ਪੰਜਾਬ ਦੇ 8 ਜ਼ਿਲ੍ਹਿਆਂ ’ਚ ਸਤਲੁਜ ਤੇ ਬਿਆਸ ਨੇ ਤਬਾਹੀ ਮਚਾਈ

ਪੰਜਾਬ ਦੇ 8 ਜ਼ਿਲ੍ਹਿਆਂ ’ਚ ਸਤਲੁਜ ਤੇ ਬਿਆਸ ਨੇ ਤਬਾਹੀ ਮਚਾਈ

ਚੰਡੀਗੜ੍ਹ - ਭਾਖੜਾ ਤੇ ਪੌਂਗ ਡੈਮ ਵਿੱਚੋਂ ਪਾਣੀ ਛੱਡੇ ਜਾਣ ਕਾਰਨ ਸਤਲੁਜ ਤੇ ਬਿਆਸ ਦਰਿਆਵਾਂ ਨੇ ਪੰਜਾਬ ’ਚ ਤਬਾਹੀ ਮਚਾ ਦਿੱਤੀ ਹੈ ਅਤੇ ਸੂਬੇ ਦੇ 8 ਜ਼ਿਲ੍ਹਿਆਂ ਦੇ 100 ਦੇ ਕਰੀਬ ਪਿੰਡ ਹੜ੍ਹਾਂ ਦੀ ਲਪੇਟ ’ਚ ਆ ਚੁੱਕੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤੱਕ ਸੂਬੇ ਦੇ ਫਿਰੋਜ਼ਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਰੋਪੜ, ਹੁਸ਼ਿਆਰਪੁਰ, ਨਵਾਂਸ਼ਹਿਰ ਤਰਨ ਤਾਰਨ, ਗੁਰਦਾਸਪੁਰ ਜ਼ਿਲ੍ਹਿਆਂ ਤੋਂ ਇਲਾਵਾ ਹੋਰ ਇਲਾਕੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ। ਇਨ੍ਹਾਂ ਜ਼ਿਲ੍ਹਿਆਂ ’ਚ ਵੱਡੀ ਗਿਣਤੀ ’ਚ ਲੋਕ ਬੇਘਰ ਹੋ ਚੁੱਕੇ ਹਨ। ਹਰੀਕੇ ਹੈੱਡ ਵਰਕਸ ’ਤੇ ਸਤਲੁਜ ਤੇ ਬਿਆਸ ਦਰਿਆ ਦਾ ਪਾਣੀ ਇਕੱਠਾ ਹੋਣ ਕਰਕੇ ਫਿਰੋਜ਼ਪੁਰ ਤੇ ਫਾਜ਼ਿਲਕਾ ’ਚ ਦਹਿਸ਼ਤ ਦਾ ਮਾਹੌਲ ਹੈ। ਜਿੱਥੇ ਪ੍ਰਸ਼ਾਸਨ ਵੱਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਬਚਾਅ ਕਾਰਜ ਕੀਤੇ ਜਾ ਰਹੇ ਹਨ। ਸੂਬੇ ਵਿੱਚ ਵਿਗੜਦੇ ਹਾਲਾਤ ਨੂੰ ਦੇਖਦੇ ਹੋਏ ਐੱਨਡੀਆਰਐੱਫ ਦੀਆਂ ਟੀਮਾਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ।

ਅੱਜ ਦੁਪਹਿਰ ਸਮੇਂ ਹਰੀਕੇ ਪੱਤਣ ਨੇੜਲੇ ਪਿੰਡ ਬਸਤੀ ਲਾਲ ਸਿੰਘ ਨੇੜੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਵਿੱਚ ਪਾੜ ਪੈ ਗਿਆ ਹੈ। ਇਸ ਨਾਲ ਪੱਟੀ ਹਲਕੇ ਦੇ ਦਰਜਨਾਂ ਪਿੰਡਾਂ ਵਿੱਚ ਪਾਣੀ ਦਾਖਲ ਹੋ ਗਿਆ ਹੈ। ਇਸੇ ਤਰ੍ਹਾਂ ਤਰਨ ਤਾਰਨ ਨੇੜੇ ਵੀ ਧੁੱਸੀ ਬੰਨ੍ਹ ’ਚ ਪਾੜ ਪੈ ਗਿਆ ਹੈ ਤੇ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਭੇਜਿਆ ਜਾ ਰਿਹਾ ਹੈ। ਇਸ ਨਾਲ ਹਜ਼ਾਰਾਂ ਏਕੜ ਫਸਲ ਦਾ ਵੀ ਨੁਕਸਾਨ ਹੋਇਆ ਹੈ। ਹਰੀਕੇ ਹੈੱਡ ਵਰਕਸ ’ਤੇ ਅੱਜ ਦੁਪਹਿਰ ਸਮੇਂ ਸਤਲੁਜ ਤੇ ਬਿਆਸ ਦਰਿਆ ਦਾ 2.25 ਲੱਖ ਕਿਊਸਿਕ ਪਾਣੀ ਚੱਲ ਰਿਹਾ ਹੈ। ਇਸ ਕਾਰਨ ਫਿਰੋਜ਼ਪੁਰ ਤੇ ਫਾਜ਼ਿਲਕਾ ਜ਼ਿਲ੍ਹੇ ਦੇ ਦਰਜਨਾਂ ਪਿੰਡ ਪਾਣੀ ਵਿੱਚ ਡੁੱਬੇ ਪਏ ਹਨ। ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਜਗਤਪੁਰ ਟਾਂਡਾ ਨੇੜੇ ਧੁੱਸੀ ਬੰਨ੍ਹ ਵਿੱਚ ਪਏ ਪਾੜ ਕਰਕੇ ਦਰਜਨਾਂ ਪਿੰਡ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਇਸੇ ਦੌਰਾਨ ਪਿੰਡ ਜਗਤਪੁਰ ਟਾਂਡਾ ਨੇੜੇ ਧੁੱਸੀ ਬੰਨ੍ਹ ’ਚ ਪਏ 250 ਫੁੱਟ ਦੇ ਪਾੜ ਨੂੰ ਭਰਨ ਦਾ ਕੰਮ ਜਾਰੀ ਹੈ। ਐੱਨਡੀਆਰਐੱਫ ਦੀਆਂ ਟੀਮਾਂ, ਸਥਾਨਕ ਪ੍ਰਸ਼ਾਸਨ ਤੇ ਲੋਕਾਂ ਦੇ ਸਹਿਯੋਗ ਨਾਲ ਪਾੜ ਨੂੰ ਭਰਨ ਦਾ ਕੰਮ ਚੱਲ ਰਿਹਾ ਹੈ। ਗੁਰਦਾਸਪੁਰ ਪ੍ਰਸ਼ਾਸਨ ਨੇ ਦਾਅਵਾ ਕੀਤਾ ਕਿ 160 ਫੁੱਟ ਦੇ ਕਰੀਬ ਪਾੜ ਭਰ ਲਿਆ ਗਿਆ ਹੈ।