ਮਾਛੀਵਾੜਾ ਸਾਹਿਬ: ਜੋੜ ਮੇਲ ਦੇ ਦੂਜੇ ਦਿਨ ਵੱਡੀ ਗਿਣਤੀ ਸੰਗਤ ਹੋਈ ਨਤਮਸਤਕ

ਮਾਛੀਵਾੜਾ ਸਾਹਿਬ: ਜੋੜ ਮੇਲ ਦੇ ਦੂਜੇ ਦਿਨ ਵੱਡੀ ਗਿਣਤੀ ਸੰਗਤ ਹੋਈ ਨਤਮਸਤਕ

ਮਾਛੀਵਾੜਾ-ਮਾਛੀਵਾੜਾ ਸਾਹਿਬ ਵਿੱਚ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਦੀ ਯਾਦ ਨੂੰ ਸਮਰਪਿਤ ਜੋੜ ਮੇਲ ਦੇ ਦੂਜੇ ਦਿਨ ਅੱਜ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਸੰਗਤ ਦੀ ਭਾਰੀ ਆਮਦ ਦੇਖਣ ਨੂੰ ਮਿਲੀ ਅਤੇ ਲੱਖਾਂ ਦੀ ਗਿਣਤੀ ’ਚ ਸੰਗਤਾਂ ਨੇ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸੀਸ ਨਿਵਾਇਆ। ਜੋੜ ਮੇਲ ਦੇ ਦੂਜੇ ਦਿਨ ਹਮੇਸ਼ਾ ਸਿਆਸੀ ਕਾਨਫਰੰਸਾਂ ਹੁੰਦੀਆਂ ਹਨ ਪਰ ਇਸ ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਦੀਵਾਨ ਹਾਲ ਵਿੱਚ ਸਿਰਫ ਗੁਰਬਾਣੀ ਦਾ ਪ੍ਰਵਾਹ ਚੱਲਿਆ। ਅੱਜ ਦੀਵਾਨ ਹਾਲ ਵਿੱਚ ਸਵੇਰ ਤੋਂ ਹੀ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰੀ ਜੱਥਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ ਅਤੇ ਗੁਰੂ ਸਾਹਿਬ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ। ਇਸੇ ਦੌਰਾਨ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯੁਵਕ ਸੇਵਾਵਾਂ ਕਲੱਬ ਸਮਰਾਲਾ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਵੀ ਲਾਇਆ ਗਿਆ। ਇਸ ਮੌਕੇ 80 ਤੋਂ ਵੱਧ ਵਿਅਕਤੀਆਂ ਨੇ ਖ਼ੂਨਦਾਨ ਕਰ ਕੇ ਗੁਰੂ ਗੋਬਿੰਦ ਸਿੰਘ ਦੀ ਲਾਸਾਨੀ ਕੁਰਬਾਨੀ ਨੂੰ ਸਿਜਦਾ ਕੀਤਾ। ਸਿਵਲ ਹਸਪਤਾਲ ਲੁਧਿਆਣਾ ਦੀ ਟੀਮ ਵੱਲੋਂ ਖ਼ੂਨ ਇਕੱਤਰ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਮਰਾਲਾ ਤੋਂ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਤੇ ਸ਼੍ਰੋਮਣੀ ਕਮੇਟੀ ਮੈਂਬਰ ਹਰਜਤਿੰਦਰ ਸਿੰਘ ਬਾਜਵਾ ਨੇ ਖ਼ੂਨਦਾਨੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਅਕਾਲੀ ਆਗੂ ਪਰਮਜੀਤ ਢਿੱਲੋਂ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੀ ਸ਼ਹਾਦਤ ਨੂੰ ਸਿਜਦਾ ਕਰਨ ਵਾਲੇ ਵਿਅਕਤੀਆਂ ਵੱਲੋਂ ਦਿੱਤਾ ਗਿਆ ਖ਼ੂਨ ਕਈ ਅਨਮੋਲ ਜਾਨਾਂ ਬਚਾਏਗਾ। ਇਸ ਮੌਕੇ ਸਰਕਲ ਜਥੇਦਾਰ ਹਰਦੀਪ ਸਿੰਘ ਬਹਿਲੋਲਪੁਰ, ਦੇਸਰਾਜ ਸਿੰਘ ਰਹੀਮਾਬਾਦ ਤੇ ਜਥੇਦਾਰ ਹਰਜੀਤ ਸਿੰਘ ਸ਼ੇਰੀਆਂ ਵੀ ਮੌਜੂਦ ਸਨ।