ਜੇਲ੍ਹ ਤੋਂ ਨਹੀਂ ਚੱਲੇਗੀ ਸਰਕਾਰ: ਉਪ ਰਾਜਪਾਲ

ਜੇਲ੍ਹ ਤੋਂ ਨਹੀਂ ਚੱਲੇਗੀ ਸਰਕਾਰ: ਉਪ ਰਾਜਪਾਲ

ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਮੁੱਦੇ ’ਤੇ ਆਪਣੀ ਚੁੱਪ ਤੋੜੀ ਹੈ। ਜੇਲ੍ਹ ਤੋਂ ਸਰਕਾਰ ਚਲਾਉਣ ਵਾਲੇ ਮੁੱਖ ਮੰਤਰੀ ਦੇ ਬਿਆਨ ਬਾਰੇ ਵੀਕੇ ਸਕਸੈਨਾ ਨੇ ਕਿਹਾ, ‘ਦਿੱਲੀ ਸਰਕਾਰ ਜੇਲ੍ਹ ਤੋਂ ਨਹੀਂ ਚੱਲੇਗੀ।’ ਇੱਥੇ ਇਕ ਸੰਮੇਲਨ ਨੂੰ ਸੰਬੋਧਨ ਕਰਦਿਆਂ ਸ੍ਰੀ ਸਕਸੈਨਾ ਨੇ ਕਿਹਾ, ‘ਮੈਂ ਦਿੱਲੀ ਦੇ ਲੋਕਾਂ ਨੂੰ ਭਰੋਸਾ ਦੇ ਸਕਦਾ ਹਾਂ ਕਿ ਸਰਕਾਰ ਜੇਲ੍ਹ ’ਚੋਂ ਨਹੀਂ ਚਲਾਈ ਜਾਵੇਗੀ।’ ਉਨ੍ਹਾਂ ਦੀ ਟਿੱਪਣੀ ‘ਆਪ’ ਆਗੂਆਂ ਦੇ ਉਨ੍ਹਾਂ ਬਿਆਨਾਂ ਦੇ ਪਿਛੋਕੜ ਵਿੱਚ ਸਾਹਮਣੇ ਆਈ ਹੈ, ਜਿਸ ’ਚ ਉਨ੍ਹਾਂ ਕਿਹਾ ਸੀ ਕਿ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਬਣੇ ਰਹਿਣਗੇ ਫਿਰ ਭਾਵੇਂ ਉਹ ਸਲਾਖਾਂ ਪਿੱਛੇ ਕਿਉਂ ਨਾ ਹੋਣ। ਇਸ ਤੋਂ ਪਹਿਲਾਂ ‘ਆਪ’ ਨੇਤਾ ਅਤੇ ਦਿੱਲੀ ਸਰਕਾਰ ’ਚ ਮੰਤਰੀ ਆਤਿਸ਼ੀ ਨੇ ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫੇ ਤੋਂ ਇਨਕਾਰ ਕਰ ਦਿੱਤਾ ਸੀ।