ਪੰਜਾਬ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਸੂਬੇ ਭਰ ਵਿੱਚ ਤਲਾਸ਼ੀ ਮੁਹਿੰਮ

ਪੰਜਾਬ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਸੂਬੇ ਭਰ ਵਿੱਚ ਤਲਾਸ਼ੀ ਮੁਹਿੰਮ

ਚੰਡੀਗੜ੍ਹ,  ਪੰਜਾਬ ਪੁਲੀਸ ਨੇ ਅੱਜ ਸੂਬੇ ਭਰ ਵਿੱਚ ਨਸ਼ਿਆਂ ਦੇ ਪਛਾਣੇ ਗਏ ਹੌਟਸਪੌਟਸ ਅਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਸਰਚ ਅਪਰੇਸ਼ਨ ਚਲਾਇਆ। ਪੁਲੀਸ ਨੇ ਕਈ ਥਾਈਂ ਚੈਕਿੰਗ ਕੀਤੀ ਤੇ ਸ਼ੱਕੀ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ। ਇਹ ਸਰਚ ਅਪਰੇਸ਼ਨ ਸੂਬੇ ਦੇ ਸਾਰੇ 28 ਪੁਲੀਸ ਜ਼ਿਲ੍ਹਿਆਂ ਵਿੱਚ ਸਵੇਰੇ 11 ਤੋਂ ਦੁਪਹਿਰ 2 ਵਜੇ ਤੱਕ ਚਲਾਇਆ ਗਿਆ। ਇਸ ਮੌਕੇ ਸਾਰੀਆਂ ਰੇਂਜਾਂ ਦੇ ਏਡੀਜੀਪੀਜ਼, ਆਈਜੀ, ਡੀਆਈਜੀ ਅਤੇ ਪੁਲੀਸ ਕਮਿਸ਼ਨਰ ਤੇ ਐੱਸਐੱਸਪੀ ਵੀ ਮੌਜੂਦ ਰਹੇ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਤਲਾਸ਼ੀ ਮੁਹਿੰਮ ਦੌਰਾਨ 3000 ਤੋਂ ਵੱਧ ਪੁਲੀਸ ਮੁਲਾਜ਼ਮਾਂ ਦੀਆਂ 450 ਤੋਂ ਵੱਧ ਟੀਮਾਂ ਨੇ ਸੂਬੇ ਭਰ ਦੇ 280 ਡਰੱਗ ਹੌਟਸਪੌਟਸ ’ਤੇ ਚੈਕਿੰਗ ਕੀਤੀ। ਇਸ ਦੌਰਾਨ ਪੁਲੀਸ ਨੇ 140 ਕੇਸ ਦਰਜ ਕਰਕੇ 166 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਟੀਮਾਂ ਨੇ 2.7 ਕਿਲੋਗ੍ਰਾਮ ਹੈਰੋਇਨ, 1.50 ਲੱਖ ਰੁਪਏ ਡਰੱਗ ਮਨੀ, 12.2 ਕਿਲੋ ਭੁੱਕੀ, 5,820 ਨਸ਼ੀਲੀਆਂ ਗੋਲੀਆਂ ਅਤੇ ਭਾਰੀ ਮਾਤਰਾ ਵਿੱਚ ਸ਼ਰਾਬ ਤੇ ਲਾਹਣ ਬਰਾਮਦ ਕੀਤਾ ਹੈ। ਪੁਲੀਸ ਨੇ 16 ਮੋਟਰਸਾਈਕਲ ਤੇ ਤਿੰਨ ਕਾਰਾਂ ਵੀ ਜ਼ਬਤ ਕੀਤੀਆਂ ਹਨ। ਸ੍ਰੀ ਸ਼ੁਕਲਾ ਨੇ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਸਰਹੱਦੀ ਸੂਬੇ ਤੋਂ ਨਸ਼ਿਆਂ ਦੇ ਖ਼ਾਤਮੇ ਲਈ ਤਿੰਨ ਪੱਖੀ ਰਣਨੀਤੀ ਅਪਣਾਈ ਗਈ ਹੈ ਜਿਸ ਤਹਿਤ ਐਨਫੋਰਸਮੈਂਟ, ਡੀ-ਐਡਿਕਸ਼ਨ ਅਤੇ ਪ੍ਰੀਵੈਂਸ਼ਨ ’ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਐਨਫੋਰਸਮੈਂਟ ਤਹਿਤ ਪੁਲੀਸ ਵੱਲੋਂ ਛੋਟੇ ਨਸ਼ਾ ਤਸਕਰਾਂ ਨੂੰ ਨਾਮਜ਼ਦ ਕਰ ਕੇ ਨਸ਼ੇ ਦੀ ਸਪਲਾਈ ਚੇਨ ਤੋੜੀ ਜਾਵੇਗੀ। ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਸਰਹੱਦ ਦੇ ਨਾਲ-ਨਾਲ ਸੁਰੱਖਿਆ ਦੀ ਦੂਜੀ ਕਤਾਰ ਨੂੰ ਵੀ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲੀਸ ਅਧਿਕਾਰੀਆਂ ਨੂੰ ਐੱਨਡੀਪੀਐਸ ਐਕਟ ਤਹਿਤ ਦਰਜ ਕੀਤੇ ਸਾਰੇ ਕੇਸਾਂ ਦੇ ਅਗਲੇ ਤੇ ਪਿਛਲੇ ਸਬੰਧਾਂ ਨੂੰ ਘੋਖਣ ਤੇ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਜੇਲ੍ਹਾਂ ਵਿੱਚ ਬੰਦ ਸਾਰੇ ਨਸ਼ਾ ਤਸਕਰਾਂ ’ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸਾਲ 2017 ਤੋਂ ਹੁਣ ਤੱਕ ਹੈਰੋਇਨ ਦੀ ਬਰਾਮਦਗੀ ਵਿੱਚ 5.6 ਗੁਣਾ ਵਾਧਾ ਹੋਇਆ ਹੈ।