
ਰਵਾਇਤੀ ਪਾਰਟੀਆਂ ਨੇ ਸਿੱਖਿਆ ਤੇ ਰੁਜ਼ਗਾਰ ਦੇ ਖੇਤਰ ਨੂੰ ਅਣਗੌਲਿਆਂ ਕੀਤਾ: ਮਾਨ * ‘ਆਪ’ ਵੱਲੋਂ 36 ਮਹੀਨਿਆਂ ’ਚ 55 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਦਾ ਦਾਅਵਾ
ਚੰਡੀਗੜ੍ਹ,(ਪੰਜਾਬੀ ਰਾਈਟਰ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਮਿਸ਼ਨ ਰੁਜ਼ਗਾਰ’ ਤੇ ਸਿੱਖਿਆ ਕ੍ਰਾਂਤੀ ਵਿੱਚ ਵੱਡਾ ਕਦਮ ਚੁੱਕਦਿਆਂ 700 ਨਵ-ਨਿਯੁਕਤ ਈਟੀਟੀ ਅਧਿਆਪਕਾਂ ਨੂੰ ਚੰਡੀਗੜ੍ਹ ’ਚ ਸਥਿਤ ਟੈਗੋਰ ਥੀਏਟਰ ਵਿੱਚ ਨਿਯੁਕਤੀ ਪੱਤਰ ਸੌਂਪੇ ਹਨ। ਇਸ ਮੌਕੇ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ‘ਆਪ’ ਸਰਕਾਰ ਨੇ 36 ਮਹੀਨਿਆਂ ਦੇ ਕਾਰਜਕਾਲ ਦੌਰਾਨ 55 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਲੰਬੇ ਸਮੇਂ ਦੇ ਸ਼ਾਸਨ ਦੌਰਾਨ ਪੰਜਾਬ ਵਿੱਚ ਰੁਜ਼ਗਾਰ ਤੇ ਸਿੱਖਿਆ ਦੇ ਖੇਤਰ ਨੂੰ ਪੁੂਰੀ ਤਰ੍ਹਾਂ ਅਣਗੌਲਿਆਂ ਕੀਤਾ। ਇਸੇ ਕਰ ਕੇ ਸੂਬੇ ਦੇ ਸਰਕਾਰੀ ਸਕੂਲਾਂ ਦੀ ਹਾਲਤ ਮਾੜੀ ਸੀ। ਇਸ ਨੂੰ ਠੀਕ ਕਰਨ ਵਿੱਚ ਸਰਕਾਰ ਦੇ ਤਿੰਨ ਸਾਲ ਲੱਗ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਨੌਕਰੀਆਂ ਤੋਂ ਵਾਂਝਾ ਕਰ ਦਿੱਤਾ ਸੀ। ਹਾਲਾਂਕਿ ਜਿਨ੍ਹਾਂ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਤੋਂ ਇਨਕਾਰ ਕੀਤਾ ਸੀ, ਉਨ੍ਹਾਂ ਸਿਆਸਤਦਾਨਾਂ ਨੂੰ ਲੋਕਾਂ ਨੇ ‘ਬੇਰੁਜ਼ਗਾਰ’ ਕਰ ਦਿੱਤਾ ਹੈ।
ਸ੍ਰੀ ਮਾਨ ਨੇ ਕਿਹਾ ਕਿ ਪਿਛਲੇ ਸ਼ਾਸਕਾਂ ਨੇ ਪੰਜਾਬੀਆਂ ਦੀ ਮਾਨਸਿਕਤਾ ਨੂੰ ਵਲੂੰਧਿਆ ਤੇ ਸੂਬੇ ਵਿੱਚ ਮਾਫੀਆ ਨੂੰ ਸਰਪ੍ਰਸਤੀ ਦੇਣ ਨਾਲ-ਨਾਲ ਖਜ਼ਾਨੇ ਦੀ ਲੁੱਟ ਕੀਤੀ। ‘ਆਪ’ ਪਿਛਲੀਆਂ ਸਰਕਾਰਾਂ ਦੇ ਕਚਰੇ ਨੂੰ ਸਾਫ਼ ਕਰ ਰਹੀ ਹੈ ਤੇ ਹੁਣ ‘ਰੰਗਲਾ ਪੰਜਾਬ’ ਬਣਾਉਣ ’ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਾਰੇ ਖੇਤਰਾਂ ਵਿੱਚ ਪੂਰੀ ਤਰ੍ਹਾਂ ਸੁਧਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰ ਦੀ ਤਕਨੀਕ ਨਾਲ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ ਅਤੇ ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਰਿਹਾ ਹੈ। ਹਰ ਭ੍ਰਿਸ਼ਟ ਅਧਿਕਾਰੀ ਨੂੰ ਨੱਥ ਪਾਈ ਜਾਵੇਗੀ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸਾਰੇ ਸਕੂਲਾਂ ’ਚ ਅਧਿਆਪਕ ਤਾਇਨਾਤ ਕਰਾਂਗੇ: ਬੈਂਸ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਮਿਸਾਲੀ ਕੰਮ ਕੀਤੇ ਜਾ ਰਹੇ ਹਨ। ਪਹਿਲਾਂ ਸਰਕਾਰ ਨੇ ਸਕੂਲਾਂ ਦੇ ਬੁਨਿਆਦੀ ਢਾਂਚੇ ਦਾ ਸੁਧਾਰ ਕੀਤਾ ਹੈ ਜਿਸ ਤੋਂ ਬਾਅਦ ਹੁਣ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਭਰੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਭਰਤੀ ਨਾਲ ਪੰਜਾਬ ਦੇ ਕਿਸੇ ਵੀ ਸਕੂਲ ਨੂੰ ਅਧਿਆਪਕ ਰਹਿਤ ਨਹੀਂ ਰਹਿਣ ਦਿੱਤਾ ਜਾਵੇਗਾ।
ਨਵ-ਨਿਯੁਕਤ ਅਧਿਆਪਕਾਂ ਤੋਂ ਸਹਿਯੋਗ ਦੀ ਮੰਗ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵ-ਨਿਯੁਕਤ ਅਧਿਆਪਕਾਂ ਨੂੰ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਤਾਂ ਜੋ ਉਹ ਨਸ਼ਿਆਂ ਤੋਂ ਦੂਰ ਰਹਿ ਸਕਣ।