ਤਖਤ ਕੇਸਗੜ੍ਹ ਸਾਹਿਬ ਵਿਖੇ ਖਾਲਸਈ ਜਾਹੋ ਜਲਾਲ ਨਾਲ ਹੋਲਾ ਮਹੱਲਾ ਸ਼ੁਰੂ

ਤਖਤ ਕੇਸਗੜ੍ਹ ਸਾਹਿਬ ਵਿਖੇ ਖਾਲਸਈ ਜਾਹੋ ਜਲਾਲ ਨਾਲ ਹੋਲਾ ਮਹੱਲਾ ਸ਼ੁਰੂ

ਸ੍ਰੀ ਆਨੰਦਪੁਰ ਸਾਹਿਬ- ਇੱਥੇ ਹਰ ਸਾਲ ਵਾਂਗ ਹੋਲਾ ਮਹੱਲਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਣੇ ਵੱਖ-ਵੱਖ ਗੁਰਦੁਆਰਿਆਂ ਵਿੱਚ ਅਖੰਡ ਪਾਠ ਦੇ ਆਰੰਭ ਹੋਣ ਨਾਲ ਪੂਰੀਆਂ ਖਾਲਸਈ ਰਵਾਇਤਾਂ ਨਾਲ ਸ਼ੁਰੂ ਹੋ ਗਿਆ। ਜ਼ਿਕਰਯੋਗ ਹੈ ਕਿ ਇਸ ਵਾਰ ਹੋਲੇ ਮਹੱਲੇ ਮੌਕੇ ਪਹਿਲੇ ਦਿਨ ਤੋਂ ਹੀ ਲੱਖਾਂ ਦੀ ਗਿਣਤੀ ਵਿੱਚ ਸੰਗਤ ਦੀ ਆਮਦ ਸ਼ੁਰੂ ਹੋ ਚੁੱਕੀ ਹੈ। ਸ਼੍ਰੋਮਣੀ ਕਮੇਟੀ ਦੇ ਅੰਕੜਿਆਂ ਅਨੁਸਾਰ ਸ਼ਰਧਾਲੂਆਂ ਦੀ ਆਮਦ ਪਹਿਲਾਂ ਨਾਲੋਂ ਵੱਧ ਦਰਜ ਕੀਤੀ ਜਾ ਰਹੀ ਹੈ। ਇਸ ਮੌਕੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਭਾਈ ਅਮਰਜੀਤ ਸਿੰਘ ਚਾਵਲਾ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਹਾਜ਼ਰੀ ਭਰੀ। ਇਸ ਮੌਕੇ ਯੂਥ ਅਕਾਲੀ ਦਲ ਵੱਲੋਂ ‘ਮੇਰੀ ਦਸਤਾਰ ਮੇਰੀ ਸ਼ਾਨ’ ਦਸਤਾਰ ਕੈਂਪ ਵੀ ਲਗਾਇਆ ਗਿਆ। ਇਸ ਦਾ ਉਦਘਾਟਨ ਐਡਵੋਕੇਟ ਧਾਮੀ ਵੱਲੋਂ ਕੀਤਾ ਗਿਆ ਜਦਕਿ ਪਹਿਲੇ ਦਿਨ ਹਰ ਸਾਲ ਵਾਂਗ ਨਿਰਮਲ ਭੇਖ ਸੰਤ ਸਮਾਜ ਵੱਲੋਂ ਨਗਰ ਕੀਰਤਨ ਸਜਾਇਆ ਗਿਆ। ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਵੇਂ ਬਣੇ ਪ੍ਰਬੰਧਕੀ ਬਲਾਕ, ਜਥੇਦਾਰ ਦੀ ਰਿਹਾਇਸ਼ ਅਤੇ ਨਵੇਂ ਜੌੜਾ ਘਰ ਦਾ ਰਸਮੀ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਜਥੇਦਾਰ ਸੁਲਤਾਨ ਸਿੰਘ, ਬਾਬਾ ਮਹਿੰਦਰ ਸਿੰਘ ਯੂਕੇ ਵਾਲੇ, ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਰਾਜਿੰਦਰ ਸਿੰਘ ਮਹਿਤਾ ਤੇ ਭਾਈ ਅਮਰਜੀਤ ਸਿੰਘ ਚਾਵਲਾ ਵੱਲੋ ਸਾਂਝੇ ਤੌਰ ’ਤੇ ਕੀਤਾ ਗਿਆ। ਸਮੁੱਚੇ ਮੇਲੇ ਖੇਤਰ ਵਿੱਚ ਡੀਸੀ ਡਾ.ਪ੍ਰੀਤੀ ਯਾਦਵ ਅਤੇ ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ ਆਪਣੀਆਂ ਟੀਮਾਂ ਨਾਲ ਨਾਲ ਨਿਗਰਾਨੀ ਰੱਖ ਰਹੇ ਹਨ।