਂਗਰਸ ਨੇ ਅੱਜ ਲੋਕ ਸਭਾ ਚੋਣਾਂ-2024 ਲਈ ਆਪਣਾ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਕਾਂਗਰਸ ਦਾ ਮੈਨੀਫੈਸਟੋ ਨਿਆਂ ਦੇ ਪੰਜ ਥੰਮ੍ਹਾਂ ਅਤੇ ਉਨ੍ਹਾਂ ਤਹਿਤ 25 ਗਾਰੰਟੀਆਂ ’ਤੇ ਕੇਂਦਰਿਤ ਹੈ। ਪਾਰਟੀ ਨੇ ਆਪਣੇ ਮੈਨੀਫੈਸਟੋ ’ਚ ਸਿਖਲਾਈ ਦਾ ਅਧਿਕਾਰ, ਐੱਮਐੱਸਪੀ ਦੀ ਕਾਨੂੰਨੀ ਗਾਰੰਟੀ, ਰਾਖਵਾਂਕਰਨ ਤੋਂ 50 ਫੀਸਦ ਦੀ ਹੱਦ ਹਟਾਉਣ ਲਈ ਸੰਵਿਧਾਨਕ ਸੋਧ ਕਰਨ, ਦੇਸ਼ ਭਰ ’ਚ ਜਾਤੀ ਆਧਾਰਿਤ ਜਨਗਣਨਾ ਕਰਨ ਅਤੇ ਅਗਨੀਪਥ ਯੋਜਨਾ ਰੱਦ ਕਰਨ ਸਮੇਤ ਹੋਰ ਕਈ ਵਾਅਦੇ ਕੀਤੇ ਹਨ। ਇਹ ਮੈਨੀਫੈਸਟੋ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਦੀ ਹਾਜ਼ਰੀ ਵਿੱਚ ਕਾਂਗਰਸ ਦੇ ਹੈੱਡਕੁਆਰਟਰ ’ਚ ਜਾਰੀ ਕੀਤਾ ਗਿਆ ਹੈ।ਕਾਂਗਰਸ ਨੇ ਆਪਣੇ 45 ਸਫਿਆਂ ਦੇ ਮੈਨੀਫੈਸਟੋ ਨੂੰ ‘ਨਿਆਏ ਪੱਤਰ’ ਦਾ ਨਾਂ ਦਿੱਤਾ ਹੈ ਅਤੇ ਇਸ ’ਤੇ ਖੜਗੇ ਤੇ ਰਾਹੁਲ ਅਤੇ ਭਾਰਤ ਜੋੜੋ ਯਾਤਰਾ ਦੀਆਂ ਤਸਵੀਰਾਂ ਹਨ। ਸਮਾਗਮ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ, ‘ਮੈਂ ਹਰ ਕਿਸੇ ਨੂੰ ਅਪੀਲ ਕਰਦਾ ਹਾਂ ਕਿ ਸਾਡੇ ਮੈਨੀਫੈਸਟੋ ਨੂੰ ਧਿਆਨ ਨਾਲ ਦੇਖੋ ਅਤੇ ਤੁਹਾਨੂੰ ਇਸ ਵਿੱਚ ਸਾਡੇ ਦੇਸ਼ ਦੀ ਖੂਬਸੂਰਤ ਦਿਖਾਈ ਦੇਵੇਗੀ।’ ਉਨ੍ਹਾਂ ਕਿਹਾ, ‘ਜਦੋਂ ਅਸੀਂ ਸੱਤਾ ’ਚ ਆਏ ਤਾਂ ਗਰੀਬਾਂ ਲਈ ਦਰਵਾਜ਼ੇ ਖੋਲ੍ਹਾਂਗੇ। ਪ੍ਰਧਾਨ ਮੰਤਰੀ ਮੋਦੀ ਸਾਡੇ ਲੋਕਾਂ ਨੂੰ ਲਿਜਾ ਰਹੇ ਹਨ ਤੇ ‘400 ਪਾਰ’ ਦਾ ਦਾਅਵਾ ਕਰ ਰਹੇ ਹਨ।’ ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਕੁਝ ਕੀਤਾ ਹੈ ਜਾਂ ਜਿਨ੍ਹਾਂ ਨੂੰ ਡਰ ਹੈ, ਉਹੀ ਪਾਰਟੀ ਛੱਡ ਕੇ ਭਾਜਪਾ ’ਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਇਸ ਗੱਲ ’ਤੇ ਵੀ ਹੈਰਾਨੀ ਜ਼ਾਹਿਰ ਕੀਤੀ ਕਿਸ ਤਰ੍ਹਾਂ ਦੀ ਖੇਡ ਖੇਡੀ ਜਾ ਰਹੀ ਹੈ ਜਦੋਂ ਮੁੱਖ ਵਿਰੋਧੀ ਪਾਰਟੀ ਦੇ ਖਾਤੇ ਹੀ ਫਰੀਜ਼ ਕਰ ਦਿੱਤੇ ਗਏ ਹਨ। ਕਾਂਗਰਸ ਨੇ ਕਿਹਾ ਕਿ ਜੇਕਰ ਉਹ ਸੱਤਾ ’ਚ ਆਈ ਤਾਂ ਉਹ ਬਿਨਾਂ ਕਿਸੇ ਪੱਖਪਾਤ ਦੇ ਸਾਰੀਆਂ ਜਾਤਾਂ, ਭਾਈਚਾਰਿਆਂ ਲਈ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਨੌਕਰੀਆਂ ਤੇ ਸਿੱਖਿਆ ਸੰਸਥਾਵਾਂ ’ਚ 10 ਫੀਸਦ ਕੋਟਾ ਲਾਗੂ ਕਰੇਗੀ।