ਪੰਜਾਬ ਵਿੱਚ ਇਕੱਲਿਆਂ ਚੋਣ ਲੜੇਗੀ ਭਾਜਪਾ

ਪੰਜਾਬ ਵਿੱਚ ਇਕੱਲਿਆਂ ਚੋਣ ਲੜੇਗੀ ਭਾਜਪਾ

ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਗੱਲ ਕਿਸੇ ਤਣ-ਪੱਤਣ ਨਾ ਲੱਗਣ ਮਗਰੋਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਤੇ ਇਕੱਲਿਆਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਸਾਲ 1998 ਤੋਂ ਬਾਅਦ ਪਹਿਲੀ ਵਾਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਲੋਕ ਸਭਾ ਚੋਣਾਂ ’ਚ ਇੱਕ-ਦੂਜੇ ਦੇ ਸਾਹਮਣੇ ਹੋਣਗੇ। ਇਸ ਮਗਰੋਂ ਦੋਵਾਂ ਪਾਰਟੀਆਂ ਨੇ ਚੋਣਾਂ ਲਈ ਸਰਗਰਮੀਆਂ ਵਿੱਢ ਦਿੱਤੀਆਂ ਹਨ। ਸ਼੍ਰੋਮਣੀ ਅਕਾਲੀ ਦਲ ਨੇ 1 ਅਤੇ 2 ਅਪਰੈਲ ਨੂੰ ਮੁੱਖ ਦਫਤਰ ’ਚ ਆਗੂਆਂ ਦੀਆਂ ਹਲਕਾਵਾਰ ਮੀਟਿੰਗਾਂ ਕਰਨ ਦਾ ਫ਼ੈਸਲਾ ਕੀਤਾ ਹੈ। ‘ਪੰਜਾਬ ਬਚਾਓ ਯਾਤਰਾ’ ਵਿੱਚ ਤਬਦੀਲੀ ਕਰਦਿਆਂ ਹੁਣ 5 ਤੋਂ 12 ਅਪਰੈਲ ਤੱਕ ਯਾਤਰਾ ਉਲੀਕੀ ਗਈ ਹੈ। ਦੂਜੇ ਪਾਸੇ ਭਾਜਪਾ ਦੀ ਸੂਬਾਈ ਲੀਡਰਸ਼ਿਪ ਨੇ 28 ਮਾਰਚ ਨੂੰ ਕੋਰ ਕਮੇਟੀ ਦੀ ਮੀਟਿੰਗ ਬੁਲਾ ਲਈ ਹੈ ਜਿਸ ਵਿੱਚ ਪੰਜਾਬ ਮਾਮਲਿਆਂ ਦੇ ਇੰਚਾਰਜ ਵਿਜੈ ਰੂਪਾਨੀ ਵੀ ਸ਼ਾਮਿਲ ਹੋਣਗੇ। ਇਸ ਮੀਟਿੰਗ ਵਿੱਚ ਸੰਭਾਵੀ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾਣਗੀਆਂ। ਪਤਾ ਲੱਗਾ ਹੈ ਕਿ ਅੱਜ ਕੇਂਦਰੀ ਲੀਡਰਸ਼ਿਪ ਤੋਂ ਤੋੜ ਵਿਛੋੜੇ ਲਈ ਝੰਡੀ ਮਿਲਣ ਮਗਰੋਂ ਸੁਨੀਲ ਜਾਖੜ ਨੇ ਐਲਾਨ ਕੀਤਾ ਿਕ ਭਾਜਪਾ ਪੰਜਾਬ ’ਚ ਇਕੱਿਲਆਂ ਚੋਣਾਂ ਲੜੇਗੀ। ਉਨ੍ਹਾਂ ਦੱਸਿਆ ਕਿ ਪਾਰਟੀ ਆਗੂਆਂ, ਵਰਕਰਾਂ ਅਤੇ ਆਮ ਲੋਕਾਂ ਤੋਂ ਮਸ਼ਵਰਾ ਲੈਣ ਮਗਰੋਂ ਇਹ ਫ਼ੈਸਲਾ ਲਿਆ ਗਿਆ ਹੈ। ਜਾਖੜ ਨੇ ਕਿਹਾ ਕਿ ਪੰਜਾਬ ’ਚ ਅਮਨ-ਸ਼ਾਂਤੀ ਅਤੇ ਸੂਬੇ ਦੇ ਸੁਨਹਿਰੀ ਭਵਿੱਖ ਲਈ ਭਾਜਪਾ ਨੇ ਇਹ ਫ਼ੈਸਲਾ ਕੀਤਾ ਹੈ। ਉਨ੍ਹਾਂ ਲੰਘੇ ਦਸ ਸਾਲਾਂ ਦੌਰਾਨ ਕਿਸਾਨਾਂ ਦੀਆਂ ਫਸਲਾਂ ਖਰੀਦੇ ਜਾਣ ਅਤੇ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਨੂੰ ਪਾਰਟੀ ਦੀ ਪ੍ਰਾਪਤੀ ਵਜੋਂ ਪੇਸ਼ ਕੀਤਾ। ਜਾਖੜ ਨੇ ਕਿਹਾ ਕਿ ਸਰਹੱਦੀ ਸੂਬੇ ਦੇ ਹਿੱਤ ਵਿਚ ਲਿਆ ਇਹ ਫੈਸਲਾ ਪਹਿਲੀ ਜੂਨ ਨੂੰ ਭਾਜਪਾ ਦੀ ਮਜ਼ਬੂਤੀ ਬਣੇਗਾ। ਦੱਸਣਯੋਗ ਹੈ ਕਿ ਤਿੰਨ ਖੇਤੀ ਕਾਨੂੰਨਾਂ ਦੇ ਮਾਮਲੇ ’ਚ ਸ਼੍ਰੋਮਣੀ ਅਕਾਲੀ ਦਲ ਨੇ ਐੱਨਡੀਏ ’ਚੋਂ ਬਾਹਰ ਆਉਣ ਦਾ ਫ਼ੈਸਲਾ 2020 ਵਿਚ ਕੀਤਾ ਸੀ। ਹ ਸ਼੍ਰੋਮਣੀ ਅਕਾਲੀ ਦਲ ਨੇ 22 ਮਾਰਚ ਨੂੰ ਕੋਰ ਕਮੇਟੀ ਦੀ ਮੀਟਿੰਗ ਵਿਚ ਆਪਣਾ ਪੈਂਤੜਾ ਭਾਜਪਾ ਨੂੰ ਸਪੱਸ਼ਟ ਕਰ ਦਿੱਤਾ ਸੀ। ਅਕਾਲੀ ਲੀਡਰਸ਼ਿਪ ਦਾ ਇੱਕ ਹਿੱਸਾ ਭਾਜਪਾ ਵੱਲੋਂ ਲਗਾਤਾਰ ਕੀਤੀ ਜਾ ਰਹੀ ਅਣਦੇਖੀ ਤੋਂ ਨਾਰਾਜ਼ ਸੀ। ਬੰਦੀ ਸਿੰਘਾਂ ਦੇ ਮਾਮਲੇ ’ਤੇ ਬਣੀ ਕਮੇਟੀ ਨੂੰ ਕੇਂਦਰ ਸਰਕਾਰ ਵੱਲੋਂ ਸਮਾਂ ਨਾ ਦੇਣਾ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀਆਂ ਚਿੱਠੀਆਂ ਦਾ ਕੋਈ ਜੁਆਬ ਨਾ ਦੇਣ ਤੋਂ ਅਕਾਲੀ ਸਫ਼ਾਂ ਨਾਰਾਜ਼ ਸਨ। ਸ਼੍ਰੋਮਣੀ ਅਕਾਲੀ ਦਲ ਨੂੰ ਇਹ ਜਾਪਦਾ ਸੀ ਕਿ ਕਿਸਾਨੀ ਅਤੇ ਪੰਥਕ ਹਿੱਤਾਂ ਨੂੰ ਨਜ਼ਰਅੰਦਾਜ਼ ਕਰਕੇ ਗੱਠਜੋੜ ਕਰਨ ਨਾਲ ਨੁਕਸਾਨ ਹੋ ਸਕਦਾ ਹੈ। ਭਾਜਪਾ ਇਸ ਦਮ ’ਤੇ ਕੁੱਦ ਰਹੀ ਹੈ ਕਿ ਰਾਮ ਮੰਦਰ ਅਤੇ ਪ੍ਰਧਾਨ ਮੰਤਰੀ ਦੇ ਵਿਕਾਸ ਕੰਮਾਂ ਕਰਕੇ ਚੋਣਾਂ ਵਿਚ ਜ਼ਿਆਦਾ ਸਮਰਥਨ ਮਿਲੇਗਾ। ਇਸੇ ਦੌਰਾਨ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਪਾਰਟੀ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਤੇ ਇਕੱਲੇ ਚੋਣ ਲੜਨ ਦਾ ਫੈਸਲਾ ਕੀਤਾ ਹੈ ਜਿਨ੍ਹਾਂ ’ਤੇ ਜਿੱਤ ਹੋਣ ਦਾ ਪੂਰਨ ਯਕੀਨ ਹੈ। ਸੂਤਰਾਂ ਅਨੁਸਾਰ ਗੱਠਜੋੜ ’ਚ ਮੁੱਖ ਪੇਚ ਸੀਟਾਂ ਦੀ ਵੰਡ ਨੂੰ ਲੈ ਕੇ ਫਸਿਆ ਹੋਇਆ ਸੀ। ਭਾਜਪਾ ਨੇ ਛੇ ਸੀਟਾਂ ਦੀ ਮੰਗ ਕੀਤੀ ਜਦਕਿ ਅਕਾਲੀ ਦਲ ਚਾਰ ਸੀਟਾਂ ਦੀ ਪੇਸ਼ਕਸ਼ ਕਰ ਰਿਹਾ ਸੀ।