ਚੋਣ ਕਮਿਸ਼ਨ ਨੇ ਛੇ ਸੂਬਿਆਂ ਦੇ ਗ੍ਰਹਿ ਸਕੱਤਰ ਹਟਾਏ

ਚੋਣ ਕਮਿਸ਼ਨ ਨੇ ਛੇ ਸੂਬਿਆਂ ਦੇ ਗ੍ਰਹਿ ਸਕੱਤਰ ਹਟਾਏ

ਨਵੀਂ ਦਿੱਲੀ- ਲੋਕ ਸਭਾ ਚੋਣਾਂ ਦੌਰਾਨ ਪਾਰਦਰਸ਼ਤਾ ਤੇ ਨਿਰਪੱਖਤਾ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਨੇ ਅੱਜ ਗੁਜਰਾਤ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਦੇ ਗ੍ਰਹਿ ਸਕੱਤਰਾਂ ਨੂੰ ਹਟਾਉਣ ਦਾ ਹੁਕਮ ਦਿੱਤਾ ਹੈ। ਕਮਿਸ਼ਨ ਨੇ ਪੱਛਮੀ ਬੰਗਾਲ ਦੇ ਡੀਜੀਪੀ ਰਾਜੀਵ ਕੁਮਾਰ ਨੂੰ ਹਟਾਉਣ ਦਾ ਵੀ ਹੁਕਮ ਦਿੱਤਾ ਹੈ ਅਤੇ ਨਾਲ ਹੀ ਮਿਜ਼ੋਰਮ ਤੇ ਹਿਮਾਚਲ ਪ੍ਰਦੇਸ਼ ਦੇ ਆਮ ਪ੍ਰਸ਼ਾਸਨ ਵਿਭਾਗ ਦੇ ਸਕੱਤਰਾਂ ਨੂੰ ਹਟਾ ਦਿੱਤਾ ਗਿਆ ਹੈ। ਕਮਿਸ਼ਨ ਨੇ ਸਾਰੀਆਂ ਸੂਬਾ ਸਰਕਾਰਾਂ ਨੂੰ ਹਦਾਇਤ ਕੀਤੀ ਹੈ ਕਿ ਚੋਣਾਂ ਨਾਲ ਸਬੰਧਤ ਕੰਮਾਂ ਨਾਲ ਜੁੜੇ ਸਾਰੇ ਅਧਿਕਾਰੀਆਂ, ਜਿਨ੍ਹਾਂ ਨੇ ਆਪਣੇ ਗ੍ਰਹਿ ਜ਼ਿਲਿ੍ਹਆਂ ’ਚ ਤਿੰਨ ਸਾਲ ਮੁਕੰਮਲ ਕਰ ਲਏ ਹਨ, ਦੇ ਤਬਾਦਲੇ ਕੀਤੇ ਜਾਣ।ਸੂਤਰਾਂ ਨੇ ਦੱਸਿਆ ਕਿ ਪੱਛਮੀ ਬੰਗਾਲ ਦੇ ਡੀਜੀਪੀ ਨੂੰ ਹਟਾਉਣ ਦਾ ਫ਼ੈਸਲਾ ਇਸ ਲਈ ਲਿਆ ਗਿਆ ਕਿਉਂਕਿ ਅਧਿਕਾਰੀ ਨੂੰ ਪਹਿਲਾਂ ਵੀ ਰਾਜ ’ਚ 2016 ਦੀਆਂ ਵਿਧਾਨ ਸਭਾ ਚੋਣਾਂ ਤੇ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਚੋਣ ਪ੍ਰਬੰਧਨ ਸਬੰਧੀ ਡਿਊਟੀ ਤੋਂ ਹਟਾ ਦਿੱਤਾ ਗਿਆ ਸੀ। ਕਮਿਸ਼ਨ ਨੇ ਬੰਗਾਲ ਦੇ ਮੁੱਖ ਸਕੱਤਰ ਨੂੰ ਕਿਹਾ ਹੈ ਕਿ ਰਾਜੀਵ ਕੁਮਾਰ ਨੂੰ ਚੋਣਾਂ ਤੋਂ ਬਾਹਰ ਕਿਸੇ ਹੋਰ ਕੰਮ ਲਈ ਤਾਇਨਾਤ ਕੀਤਾ ਜਾਵੇ। ਕਮਿਸ਼ਨ ਨੇ ਨਾਲ ਹੀ ਅੰਤਰਿਮ ਪ੍ਰਬੰਧ ਵਜੋਂ ਰਾਜੀਵ ਕੁਮਾਰ ਨਾਲੋਂ ਸੀਨੀਅਰਤਾ ਦੇ ਮਾਮਲੇ ’ਚ ਇੱਕ ਸਥਾਨ ਹੇਠਾਂ ਵਾਲੇ ਅਧਿਕਾਰੀ ਨੂੰ ਡੀਜੀਪੀ ਵਜੋਂ ਤਾਇਨਾਤ ਕਰਨ ਦਾ ਨਿਰਦੇਸ਼ ਦਿੱਤਾ ਹੈ। ਸੂਤਰਾਂ ਨੇ ਦੱਸਿਆ ਕਿ ਗੁਜਰਾਤ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਗ੍ਰਹਿ ਸਕੱਤਰਾਂ ਨੂੰ ਹਟਾ ਦਿੱਤਾ ਕਿਉਂਕਿ ਉਨ੍ਹਾਂ ਕੋਲ ਸਬੰਧਤ ਰਾਜਾਂ ਦੇ ਮੁੱਖ ਮੰਤਰੀ ਦਫ਼ਤਰਾਂ ਦਾ ਦੋਹਰਾ ਚਾਰਜ ਸੀ। ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਨੇ ਲੰਘੇ ਸ਼ਨਿਚਰਵਾਰ ਨੂੰ ਲੋਕ ਸਭਾ ਚੋਣਾਂ-2024 ਲਈ ਤਰੀਕਾਂ ਦਾ ਐਲਾਨ ਕੀਤਾ ਸੀ। ਇਸ ਵਾਰ ਚੋਣਾਂ 19 ਅਪਰੈਲ ਤੋਂ 1 ਜੂਨ ਤੱਕ ਸੱਤ ਗੇੜਾਂ ’ਚ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ।