ਗ਼ੈਰਕਾਨੂੰਨੀ ਮਾਈਨਿੰਗ: ਰਾਜਪਾਲ ਵੱਲੋਂ ਮੁੱਖ ਮੰਤਰੀ ਤੋਂ ਰਿਪੋਰਟ ਤਲਬ

ਗ਼ੈਰਕਾਨੂੰਨੀ ਮਾਈਨਿੰਗ: ਰਾਜਪਾਲ ਵੱਲੋਂ ਮੁੱਖ ਮੰਤਰੀ ਤੋਂ ਰਿਪੋਰਟ ਤਲਬ

ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਹੋਰ ਪੱਤਰ ਲਿਖ ਕੇ ‘ਆਪ’ ਵਿਧਾਇਕ ਦੇ ਰਿਸ਼ਤੇਦਾਰ ਦੀ ਗ਼ੈਰਕਾਨੂੰਨੀ ਮਾਈਨਿੰਗ ਵਿਚ ਸ਼ਮੂਲੀਅਤ ਬਾਰੇ ਰਿਪੋਰਟ ਤਲਬ ਕੀਤੀ ਹੈ। ਉਧਰ, ਮੁੱਖ ਮੰਤਰੀ ਨੇ ਦੋ ਦਨਿ ਪਹਿਲਾਂ ਹੀ ਕਰਜ਼ੇ ਬਾਬਤ ਰਾਜਪਾਲ ਨੂੰ ਜਵਾਬੀ ਪੱਤਰ ਲਿਖਿਆ ਸੀ। ਚੇਤੇ ਰਹੇ ਕਿ ਪਿਛਲੇ ਹਫ਼ਤੇ ਤਰਨਤਾਰਨ ਪੁਲੀਸ ਨੇ ‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਜੀਜੇ ਖ਼ਿਲਾਫ਼ ਗ਼ੈਰਕਾਨੂੰਨੀ ਮਾਈਨਿੰਗ ਦਾ ਮੁਕੱਦਮਾ ਦਰਜ ਕੀਤਾ ਸੀ ਜਿਸ ਨੂੰ ਲੈ ਕੇ ਵਿਧਾਇਕ ਲਾਲਪੁਰਾ ਨੇ ਸੋਸ਼ਲ ਮੀਡੀਆ ’ਤੇ ਮੋਰਚਾ ਖੋਲ੍ਹ ਦਿੱਤਾ ਸੀ। ਉਸ ਮਗਰੋਂ ਪੰਜਾਬ ਸਰਕਾਰ ਨੇ ਤਰਨਤਾਰਨ ਦੇ ਐੱਸਐੱਸਪੀ ਗੁਰਮੀਤ ਸਿੰਘ ਚੌਹਾਨ ਦਾ ਤਬਾਦਲਾ ਕਰ ਦਿੱਤਾ ਸੀ। ਚੌਹਾਨ ਨੂੰ ਵਿਦਾ ਕਰਨ ਮੌਕੇ ਪੁਲੀਸ ਮੁਲਾਜ਼ਮਾਂ ਨੇ ਫੁੱਲਾਂ ਦੀ ਵਰਖਾ ਕੀਤੀ ਸੀ ਅਤੇ ਵਿਰੋਧੀਆਂ ਨੇ ਵੀ ਚੌਹਾਨ ਦੀ ਪਿੱਠ ਪੂਰੀ ਸੀ। ਰਾਜਪਾਲ ਨੇ ਹੁਣ ਪੱਤਰ ’ਚ ਲਿਖਿਆ ਹੈ ਕਿ ਉਸ ਨੇ ਇੱਕ ਵਿਧਾਇਕ ਵੱਲੋਂ ਪੁਲੀਸ ਵਿਚ ਭ੍ਰਿਸ਼ਟਾਚਾਰ ਹੋਣ ਦੇ ਲਾਏ ਇਲਜ਼ਾਮਾਂ ਬਾਰੇ, ਰਾਤ ਦੇ ਸਮੇਂ ਵਿਧਾਇਕ ਦੇ ਨਜ਼ਦੀਕੀ ਰਿਸ਼ਤੇਦਾਰਾਂ ਦੀ ਗ਼ੈਰਕਾਨੂੰਨੀ ਮਾਈਨਿੰਗ ਵਿਚ ਸ਼ਮੂਲੀਅਤ ਬਾਰੇ ਅਤੇ ਪੁਲੀਸ ਅਧਿਕਾਰੀਆਂ ਦੀ ਮੁਅੱਤਲੀ ਤੋਂ ਇਲਾਵਾ ਐੱਸਐੱਸਪੀ ਤਰਨਤਾਰਨ ਦੇ ਤਬਾਦਲੇ ਬਾਰੇ ਮੀਡੀਆ ਰਿਪੋਰਟਾਂ ਪੜ੍ਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਗ਼ੈਰਕਾਨੂੰਨੀ ਮਾਈਨਿੰਗ ਇੱਕ ਅਹਿਮ ਮੁੱਦਾ ਹੈ ਅਤੇ ਇਸ ’ਚ ਬਹੁਤਾ ਵੱਡਾ ਭ੍ਰਿਸ਼ਟਾਚਾਰ ਹੈ। ਉਨ੍ਹਾਂ ਲਿਖਿਆ ਹੈ ਕਿ ਕੁੱਝ ਮੀਡੀਆ ਰਿਪੋਰਟਾਂ ਵਿਚ ਕਿਹਾ ਗਿਆ ਹੈ ਕਿ ਤਰਨਤਾਰਨ ਪੁਲੀਸ ਨੇ ਰਾਤ ਸਮੇਂ ਚੱਲ ਰਹੀ ਗ਼ੈਰਕਾਨੂੰਨੀ ਮਾਈਨਿੰਗ ਦਾ ਪਰਦਾਫਾਸ਼ ਕੀਤਾ ਅਤੇ ਵਿਧਾਇਕ ਦਾ ਇੱਕ ਨਜ਼ਦੀਕੀ ਰਿਸ਼ਤੇਦਾਰ ਵੀ ਇਸ ’ਚ ਸ਼ਾਮਲ ਹੈ। ਰਿਪੋਰਟਾਂ ’ਚ ਦੱਸਿਆ ਗਿਆ ਕਿ ਗੈਰਕਾਨੂੰਨੀ ਮਾਈਨਿੰਗ ’ਤੇ ਛਾਪਾ ਮਾਰਨ ਗਈ ਪੁਲੀਸ ਪਾਰਟੀ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ ਅਤੇ ਐੱਸਐੱਸਪੀ ਤਰਨਤਾਰਨ ਦਾ ਤਬਾਦਲਾ ਕਰ ਦਿੱਤਾ ਗਿਆ ਸੀ। ਰਾਜਪਾਲ ਨੇ ਪੱਤਰ ’ਚ ਕਿਹਾ ਕਿ ਉਨ੍ਹਾਂ ਨੂੰ ਇਨ੍ਹਾਂ ਮੀਡੀਆ ਰਿਪੋਰਟਾਂ ਦੇ ਮੱਦੇਨਜ਼ਰ ਵਿਸਥਾਰਤ ਰਿਪੋਰਟ ਦਿੱਤੀ ਜਾਵੇ। ਦੇਖਣਾ ਹੋਵੇਗਾ ਕਿ ਹੁਣ ਪੰਜਾਬ ਸਰਕਾਰ ਇਸ ਦਾ ਜਵਾਬ ਕਦੋਂ ਭੇਜਦੀ ਹੈ।