ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਤੋਂ ਅਸਤੀਫ਼ਾ ਮੰਗਿਆ

ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਤੋਂ ਅਸਤੀਫ਼ਾ ਮੰਗਿਆ

‘ਆਪ’ ਦੀ ਢਾਈ ਸਾਲ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ; ਕਾਨੂੰਨ ਵਿਵਸਥਾ ਕਾਇਮ ਰੱਖਣ ਵਿੱਚ ਸਰਕਾਰ ਨਾਕਾਮ: ਕਲੇਰ
ਚੰਡੀਗੜ੍ਹ,(ਪੰਜਾਬੀ ਰਾਈਟਰ)- ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਢਾਈ ਸਾਲ ਮੁਕੰਮਲ ਹੋਣ ’ਤੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਕਲੇਰ ਨੇ ਕਿਹਾ ਕਿ ‘ਆਪ’ ਸਰਕਾਰ ਸੂਬੇ ਵਿੱਚ ਕਾਨੂੰਨ ਵਿਵਸਥਾ ਕਾਇਮ ਰੱਖਣ, ਨਸ਼ੇ ਰੋਕਣ, ਕਿਸਾਨਾਂ ਦੇ ਹਾਲਾਤ ਸੁਧਾਰਨ, ਸਿਹਤ ਅਤੇ ਸਿੱਖਿਆ ਖੇਤਰ ਵਿੱਚ ਸੁਧਾਰ ਕਰਨ ’ਚ ਬੁਰੀ ਤਰ੍ਹਾਂ ਨਾਕਾਮ ਹੋਈ ਹੈ। ‘ਆਪ’ ਸਰਕਾਰ ਨੇ ਢਾਈ ਸਾਲਾਂ ਦੌਰਾਨ ਪੰਜਾਬ ਤੇ ਪੰਜਾਬੀਆਂ ਲਈ ਕੁਝ ਨਹੀਂ ਕੀਤਾ, ਬਲਕਿ ਪੰਜਾਬ ਨੂੰ ਕਰਜ਼ੇ ਦੇ ਜਾਲ ’ਚ ਫਸਾ ਦਿੱਤਾ ਹੈ।

ਸ੍ਰੀ ਕਲੇਰ ਨੇ ਕਿਹਾ ਕਿ ਪੰਜਾਬ ’ਚ ਗੈਂਗਸਟਰਾਂ ਦਾ ਰਾਜ ਚੱਲ ਰਿਹਾ ਹੈ, ਜਿਨ੍ਹਾਂ ਵੱਲੋਂ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋਕਾਂ ਤੋਂ ਫਿਰੌਤੀਆਂ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਕਤਲ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਕਿਸਾਨੀ ਵੀ ਸੰਕਟ ਵਿੱਚ ਘਿਰੀ ਹੋਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾਅਵਾ ਕਰਦੇ ਸਨ ਕਿ ਕਿਸਾਨਾਂ ਨੂੰ ਗਿਰਦਾਵਰੀ ਸ਼ੁਰੂ ਹੋਣ ਤੋਂ ਪਹਿਲਾਂ ਮੁਆਵਜ਼ਾ ਦਿੱਤਾ ਜਾਵੇਗਾ ਪਰ ਹਾਲੇ ਤੱਕ ਕਿਸਾਨਾਂ ਨੂੰ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਨਹੀਂ ਮਿਲਿਆ। ਸਿਹਤ ਤੇ ਸਿੱਖਿਆ ਖੇਤਰ ਦੇ ਹਾਲਾਤ ਵੀ ਲੋਕਾਂ ਦੇ ਸਾਹਮਣੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ ਜੋ ਆਮ ਆਦਮੀ ਦੇ ਕਿਸੇ ਕੰਮ ਦੇ ਨਹੀਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਲਾਜ ਵਾਸਤੇ ਆਮ ਆਦਮੀ ਕਲੀਨਿਕ ਜਾਂ ਸਥਾਨਕ ਸਿਹਤ ਕੇਂਦਰਾਂ ਦੀ ਥਾਂ ਦਿੱਲੀ ਦੇ ਹਸਪਤਾਲ ਵਿੱਚ ਹਵਾਈ ਜਹਾਜ਼ ਰਾਹੀਂ ਲਿਜਾਣਾ ਪਿਆ ਹੋਵੇ। ਇਸ ਤੋਂ ਸਪਸ਼ਟ ਹੁੰਦਾ ਹੈ ਕਿ ਸੂਬੇ ’ਚ ਸਥਾਨਕ ਸਿਹਤ ਕੇਂਦਰਾਂ ਦੇ ਹਾਲਾਤ ਕਿਹੋ ਜਿਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਨੇ ਕਿਹਾ ਕਿ ਢਾਈ ਸਾਲਾਂ ਵਿੱਚ ਪੰਜਾਬ ਸਿਰ ਇਕ ਲੱਖ ਕਰੋੜ ਰੁਪਏ ਦਾ ਨਵਾਂ ਕਰਜ਼ਾ ਚੜ੍ਹ ਗਿਆ ਹੈ, ਜਦੋਂ ਕਿ ਸੂਬੇ ਵਿੱਚ ਕੋਈ ਵੀ ਨਵਾਂ ਕਾਲਜ ਜਾਂ ਹਸਪਤਾਲ ਨਹੀਂ ਬਣਿਆ। ਇਸ ਦੇ ਬਾਵਜੂਦ ਸੂਬੇ ਸਿਰ ਕਰਜ਼ਾ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ।

ਸੰਸਦ ਮੈਂਬਰ ਕੰਗਨਾ ਰਣੌਤ ਖ਼ਿਲਾਫ਼ ਕਾਰਵਾਈ ਮੰਗੀ
ਅਰਸ਼ਦੀਪ ਕਲੇਰ ਨੇ ਕਿਹਾ ਕਿ ਅਦਾਕਾਰਾ ਤੇ ਸੰਸਦ ਮੈਂਬਰ ਕੰਗਨਾ ਰਣੌਤ ਦਾ ਮਾਨਸਿਕ ਤਵਾਜ਼ਨ ਵਿਗੜ ਗਿਆ ਹੈ। ਇਸੇ ਕਰਕੇ ਉਹ ਸਮਾਜ ਵਿੱਚ ਫੁੱਟ ਪਾਉਣ ਲਈ ਬਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹਾਈਕਮਾਂਡ ਕੰਗਨਾ ਰਣੌਤ ’ਤੇ ਕਾਰਵਾਈ ਕਰਨ ਦੀ ਥਾਂ ਉਸ ਦਾ ਸਾਥ ਦੇ ਰਹੀ ਹੈ। ਕੰਗਨਾ ਰਣੌਤ ਵਿਰੁੱਧ ਤਾਂ ਐੱਨਐੱਸਏ ਲਗਾ ਕੇ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।