ਦਿੱਲੀ ’ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਾਜ਼ਿਸ਼: ਆਤਿਸ਼ੀ

ਦਿੱਲੀ ’ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਾਜ਼ਿਸ਼: ਆਤਿਸ਼ੀ

ਨਵੀਂ ਦਿੱਲੀ- ‘ਆਪ’ ਦੀ ਸੀਨੀਅਰ ਆਗੂ ਅਤੇ ਦਿੱਲੀ ਸਰਕਾਰ ’ਚ ਕੈਬਨਿਟ ਮੰਤਰੀ ਆਤਿਸ਼ੀ ਨੇ ਦਾਅਵਾ ਕੀਤਾ ਹੈ ਕਿ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਵੱਲੋਂ ਕੌਮੀ ਰਾਜਧਾਨੀ ’ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਾਜ਼ਿਸ਼ ਘੜੀ ਜਾ ਰਹੀ ਹੈ। ਭਾਜਪਾ ਨੂੰ ਚਿਤਾਵਨੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਗ਼ੈਰ-ਕਾਨੂੰਨੀ, ਅਸੰਵਿਧਾਨਕ ਅਤੇ ਦਿੱਲੀ ਦੇ ਲੋਕਾਂ ਦੇ ਫ਼ਤਵੇ ਖ਼ਿਲਾਫ਼ ਹੋਵੇਗਾ। ਉਨ੍ਹਾਂ ਕਿਹਾ ਕਿ ਜੇ ਰਾਸ਼ਟਰਪਤੀ ਰਾਜ ਲਾਇਆ ਗਿਆ ਤਾਂ ਲੋਕ ਇਸ ਦਾ ਭਾਜਪਾ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ। ਇਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਤਿਸ਼ੀ ਨੇ ਕਿਹਾ,‘‘ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਉਨ੍ਹਾਂ ਦੀ ਸਰਕਾਰ ਨੂੰ ਡੇਗਣ ਦੀ ਸਿਆਸੀ ਸਾਜ਼ਿਸ਼ ਹੈ। ਸਾਨੂੰ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਆਉਂਦੇ ਦਿਨਾਂ ’ਚ ਦਿੱਲੀ ’ਚ ਰਾਸ਼ਟਰਪਤੀ ਰਾਜ ਲਾਗੂ ਕਰ ਦਿੱਤਾ ਜਾਵੇਗਾ।’’ ਉਨ੍ਹਾਂ ਦਾਅਵਾ ਕੀਤਾ ਕਿ ਹਾਲੀਆ ਸਮੇਂ ’ਚ ਅਜਿਹੀਆਂ ਕਈ ਘਟਨਾਵਾਂ ਵਾਪਰੀਆਂ ਹਨ ਜਿਨ੍ਹਾਂ ਤੋਂ ਖ਼ਦਸ਼ਾ ਪ੍ਰਗਟ ਹੁੰਦਾ ਹੈ ਕਿ ਕੌਮੀ ਰਾਜਧਾਨੀ ’ਚ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ’ਚ ਪਿਛਲੇ ਕਈ ਮਹੀਨਿਆਂ ਤੋਂ ਕੋਈ ਵੀ ਸੀਨੀਅਰ ਆਈਏਐੱਸ ਅਧਿਕਾਰੀ ਤਾਇਨਾਤ ਨਹੀਂ ਹੋਇਆ ਹੈ।‌ ‘ਕਈ ਵਿਭਾਗਾਂ ’ਚ ਅਹੁਦੇ ਖਾਲੀ ਹਨ। ਮੰਤਰੀਆਂ ਵੱਲੋਂ ਸੱਦੀਆਂ ਜਾਂਦੀਆਂ ਮੀਟਿੰਗਾਂ ’ਚ ਅਧਿਕਾਰੀ ਚੋਣ ਜ਼ਾਬਤੇ ਦਾ ਹਵਾਲਾ ਦਿੰਦਿਆਂ ਹਾਜ਼ਰ ਨਹੀਂ ਹੁੰਦੇ ਹਨ। ਪਿਛਲੇ ਇੱਕ ਹਫ਼ਤੇ ਤੋਂ ਉਪ ਰਾਜਪਾਲ ਦਿੱਲੀ ਸਰਕਾਰ ਦੇ ਕੰਮਕਾਰ ਨੂੰ ਲੈ ਕੇ ਗ੍ਰਹਿ ਮੰਤਰਾਲੇ ਨੂੰ ਵਾਰ-ਵਾਰ ਪੱਤਰ ਲਿਖ ਰਹੇ ਹਨ। ਆਪਣੇ ਪੱਤਰਾਂ ਵਿੱਚ ਉਹ ਕਹਿ ਰਹੇ ਹਨ ਕਿ ਮੰਤਰੀ ਮੀਟਿੰਗਾਂ ਵਿੱਚ ਨਹੀਂ ਆਉਂਦੇ ਹਨ।’ ਉਨ੍ਹਾਂ ਕਿਹਾ ਕਿ ਭਾਜਪਾ ਵੀ ਜਾਣਦੀ ਹੈ ਕਿ ਉਹ ਦਿੱਲੀ ਦੀ ਸੱਤਾ ’ਚ ਨਹੀਂ ਆ ਸਕਦੀ ਹੈ। ਇਸੇ ਕਰਕੇ ਕੇਜਰੀਵਾਲ ਦੀ ਸਰਕਾਰ ਨੂੰ ਡੇਗਣ ਦੀਆਂ ਸਾਜ਼ਿਸ਼ਾਂ ਘੜੀਆਂ ਜਾ ਰਹੀਆਂ ਹਨ।