ਅੰਮ੍ਰਿਤਸਰ-ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ਤਹਿਤ ਅੱਜ ਅੰਮ੍ਰਿਤਸਰ ਪੁਲੀਸ ਕਮਿਸ਼ਨਰੇਟ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ‘ਦਿ ਹੋਪ ਇਨੀਸ਼ੀਏਟਿਵ’ ਵਿੱਚ ਸ਼ਾਮਲ ਹੁੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਕੂਲੀ ਬੱਚਿਆਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਾਬ ਵਿਚ ਨਸ਼ਾ ਮੁਕਤੀ ਲਈ ਅਰਦਾਸ ਕੀਤੀ। ਵਿਦਿਆਰਥੀ ਪੀਲੀਆਂ ਦਸਤਾਰਾਂ, ਪੀਲੇ ਪਟਕੇ ਸਜਾ ਕੇ ਅਤੇ ਵਿਦਿਆਰਥਣਾਂ ਪੀਲੇ ਦੁਪੱਟਿਆਂ ਲੈ ਕੇ ਅਰਦਾਸ ਵਿੱਚ ਹਾਜ਼ਰ ਹੋਈਆਂ। ਸ੍ਰੀ ਹਰਿਮੰਦਰ ਸਾਹਿਬ ਸਮੂਹ ਦੀ ਪਰਿਕਰਮਾ ਅਤੇ ਪਲਾਜ਼ਾ ਵਿੱਚ ਦੂਰ-ਦੂਰ ਤੱਕ ਪੀਲੀਆਂ ਦਸਤਾਰਾਂ ਅਤੇ ਪਟਕੇ ਹੀ ਦਿਖਾਈ ਦੇ ਰਹੇ ਸਨ। ਸ੍ਰੀ ਅਕਾਲ ਤਖ਼ਤ ਸਾਹਮਣੇ ਗ੍ਰੰਥੀ ਭਾਈ ਬਲਜੀਤ ਸਿੰਘ ਨੇ ਅਰਦਾਸ ਕੀਤੀ। ਸੂਚਨਾ ਕੇਂਦਰ ਦੇ ਬਾਹਰ ਸਕੂਲੀ ਬੱਚਿਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਫ਼ਲਤਾ ਦਾ ਇੱਕੋ-ਇੱਕ ਰਾਹ ਸਖ਼ਤ ਮਿਹਨਤ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਸਖ਼ਤ ਮਿਹਨਤ ਕਰਕੇ ਚੰਗੇ ਅੰਕ ਹਾਸਲ ਕਰਨ ਅਤੇ ਮੈਰਿਟ ਦੇ ਆਧਾਰ ’ਤੇ ਚੰਗੀਆਂ ਨੌਕਰੀਆਂ ਉਨ੍ਹਾਂ ਨੂੰ ਉਡੀਕ ਰਹੀਆਂ ਹਨ। ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਜਿੱਥੇ ਨਸ਼ਿਆਂ ਦੇ ਖ਼ਾਤਮੇ ਲਈ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਨਸ਼ਿਆਂ ਦੇ ਆਦੀ ਮਰੀਜ਼ਾਂ ਦੇ ਮੁੜ ਵਸੇਬੇ ਲਈ ਵੀ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵੱਲ ਜਾਣ ਤੋਂ ਰੋਕਣ ਲਈ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ, ਜਿਸ ਦਾ ਨਤੀਜਾ ਹੈ ਕਿ ਐਤਕੀਂ ਏਸ਼ਿਆਈ ਖੇਡਾਂ ਵਿੱਚ ਪੰਜਾਬ ਨੇ 19 ਤਗ਼ਮੇ ਜਿੱਤੇ ਹਨ। ਇਸੇ ਤਰ੍ਹਾਂ ਸਰਕਾਰੀ ਅਤੇ ਗ਼ੈਰ-ਸਰਕਾਰੀ ਖੇਤਰਾਂ ਵਿੱਚ ਵੀ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਤਾਂ ਕਿ ਉਹ ਨਸ਼ਿਆਂ ਤੋਂ ਬਚ ਸਕਣਾ। ਮੁੱਖ ਮੰਤਰੀ ਨੇ ਕਿਹਾ ਕਿ ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਪਰ ਜੇਕਰ ਨੌਜਵਾਨਾਂ ਕੋਲ ਰੁਜ਼ਗਾਰ ਹੋਵੇਗਾ ਤਾਂ ਉਹ ਸਾਰਾ ਦਿਨ ਨੌਕਰੀ ਜਾਂ ਕੰਮ ਧੰਦੇ ਵਿੱਚ ਰੁੱਝੇ ਰਹਿਣਗੇ ਅਤੇ ਇਸ ਪਾਸੇ ਨਹੀਂ ਸੋਚ ਸਕਣਗੇ। ਉਨ੍ਹਾਂ ਇਸ ਮੌਕੇ ਉੱਘੇ ਕਵੀ ਸੁਰਜੀਤ ਪਾਤਰ ਦੀਆਂ ਕੁਝ ਸਤਰਾਂ ਵੀ ਬੋਲੀਆਂ। ਇਸ ਮੌਕੇ ਵਾਤਾਵਰਨ ਪ੍ਰੇਮੀ ਬਲਬੀਰ ਸਿੰਘ ਸੀਚੇਵਾਲ , ਡੀਜੀਪੀ ਗੌਰਵ ਯਾਦਵ, ਵੱਖ-ਵੱਖ ਵਿਭਾਗਾਂ ਦੇ ਮੰਤਰੀ, ਪੁਲੀਸ ਕਮਿਸ਼ਨਰ ਨੌਨਿਹਾਲ ਸਿੰਘ ਤੇ ਹੋਰ ਹਾਜ਼ਰ ਸਨ। ਇਸ ਮਗਰੋਂ ਗਾਂਧੀ ਸਟੇਡੀਅਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਗਲੀ ਕ੍ਰਿਕਟ ਲੀਗ ਦੀ ਸ਼ੁਰੂਆਤ ਕੀਤੀ, ਜਿਸ ਤਹਿਤ 15 ਹਜ਼ਾਰ ਬੱਚੇ ਅਤੇ ਨੌਜਵਾਨ ਤੇ ਹੋਰ ਕ੍ਰਿਕਟ ਮੈਚਾਂ ਵਿੱਚ ਹਿੱਸਾ ਲੈ ਰਹੇ ਹਨ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਪੁਲੀਸ ਕਮਿਸ਼ਨਰੇਟ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਵਾਸਤੇ ‘ਦਿ ਹੋਪ’ ਮੁਹਿੰਮ ਤਹਿਤ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਅਰਦਾਸ ਕੀਤੀ ਗਈ, ਜਿੱਥੇ ਵਿਦਿਆਰਥੀਆਂ ਨੇ ਨਸ਼ਾ ਨਾ ਕਰਨ ਦਾ ਹਲਫ਼ ਲਿਆ ਅਤੇ ਬਾਅਦ ਵਿੱਚ ਖੇਡਾਂ ਦੀ ਸ਼ੁਰੂਆਤ ਕੀਤੀ ਗਈ।