ਦਰਬਾਰ ਸਾਹਿਬ ਕੰਪਲੈਕਸ ਵਿੱਚ ਸ਼ਹੀਦੀ ਗੈਲਰੀ ਦਾ ਉਦਘਾਟਨ

ਦਰਬਾਰ ਸਾਹਿਬ ਕੰਪਲੈਕਸ ਵਿੱਚ ਸ਼ਹੀਦੀ ਗੈਲਰੀ ਦਾ ਉਦਘਾਟਨ

ਅੰਮ੍ਰਿਤਸਰ-ਜੂਨ 1984 ’ਚ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ’ਤੇ ਹੋਏ ਫ਼ੌਜੀ ਹਮਲੇ ਦੇ ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਦਮਦਮੀ ਟਕਸਾਲ ਵੱਲੋਂ ਬਣਾਈ ਗਈ ਸ਼ਹੀਦੀ ਗੈਲਰੀ ਅੱਜ ਅਰਦਾਸ ਉਪਰੰਤ ਸੰਗਤ ਨੂੰ ਅਰਪਣ ਕੀਤੀ ਗਈ। ਇਸ ਗੈਲਰੀ ਵਿੱਚ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ 370 ਸਿੰਘਾਂ ਦੀਆਂ ਤਸਵੀਰਾਂ ਸਥਾਪਤ ਕੀਤੀਆਂ ਗਈਆਂ ਹਨ ਜਿਨ੍ਹਾਂ ਵਿਚੋਂ ਕੁਝ ਦੀਆਂ ਤਸਵੀਰਾਂ ਰਹਿ ਗਈਆਂ ਹਨ। ਸ੍ਰੀ ਦਰਬਾਰ ਸਾਹਿਬ ’ਤੇ ਹੁਣ ਤੱਕ ਹੋਏ ਹਮਲਿਆਂ ਸਬੰਧੀ 20 ਮਿੰਟ ਦੀ ਦਸਤਾਵੇਜ਼ੀ ਦਿਖਾਉਣ ਦਾ ਪ੍ਰਬੰਧ ਵੀ ਕੀਤਾ ਗਿਆ। ਇਸ ਗੈਲਰੀ ਵਿਚ ਜੂਨ 1984 ਫੌਜੀ ਹਮਲੇ ਸਮੇਂ ਨੁਕਸਾਨੇ ਗਏ ਸ੍ਰੀ ਅਕਾਲ ਤਖ਼ਤ ਦੀ ਇਮਾਰਤ ਦਾ ਇਕ ਮਾਡਲ ਵੀ ਸਥਾਪਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਦਮਦਮੀ ਟਕਸਾਲ ਵੱਲੋਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ ਸ਼ਹੀਦੀ ਯਾਦਗਾਰ ਵੀ ਸਥਾਪਤ ਕੀਤੀ ਗਈ ਸੀ। ਹੁਣ ਇਸੇ ਯਾਦਗਾਰ ਦੇ ਹੇਠਾਂ ਸ਼ਹੀਦੀ ਗੈਲਰੀ ਸਥਾਪਤ ਕੀਤੀ ਗਈ ਹੈ। ਸ਼ਹੀਦੀ ਗੈਲਰੀ ਸੰਗਤ ਨੂੰ ਸਮਰਪਿਤ ਕਰਨ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਅਤੇ ਪੰਥ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ਼ਹੀਦੀ ਗੈਲਰੀ ਉਨ੍ਹਾਂ ਸ਼ਹੀਦਾਂ ਦੀ ਸਦੀਵੀ ਯਾਦਗਾਰ ਹੈ ਜਿਨ੍ਹਾਂ ਨੇ ’84 ਦੇ ਘੱਲੂਘਾਰੇ ਸਮੇਂ ਸ਼ਹਾਦਤਾਂ ਪ੍ਰਾਪਤ ਕੀਤੀਆਂ ਸਨ। ਇਹ ਯਾਦਗਾਰ ਆਉਣ ਵਾਲੀ ਪੀੜ੍ਹੀ ਨੂੰ ਇਸ ਘੱਲੂਘਾਰੇ ਦੌਰਾਨ ਵਾਪਰੇ ਦੁਖਾਂਤ ਦੇ ਨਾਲ-ਨਾਲ ਸ਼ਹੀਦਾਂ ਬਾਰੇ ਵੀ ਜਾਣਕਾਰੀ ਦੇਵੇਗੀ ਅਤੇ ਪ੍ਰੇਰਨਾ ਸਰੋਤ ਬਣੇਗੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਸਮੇਂ ਪਰਿਕਰਮਾ ਵਿਚ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਦੇ ਨਜ਼ਦੀਕ ਇਸ ਸ਼ਹੀਦੀ ਗੈਲਰੀ ਵਿੱਚ ਵੀ ਜ਼ਰੂਰ ਆਉਣ। ਸ੍ਰੀ ਧਾਮੀ ਨੇ ਕਿਹਾ ਕਿ ਅਜ਼ਾਦੀ ਤੋਂ ਪਹਿਲਾਂ ਸਮੇਂ ਦੀਆਂ ਹਕੂਮਤਾਂ ਨੇ ਕਈ ਵਾਰ ਸਿੱਖ ਗੁਰਧਾਮਾਂ ’ਤੇ ਹਮਲੇ ਕੀਤੇ ਪਰ ਅਜ਼ਾਦੀ ਤੋਂ ਬਾਅਦ ਉਸ ਸਮੇਂ ਦੀ ਕਾਂਗਰਸ ਸਰਕਾਰ ਨੇ ਸ੍ਰੀ ਅਕਾਲ ਤਖ਼ਤ ’ਤੇ ਹਮਲਾ ਕਰਵਾ ਕੇ ਵੱਡੀ ਗਿਣਤੀ ਸਿੱਖਾਂ ਨੂੰ ਸ਼ਹੀਦ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰਾਂ ਅੱਜ ਵੀ ਲੁਕਵੇਂ ਢੰਗ ਨਾਲ ਸ੍ਰੀ ਅਕਾਲ ਤਖ਼ਤ ਦੇ ਸਿਧਾਂਤ ਨੂੰ ਕਮਜ਼ੋਰ ਕਰਨ ਲਈ ਯਤਨਸ਼ੀਲ ਹਨ ਜਿਸ ਦੇ ਟਾਕਰੇ ਲਈ ਕੌਮ ਨੂੰ ਇਕਜੁੱਟ ਹੋਣ ਦੀ ਲੋੜ ਹੈ।ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਸ਼ਹੀਦੀ ਗੈਲਰੀ ਵਿੱਚ ਘੱਲੂਘਾਰੇ ਦੌਰਾਨ ਧਰਮ ਦੀ ਰੱਖਿਆ ਲਈ ਸ਼ਹਾਦਤਾਂ ਦੇਣ ਵਾਲੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਅਤੇ ਉਨ੍ਹਾਂ ਦੇ ਸਾਥੀਆਂ ਦੀਆਂ ਤਸਵੀਰਾਂ ਵੀ ਲਗਾਈਆਂ ਗਈਆਂ ਹਨ।