ਬਸਪਾ ਨੇ ‘ਆਪ’ ਵਿਧਾਇਕ ਗੋਲਡੀ ਦੇ ਪਿਤਾ ਨੂੰ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ

ਬਸਪਾ ਨੇ ‘ਆਪ’ ਵਿਧਾਇਕ ਗੋਲਡੀ ਦੇ ਪਿਤਾ ਨੂੰ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ

ਜਲੰਧਰ (ਪਾਲ ਸਿੰਘ ਨੌਲੀ): ਬਹੁਜਨ ਸਮਾਜ ਪਾਰਟੀ (ਬਸਪਾ) ਨੇ ਪੰਜਾਬ ਦੀ ਫਿਰੋਜ਼ਪੁਰ ਸੰਸਦੀ ਸੀਟ ਲਈ ਸੁਰਿੰਦਰ ਕੰਬੋਜ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਸੁਰਿੰਦਰ ਕੰਬੋਜ ਜਲਾਲਾਬਾਦ ਤੋਂ ‘ਆਪ’ ਵਿਧਾਇਕ ਜਗਦੀਪ ਕੰਬੋਜ ਉਰਫ਼ ਗੋਲਡੀ ਕੰਬੋਜ ਦੇ ਪਿਤਾ ਹਨ। ਬਸਪਾ ਦੇ ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਣੀਵਾਲ ਨੇ ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ ਦੀ ਉਮੀਦਵਾਰੀ ਦਾ ਐਲਾਨ ਕਰਦਿਆਂ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਬਾਕੀ ਲੋਕ ਸਭਾ ਸੀਟਾਂ ਲਈ ਵੀ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਬਾਰੇ ਅੰਤਿਮ ਫੈਸਲਾ ਬਸਪਾ ਦੀ ਕੌਮੀ ਪ੍ਰਧਾਨ ਮਾਇਆਵਤੀ ਵੱਲੋਂ ਕੀਤਾ ਜਾ ਰਿਹਾ ਹੈ। ਪੰਜਾਬ ਬਸਪਾ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਫਿਰੋਜ਼ਪੁਰ ਸੰਸਦੀ ਸੀਟ ਤੋਂ ਉਮੀਦਵਾਰ ਦੇ ਐਲਾਨ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਿਆਸੀ ਪਿਛੋਕੜ ਨਾਲ ਸਬੰਧਤ ਸੁਰਿੰਦਰ ਕੰਬੋਜ ਖੁਦ ਸਮਾਜਿਕ ਤੇ ਰਾਜਨੀਤਕ ਖੇਤਰ ਨਾਲ ਜੁੜੇ ਹੋਏ ਹਨ। ਉਨ੍ਹਾਂ ਦਾ ਪੁੱਤਰ ਜਗਦੀਪ ਗੋਲਡੀ ਕੰਬੋਜ ਜਲਾਲਾਬਾਦ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ ਦਾ ਮੌਜੂਦਾ ਵਿਧਾਇਕ ਹੈ। ਪੰਜਾਬ ਬਸਪਾ ਦੇ ਇੰਚਾਰਜ ਅਜੀਤ ਸਿੰਘ ਭੈਣੀ ਤੇ ਵਿਧਾਇਕ ਡਾ. ਨਛੱਤਰ ਪਾਲ ਨੇ ਕਿਹਾ ਕਿ ਵਿਧਾਇਕ ਦੇ ਪਿਤਾ ਦਾ ਪੰਜਾਬ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ, ਆਮ ਲੋਕਾਂ ਦਾ ਕੀ ਹਾਲ ਹੋਵੇਗਾ ਇਹ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਸਪਸ਼ਟ ਹੋ ਜਾਵੇਗਾ। ਬਸਪਾ ਨੇ ਇਸ ਤੋਂ ਪਹਿਲਾਂ ਹੁਸ਼ਿਆਰਪੁਰ ਤੋਂ ਰਾਕੇਸ਼ ਸੁਮਨ ਨੂੰ ਆਪਣਾ ਉਮੀਦਵਾਰ ਐਲਾਨਿਆ ਹੋਇਆ ਹੈ। ਪਾਰਟੀ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਤੇ ਇਕੱਲਿਆਂ ਚੋਣ ਲੜਨ ਦਾ ਐਲਾਨ ਕੀਤਾ ਹੋਇਆ ਹੈ।