ਲੋਕ ਸਭਾ ਚੋਣਾਂ: ਭਾਜਪਾ ਨੂੰ ਨਹੀਂ ਮਿਲਿਆ ਬਹੁਮਤ

ਲੋਕ ਸਭਾ ਚੋਣਾਂ: ਭਾਜਪਾ ਨੂੰ ਨਹੀਂ ਮਿਲਿਆ ਬਹੁਮਤ

* ਭਾਜਪਾ ਨੂੰ ਸਿਰਫ਼ 241 ਸੀਟਾਂ ਨਾਲ ਕਰਨਾ ਪਿਆ ਸਬਰ

* ਚੋਣ ਨਤੀਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਵੱਡਾ ਝਟਕਾ

* ਨਾਇਡੂ, ਨਿਤੀਸ਼ ਤੇ ਹੋਰ ਭਾਈਵਾਲ ਕਿੰਗਮੇਕਰ ਦੀ ਭੂਮਿਕਾ ਵਿੱਚ

* ਗੱਠਜੋੜ ਵੱਲੋਂ ਯੂਪੀ, ਮਹਾਰਾਸ਼ਟਰ, ਰਾਜਸਥਾਨ, ਹਰਿਆਣਾ ਤੇ ਕਰਨਾਟਕ ’ਚ ਸ਼ਾਨਦਾਰ ਪ੍ਰਦਰਸ਼ਨ

* ਭਾਜਪਾ ਨੂੰ ਆਂਧਰਾ ਪ੍ਰਦੇਸ਼ ’ਚ ਫਾਇਦਾ, ਕੇਰਲਾ ’ਚ ਖਾਤਾ ਖੁੱਲ੍ਹਿਆ ਤੇ ਉੜੀਸਾ ’ਚ ਹੂੰਝਾ ਫੇਰਿਆ

ਨਵੀਂ ਦਿੱਲੀ,- ਲੋਕ ਸਭਾ ਚੋਣਾਂ ਦੇ ਅਣਕਿਆਸੇ ਰੁਝਾਨ/ਨਤੀਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਵੱਡਾ ਝਟਕਾ ਹਨ। ਇਨ੍ਹਾਂ ਰੁਝਾਨਾਂ ਵਿਚ ਭਾਜਪਾ 241 ਸੀਟਾਂ ਨਾਲ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ ਹੈ ਪਰ ਪ੍ਰਧਾਨ ਮੰਤਰੀ ਦੇ ‘400 ਪਾਰ’ ਦੇ ਦਾਅਵਿਆਂ ਦੀ ਫੂਕ ਨਿਕਲ ਗਈ ਤੇ ਪਾਰਟੀ (ਭਾਜਪਾ) ਆਪਣੇ ਦਮ ’ਤੇ ਸਪਸ਼ਟ ਬਹੁਮਤ ਜੁਟਾਉਣ ਵਿਚ ਵੀ ਨਾਕਾਮ ਰਹੀ। ਰੁਝਾਨਾਂ ਵਿਚ ਐੱਨਡੀਏ ਗੱਠਜੋੜ ਨੂੰ 294 ਸੀਟਾਂ ’ਤੇ ਅੱਗੇ ਦਰਸਾਇਆ ਗਿਆ ਹੈ। ਉਧਰ ਕਾਂਗਰਸ ਦੀ ਅਗਵਾਈ ਵਾਲਾ ‘ਇੰਡੀਆ’ ਗੱਠਜੋੜ 231 ਸੀਟਾਂ ’ਤੇ ਚੜ੍ਹਤ ਬਣਾ ਕੇ ਮਜ਼ਬੂਤ ਤਾਕਤ ਵਜੋਂ ਉਭਰਿਆ ਹੈ। ਗੱਠਜੋੜ ਨੇ ਐਗਜ਼ਿਟ ਪੋਲ ਦੇ ਅਨੁਮਾਨਾਂ ਨੂੰ ਗ਼ਲਤ ਸਾਬਤ ਕਰਦਿਆਂ ਯੂਪੀ, ਮਹਾਰਾਸ਼ਟਰ, ਰਾਜਸਥਾਨ, ਹਰਿਆਣਾ ਤੇ ਕਰਨਾਟਕ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਦੌਰਾਨ ਉੜੀਸਾ ਵਿਚ ਭਾਜਪਾ ਨੇ 147 ਮੈਂਬਰੀ ਅਸੈਂਬਲੀ ਵਿਚ 78 ਸੀਟਾਂ ਜਿੱਤ ਕੇ ਨਵੀਨ ਪਟਨਾਇਕ ਦਾ ਲਗਾਤਾਰ ਛੇਵੀਂ ਵਾਰ ਸਰਕਾਰ ਬਣਾਉਣ ਦਾ ਸੁਫ਼ਨਾ ਤੋੜ ਦਿੱਤਾ। ਬੀਜੇਡੀ ਨੂੰ 51 , ਕਾਂਗਰਸ ਨੂੰ 14 ਤੇ ਹੋਰਾਂ ਨੂੰ 4 ਸੀਟਾਂ ਮਿਲੀਆਂ। ਉਧਰ ਆਂਧਰਾ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ’ਚ ਤੇਲਗੂ ਦੇਸਮ ਪਾਰਟੀ (ਟੀਡੀਪੀ), ਉਸ ਦੇ ਭਾਈਵਾਲ ਜਨਸੈਨਾ ਅਤੇ ਭਾਜਪਾ ਨੇ ਹੂੰਝਾ ਫੇਰ ਜਿੱਤ ਦਰਜ ਕੀਤੀ ਹੈ। ਸੂਬੇ ਦੀਆਂ 175 ਸੀਟਾਂ ’ਚੋਂ ਐੱਨਡੀਏ ਗੱਠਜੋੜ ਨੇ 156 ਸੀਟਾਂ ਜਿੱਤੀਆਂ ਹਨ। ਭਾਜਪਾ ਕੇਰਲਾ ਵਿਚ ਵੀ ਖਾਤਾ ਖੋਲ੍ਹਣ ਵਿਚ ਸਫ਼ਲ ਰਹੀ ਹੈ। ਕਾਂਗਰਸ ਨੇ ਨਸਲੀ ਹਿੰਸਾ ਦੇ ਝੰਬੇ ਮਨੀਪੁਰ ਦੀਆਂ ਦੋਵੇਂ ਲੋਕ ਸਭਾ ਸੀਟਾਂ ਜਿੱਤ ਲਈਆਂ ਹਨ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ ਕਾਂਗਰਸ 7, ਸੱਤਾਧਾਰੀ ‘ਆਪ’ 3, ਸ਼੍ਰੋਮਣੀ ਅਕਾਲੀ ਦਲ ਇਕ ਤੇ ਦੋ ਸੀਟਾਂ ’ਤੇ ਆਜ਼ਾਦ ਉਮੀਦਵਾਰ ਜੇਤੂ ਰਹੇ। ਭਾਜਪਾ ਨੇ ਸਾਰੀਆਂ ਸੀਟਾਂ ’ਤੇ ਉਮੀਦਵਾਰ ਖੜ੍ਹੇ ਕੀਤੇ ਸਨ ਪਰ ਪਾਰਟੀ ਇਕ ਵੀ ਸੀਟ ਜਿੱਤਣ ਵਿਚ ਨਾਕਾਮ ਰਹੀ। ਉਧਰ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੀ ਇਕ ਸੀਟ ਕਾਂਗਰਸ ਤੇ ਆਪ ਦੇ ਸਾਂਝੇ ਉਮੀਦਵਾਰ ਮਨੀਸ਼ ਤਿਵਾੜੀ ਦੀ ਝੋਲੀ ਪਈ। ਤਿਵਾੜੀ ਨੇ ਭਾਜਪਾ ਦੇ ਸੰਜੇ ਟੰਡਨ ਨੂੰ 2504 ਵੋਟਾਂ ਦੇ ਫ਼ਰਕ ਨਾਲ ਹਰਾਇਆ। ਇਸ ਦੌਰਾਨ ਕਾਂਗਰਸ ਆਗੂਆਂ ਨੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਹੋਰ ਚੋਣ ਕਮਿਸ਼ਨਰਾਂ ਨਾਲ ਮੁਲਾਕਾਤ ਕਰਕੇ ਦੋਸ਼ ਲਾਇਆ ਕਿ ਯੂਪੀ ਅਤੇ ਬਿਹਾਰ ’ਚ ਵੋਟਾਂ ਦੀ ਗਿਣਤੀ ਧੀਮੀ ਰਫ਼ਤਾਰ ਨਾਲ ਕੀਤੀ ਜਾ ਰਹੀ ਹੈ। ਵਫ਼ਦ ’ਚ ਸ਼ਾਮਲ ਅਭਿਸ਼ੇਕ ਸਿੰਘਵੀ ਅਤੇ ਸਲਮਾਨ ਖੁਰਸ਼ੀਦ ਨੇ ਇਹ ਵੀ ਮੰਗ ਕੀਤੀ ਕਿ ਹਰੇਕ ਗੇੜ ਦੀ ਗਿਣਤੀ ਮਗਰੋਂ ਅਪਡੇਟ ਨਤੀਜੇ ਚੋਣ ਕਮਿਸ਼ਨ ਦੀ ਵੈੱਬਸਾਈਟ ’ਤੇ ਨਸ਼ਰ ਕੀਤੇ ਜਾਣ।