‘ਇੰਡੀਆ’ ਗੱਠਜੋੜ ਵੱਲੋਂ ਦਿੱਲੀ ਵਿੱਚ ਮਹਾ ਰੈਲੀ 31 ਨੂੰ

‘ਇੰਡੀਆ’ ਗੱਠਜੋੜ ਵੱਲੋਂ ਦਿੱਲੀ ਵਿੱਚ ਮਹਾ ਰੈਲੀ 31 ਨੂੰ


ਨਵੀਂ ਦਿੱਲੀ- ਵਿਰੋਧੀ ਧਿਰ ‘ਇੰਡੀਆ’ ਗਠਜੋੜ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਲਈ 31 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਇੱਕ ‘ਮਹਾ ਰੈਲੀ’ ਕੀਤੀ ਜਾਵੇਗੀ। ‘ਇੰਡੀਆ’ ਬਲਾਕ ਦੀ ਸਹਿਯੋਗੀ ਕਾਂਗਰਸ ਅਤੇ ‘ਆਪ’ ਨੇ ਦੇਸ਼ ਦੇ ਹਿੱਤਾਂ ਅਤੇ ਲੋਕਤੰਤਰ ਬਚਾਉਣ ਲਈ ਸਾਂਝੇ ਤੌਰ ’ਤੇ ਰੈਲੀ ਕਰਨ ਦਾ ਐਲਾਨ ਕੀਤਾ। ‘ਆਪ’ ਨੇਤਾ ਗੋਪਾਲ ਰਾਏ ਨੇ ਐਤਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ,‘‘ਅਸੀਂ ਦੇਸ਼ ਵਿਚ ਜੋ ਕੁਝ ਹੋ ਰਿਹਾ ਹੈ ਉਸ ਖ਼ਿਲਾਫ਼ 31 ਮਾਰਚ ਨੂੰ ਰਾਮਲੀਲਾ ਮੈਦਾਨ ਵਿਚ ਮਹਾ ਰੈਲੀ ਕਰਾਂਗੇ। ਲੋਕਤੰਤਰ ਅਤੇ ਦੇਸ਼ ਖਤਰੇ ਵਿੱਚ ਹੈ ਅਤੇ ਸਾਰੀਆਂ ਪਾਰਟੀਆਂ ਇਸ ਦੀ ਰੱਖਿਆ ਲਈ ਇਕਜੁੱਟ ਹੋਣਗੀਆਂ।’’ ਉਨ੍ਹਾਂ ਕਿਹਾ ਕਿ ਰੈਲੀ ’ਚ ‘ਇੰਡੀਆ’ ਗੱਠਜੋੜ ਦੀ ਸਿਖਰਲੀ ਲੀਡਰਸ਼ਿਪ ਵੀ ਸ਼ਮੂਲੀਅਤ ਕਰੇਗੀ।ਪ੍ਰੈੱਸ ਕਾਨਫਰੰਸ ਦੌਰਾਨ ਮੌਜੂਦ ਕਾਂਗਰਸ ਦੀ ਦਿੱਲੀ ਇਕਾਈ ਦੇ ਮੁਖੀ ਅਰਵਿੰਦਰ ਸਿੰਘ ਲਵਲੀ ਨੇ ਆਪਣੀ ਪਾਰਟੀ ਦੇ ਖਾਤੇ ਬੰਦ ਕੀਤੇ ਜਾਣ ਅਤੇ ਮੁੱਖ ਮੰਤਰੀ ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਵਿਰੋਧੀ ਧਿਰਾਂ ਨੂੰ ਸਰਕਾਰ ਦੇ ਅਢੁੱਕਵੇਂ ਰਵੱਈਏ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲਵਲੀ ਨੇ ਕਿਹਾ, ‘‘31 ਮਾਰਚ ਦੀ ਮਹਾ ਰੈਲੀ ਸਿਰਫ਼ ਸਿਆਸੀ ਹੀ ਨਹੀਂ ਹੋਵੇਗੀ, ਸਗੋਂ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਰੁੱਧ ਆਵਾਜ਼ ਉਠਾਉਣ ਦਾ ਸੱਦਾ ਹੋਵੇਗੀ।’’ ਮਹਾ ਰੈਲੀ ਦਾ ਐਲਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਮਗਰੋਂ ਹੋਇਆ ਹੈ।